ਅੰਮ੍ਰਿਤਸਰ – ਸੋਸ਼ਲ ਮੀਡੀਆ ‘ਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਤੌਹੀਨ ਦਾ ਚਲਣ ਠੀਕ ਨਹੀਂ ਹੈ ਅਤੇ ਅਜਿਹਾ ਕਰਨ ਵਾਲੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਰੀ ਇਕ ਬਿਆਨ ਰਾਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸੋਸ਼ਲ ਮੀਡੀਆ ‘ਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇੰਟਰਨੈੱਟ ਵਿਭਾਗ ਰਾਹੀਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਅਜਿਹਾ ਕਰਨ ਵਾਲਾ ਕੌਣ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਸਾਈਬਰ ਕਰਾਈਮ ਵਿਭਾਗ ਰਾਹੀਂ ਅਜਿਹੇ ਲੋਕਾਂ ‘ਤੇ ਨਜ਼ਰ ਰੱਖੀ ਜਾਵੇ, ਜੋ ਧਾਰਮਿਕ ਭਾਵਨਾਵਾਂ ਭੜਕਾ ਕੇ ਸੂਬੇ ਦੀ ਅਮਨ-ਸ਼ਾਂਤੀ ਖ਼ਰਾਬ ਕਰਨਾ ਚਾਹੁੰਦੇ ਹਨ। ਇਸੇ ਦੌਰਾਨ ਉਨ੍ਹਾਂ ਕਿਹਾ ਕਿ ‘ਦਾ ਟੋਪ ਟੈਨਜ਼ ਡਾਟ ਕਾਮ’ ਨਾਂ ਦੀ ਵੈੱਬਸਾਈਟ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਦੁਨਿਆਵੀ ਲੋਕਾਂ ਦੀ ਸੂਚੀ ਵਿਚ ਸ਼ਾਮਲ ਕਰਕੇ ਮਹਾਨ ਵਿਅਕਤੀ ਦੀ ਚੋਣ ਕਰਨ ਲਈ ਵੋਟਿੰਗ ਕਰਵਾਉਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਵਡਿਆਈ ਨੂੰ ਘੱਟ ਕਰਨ ਦਾ ਯਤਨ ਕਰਨ ਵਾਲੀ ਇਸ ਵੈੱਬਸਾਈਟ ਦੇ ਸੰਚਾਲਕਾਂ ਵਿਰੁੱਧ ਵੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਸਬੰਧੀ ਪੰਜਾਬ ਸਰਕਾਰ ਨਾਲ ਵੀ ਰਾਬਤਾ ਕੀਤਾ ਜਾਵੇਗਾ।
ਸੋਸ਼ਲ ਮੀਡੀਆ ‘ਤੇ ਗੁਰੂ ਸਾਹਿਬਾਨ ਨੂੰ ਛੁਟਿਆ ਕੇ ਪੇਸ਼ ਕਰਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ
This entry was posted in ਪੰਜਾਬ.