ਅੰਮ੍ਰਿਤਸਰ – ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚਣ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਿਸਟਰ ਜਸਟਿਨ ਟਰੂਡੋ ਦਾ ਸਮੁੱਚੇ ਸੰਸਾਰ ਦੇ ਸਿੱਖਾਂ ਵੱਲੋਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੇ ਸ਼ਾਨਦਾਰ ਸਵਾਗਤ ਕੀਤਾ। ਜਿਉਂ ਹੀ ਜਸਟਿਨ ਟਰੂਡੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਅਕਾਲੀ ਸਰਕਾਰ ਸਮੇਂ ਬਣੇ ਸੁੰਦਰ ਪਲਾਜ਼ਾ ਵਿਖੇ ਪਹੁੰਚੇ ਤਾਂ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਫੁੱਲਾਂ ਦੇ ਗੁਲਦਸਤਿਆਂ ਨਾਲ ਭਰਪੂਰ ਸਵਾਗਤ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਸਵਾਗਤ ਕਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਉਚੇਚੇ ਤੌਰ’ਤੇ ਮੌਜੂਦ ਸਨ। ਜਸਟਿਨ ਟਰੂਡੋ ਠੀਕ ੧੧:੫੫ ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਸੋਫੀ ਟਰੂਡੋ, ਬੇਟੀ ਅੇਲਾਗ੍ਰੇਸ ਤੇ ਇੱਕ ਬੇਟਾ ਵੀ ਮੌਜੂਦ ਸਨ। ਇਸ ਤੋਂ ਇਲਾਵਾ ਕੈਨੇਡਾ ਸਰਕਾਰ ਦੇ ਚਾਰ ਸਿੱਖ/ਪੰਜਾਬੀ ਮੰਤਰੀ ਹਰਜੀਤ ਸਿੰਘ ਸੱਜਣ, ਨਵਦੀਪ ਸਿੰਘ ਬੈਂਸ, ਅਮਰਜੀਤ ਸਿੰਘ ਸੋਹੀ ਤੇ ਬਰਦੀਸ਼ ਕੌਰ ਚੱਗਰ ਸਮੇਤ ਹੋਰ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਵੀ ਉਨ੍ਹਾਂ ਦੇ ਨਾਲ ਸਨ। ਜਸਟਿਨ ਟਰੂਡੋ ਨੇ ਪੰਜਾਬੀ ਰਵਾਇਤੀ ਕਰੀਮ ਰੰਗ ਦਾ ਕੁੜਤਾ ਪਜ਼ਾਮਾ ਪਹਿਨਿਆ ਹੋਇਆ ਸੀ। ਉਨ੍ਹਾਂ ਦੀ ਪਤਨੀ ਅਤੇ ਬੱਚੇ ਵੀ ਰਵਾਇਤੀ ਪੰਜਾਬੀ ਪਹਿਰਾਵੇ ਵਿਚ ਸਨ। ਘੰਟਾ ਘਰ ਬਾਹੀ ਮੁੱਖ ਪ੍ਰਵੇਸ਼ ਦੁਆਰ ਤੋਂ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾ ਵਿਚ ਉੱਤਰਦਿਆਂ ਹੀ ਕੈਨੇਡੀਅਨ ਪ੍ਰਧਾਨ ਮੰਤਰੀ ਅਤੇ ਉਸ ਦੇ ਪਰਿਵਾਰ ਨੇ ਕੁਝ ਪਲ ਰੁਕ ਕੇ ਰੂਹਾਨੀ ਵਾਤਾਵਰਣ ਨੂੰ ਮਹਿਸੂਸ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਉਹ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿਖੇ ਗਏ, ਜਿਥੇ ਉਨ੍ਹਾਂ ਨੇ ਪ੍ਰਸ਼ਾਦੇ ਤਿਆਰ ਕਰਨ ਦੀ ਸੇਵਾ ਕੀਤੀ। ਉਹ ੧੨:੧੦ ਤੇ ਲੰਗਰ ਘਰ ਪਹੁੰਚੇ ਅਤੇ ੧੨:੨੦ ਤੱਕ ਉਥੇ ਰਹੇ।
ਇਸ ਤੋਂ ਬਾਅਦ ਜਸਟਿਨ ਟਰੂਡੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਤਿਕਾਰ ਭੇਟ ਕਰਦਿਆਂ ਜਿਥੇ ਕੜਾਹਿ ਪ੍ਰਸ਼ਾਦਿ ਦੀ ਦੇਗ ਕਰਵਾਈ, ਉਥੇ ਹੀ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਰੁਮਾਲਾ ਸਾਹਿਬ ਵੀ ਭੇਟ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗੰ੍ਰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ, ਫੁੱਲਾਂ ਦਾ ਹਾਰ ਅਤੇ ਗੁਲਦਸਤਾ ਗੁਰੂ ਬਖ਼ਸ਼ਿਸ਼ ਵਜੋਂ ਦਿੱਤਾ। ਇਸ ਤੋਂ ਇਲਾਵਾ ਸਿੰਘ ਸਾਹਿਬ ਨੇ ਪ੍ਰਧਾਨ ਮੰਤਰੀ ਦੇ ਪਰਿਵਾਰ ਸਮੇਤ ਸਿੱਖ/ਪੰਜਾਬੀ ਮੰਤਰੀਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵੀ ਸਿਰੋਪਾਓ ਦੀ ਬਖ਼ਸ਼ਿਸ ਕੀਤੀ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਨੇ ਜਸਟਿਨ ਟਰੂਡੋ ਤੇ ਉਨ੍ਹਾਂ ਦੇ ਪਰਿਵਾਰ ਨੂੰ ਪਰਕਰਮਾ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਇਥੇ ਸਥਿਤ ਹੋਰ ਪਾਵਨ ਅਸਥਾਨਾਂ ਦੇ ਇਤਿਹਾਸ, ਧਾਰਮਿਕ ਅਤੇ ਸਮਾਜਿਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ, ਜਿਸ ਨੂੰ ਉਨ੍ਹਾਂ ਗੰਭੀਰਤਾ ਨਾਲ ਸੁਣਿਆ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਜਸਟਿਨ ਟਰੂਡੋ ਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸਨਮਾਨਿਤ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਵਿਚ ਉਨ੍ਹਾਂ ਨੂੰ ਸਿਰੋਪਾਓ, ਲੋਈ, ਸੁਨਹਿਰੀ ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਧਾਰਮਿਕ ਪੁਸਤਕਾਂ ਜਿਨ੍ਹਾਂ ਵਿਚ ਸ. ਰਣਜੋਧ ਸਿੰਘ, ਟੀ. ਪੀ. ਸਿੰਘ ਅਤੇ ਡਾ. ਰੂਪ ਸਿੰਘ ਦੀਆਂ ਸਚਿੱਤਰ ਪੁਸਤਕਾਂ ਵੀ ਸ਼ਾਮਲ ਸਨ, ਦਾ ਸੈੱਟ ਦਿੱਤਾ ਗਿਆ। ਇਸ ਦੌਰਾਨ ਜਸਟਿਨ ਟਰੂਡੋ ਦੇ ਪਰਿਵਾਰ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਵਿਜ਼ਟਰ ਬੁੱਕ ਵਿਚ ਲਿਖਿਆ ਕਿ ‘ਉਨ੍ਹਾਂ ਲਈ ਵੱਡੇ ਮਾਣ ਦੀ ਗੱਲ ਹੈ ਕਿ ਉਨ੍ਹਾਂ ਨੂੰ ਇੱਕ ਖ਼ੂਬਸੂਰਤ ਅਤੇ ਮਹਾਨ ਪਾਵਨ ਅਸਥਾਨ ਦੇ ਦਰਸ਼ਨ ਕਰਨ ਸਮੇਂ ਬੇਹੱਦ ਸਤਿਕਾਰ ਪ੍ਰਾਪਤ ਹੋਇਆ ਹੈ। ਇਥੇ ਨਤਮਸਤਕ ਹੋ ਕੇ ਸਾਨੂੰ ਪ੍ਰਭੂ ਕਿਰਪਾ ਅਤੇ ਨਿਮਰਤਾ ਦਾ ਅਨੁਭਵ ਮਹਿਸੂਸ ਹੋਇਆ ਹੈ।’