ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਮੈਂਬਰ ਡਾ. ਪਰਮਵੀਰ ਸਿੰਘ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਤਿਆਰ ਕੀਤੀਆਂ ਜਾਣ ਵਾਲੀਆਂ ਪਾਠ ਪੁਸਤਕਾਂ ਲਈ ਬਣਾਈ ਗਈ ਕਮੇਟੀ ਵਿਚ ਮੈਂਬਰ ਲਿਆ ਗਿਆ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਅਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਸ. ਬੇਦੀ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਪੱਤਰ ਲਿਖਿਆ ਗਿਆ ਸੀ, ਜਿਸ ਵਿਚ ਬੋਰਡ ਦੀਆਂ ਪਾਠ ਪੁਸਤਕਾਂ ਲਈ ਗਠਿਤ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦਾ ਨੁਮਾਇੰਦਾ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪਾਠ ਪੁਸਤਕਾਂ ਵਿਚ ਅਕਸਰ ਹੀ ਸਿੱਖ ਧਰਮ ਅਤੇ ਇਤਿਹਾਸ ਬਾਰੇ ਜਾਣਕਾਰੀ ਦੇਣ ਸਮੇਂ ਗਲਤ ਇੰਦਰਾਜ ਦੇ ਦਿੱਤੇ ਜਾਂਦੇ ਹਨ, ਜਿਸ ਨਾਲ ਵਿਦਿਆਰਥੀਆਂ ਤਕ ਗਲਤ ਜਾਣਕਾਰੀ ਪੁੱਜਦੀ ਹੈ। ਉਨ੍ਹਾਂ ਕਿਹਾ ਕਿ ਇਸੇ ਸਬੰਧ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਸ਼੍ਰੋਮਣੀ ਕਮੇਟੀ ਦਾ ਇਕ ਨੁਮਾਇੰਦਾ ਪਾਠ ਪੁਸਤਕਾਂ ਦੀ ਕਮੇਟੀ ਵਿਚ ਸ਼ਾਮਲ ਕਰਨ ਲਈ ਕਿਹਾ ਗਿਆ ਸੀ ਅਤੇ ਬੋਰਡ ਨੇ ਸ਼੍ਰੋਮਣੀ ਕਮੇਟੀ ਦੀ ਮੰਗ ‘ਤੇ ਗੌਰ ਕਰਦਿਆਂ ਡਾ. ਪਰਮਵੀਰ ਸਿੰਘ ਨੂੰ ਕਮੇਟੀ ਵਿਚ ਮੈਂਬਰ ਵਜੋਂ ਲੈ ਲਿਆ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਇਸ ਲਈ ਧੰਨਵਾਦ ਵੀ ਕੀਤਾ।
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਾਠ ਪੁਸਤਕਾਂ ਦੀ ਕਮੇਟੀ ‘ਚ ਸ਼੍ਰੋਮਣੀ ਕਮੇਟੀ ਦਾ ਨੁਮਾਇੰਦਾ ਵੀ ਸ਼ਾਮਿਲ ਕੀਤਾ
This entry was posted in ਪੰਜਾਬ.