ਲੋਹਗੜ੍ਹ ਸਾਹਿਬ – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਥਾਪਤ ਕੀਤੀ ਸਿੱਖ ਰਾਜ ਦੀ ਪਹਿਲੀ ਰਾਜਧਾਨੀ ਕਿਲ੍ਹਾ ਲੋਹਗੜ੍ਹ ਸਾਹਿਬ, ਯਮੁਨਾਨਗਰ (ਹਰਿਆਣਾ) ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋਹਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਦੇ ਹਰਿਆਣਾ ਨਾਲ ਸਬੰਧਤ ਮੈਂਬਰਾਂ ਦੇ ਯਤਨਾਂ ਨਾਲ ਹੋਏ ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਥਾਪਤ ਕੀਤਾ ਪਹਿਲਾ ਖ਼ਾਲਸਾ ਰਾਜ ਗੁਰੂ ਸਾਹਿਬਾਨ ਦੇ ਮਨੁੱਖਤਾ ਨੂੰ ਸਰੀਰਕ ਤੇ ਆਤਮਿਕ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਦਿੱਤੇ ਪਰਉਪਕਾਰੀ ਸਿਧਾਂਤਾਂ ਦਾ ਹੀ ਅਮਲ ਸੀ ਅਤੇ ਖ਼ਾਲਸਾ ਰਾਜ ਦੀ ਪਹਿਲੀ ਰਾਜਧਾਨੀ ਲੋਹਗੜ੍ਹ ਸਾਹਿਬ ਅੱਜ ਵੀ ਸਾਨੂੰ ਜਬਰ ਜ਼ੁਲਮ ਤੇ ਬੇਇਨਸਾਫ਼ੀ ਦੇ ਖ਼ਿਲਾਫ਼ ਲੜਨ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਖ਼ਾਲਸਾ ਰਾਜ ਦੀ ਰਾਜਧਾਨੀ ਕਿਲ੍ਹਾ ਲੋਹਗੜ੍ਹ ਸਾਹਿਬ ਦਾ ਸਥਾਪਨਾ ਦਿਵਸ ਵਿਸ਼ਾਲ ਪੱਧਰ ਉੱਤੇ ਮਨਾਇਆ ਜਾਇਆ ਕਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਅਸਥਾਨ ਦੇ ਵਿਕਾਸ ਲਈ ੧੦ ਏਕੜ ਜਗ੍ਹਾ ਵਿਚ ਗੁਰਦੁਆਰਾ ਸਾਹਿਬ ਦੇ ਨਿਰਮਾਣ ਦਾ ਕਾਰਜ ਚੱਲ ਰਿਹਾ ਹੈ ਅਤੇ ਜਲਦੀ ਹੀ ਚਾਰ ਦੀਵਾਰੀ ਦਾ ਕੰਮ ਵੀ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਹਗੜ੍ਹ ਸਾਹਿਬ ਦੇ ਵਿਕਾਸ ਵਿਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਹੋਰ ਜਗ੍ਹਾ ਵੀ ਖਰੀਦੀ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਰਾਜ ਦੀ ਪਹਿਲੀ ਰਾਜਧਾਨੀ ਦਾ ਸਥਾਪਨਾ ਦਿਵਸ ਮਨਾਉਣ ਦੇ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ, ਉਥੇ ਹੀ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦਾ ਰਾਜ ਆਪਣੇ ਆਪ ਵਿਚ ਇਕ ਮਿਸਾਲ ਸੀ, ਕਿਉਂਕਿ ਉਨ੍ਹਾਂ ਵੱਲੋਂ ਸਥਾਪਤ ਕੀਤੇ ਖ਼ਾਲਸਾ ਰਾਜ ਵਿਚ ਸਭ ਦਾ ਸਤਿਕਾਰ, ਭਾਈਚਾਰਕ ਸਾਂਝ ਅਤੇ ਆਪਸੀ ਮਿਲਵਰਤਣ ਕਾਇਮ ਸੀ। ਉਨ੍ਹਾਂ ਕਿਹਾ ਕਿ ਖ਼ਾਲਸਾ ਰਾਜ ਦੀ ਪਹਿਲੀ ਰਾਜਧਾਨੀ ਲੋਹਗੜ੍ਹ ਸਾਹਿਬ ਦਾ ਸਥਾਪਨਾ ਦਿਵਸ ਮਨਾਉਣ ਦਾ ਮਕਸਦ ਸਾਨੂੰ ਆਪਣੇ ਇਤਿਹਾਸ ਤੋਂ ਸੇਧ ਲੈ ਕੇ ਸਮਾਜ ਅੰਦਰ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਲਈ ਲਾਮਬੰਦ ਹੋਣ ਲਈ ਪ੍ਰੇਰਿਤ ਕਰਨਾ ਹੈ। ਸ. ਬਾਦਲ ਨੇ ਕਿਹਾ ਕਿ ਕੁਝ ਲੋਕ ਸਿੱਖ ਕੌਮ ਨੂੰ ਪਾੜਨ ਦੇ ਯਤਨ ਵਿਚ ਹਨ, ਜਿਨ੍ਹਾਂ ਤੋਂ ਸੁਚੇਤ ਰਹਿਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਮੇਸ਼ਾ ਸਿੱਖ ਮਸਲਿਆਂ ਦੀ ਪੈਰਵਾਈ ਲਈ ਮੋਹਰੀ ਰੋਲ ਅਦਾ ਕੀਤਾ ਜਾਂਦਾ ਰਿਹਾ ਹੈ ਅਤੇ ਜਦੋਂ ਵੀ ਦੇਸ਼-ਵਿਦੇਸ਼ ਵਿਚ ਸਿੱਖ ਨੂੰ ਕਿਸੇ ਕਿਸਮ ਦੀ ਮੁਸ਼ਕਲ ਬਣੀ ਤਾਂ ਇਨ੍ਹਾਂ ਸੰਸਥਾਵਾਂ ਨੇ ਅੱਗੇ ਹੋ ਕੇ ਲੜਾਈ ਲੜੀ। ਉਨ੍ਹਾਂ ਇਸ ਮੌਕੇ ਹਰਿਆਣੇ ਦੇ ਸਿੱਖਾਂ ਨੂੰ ਲਾਮਬੰਦ ਹੋਣ ਦੀ ਅਪੀਲ ਕੀਤੀ ਅਤੇ ਹਰਿਆਣਾ ਸੂਬੇ ਅੰਦਰ ਸਿੱਖਾਂ ਦੀ ਅਵਾਜ਼ ਨੂੰ ਬੁਲੰਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਜ਼ਾਦ ਚੋਣਾਂ ਲੜਨ ਦਾ ਐਲਾਨ ਕੀਤਾ।