ਸ਼ਾਹਕੋਟ/ਮਲਸੀਆਂ, (ਏ.ਐੱਸ. ਅਜ਼ਾਦ) – ਦੇਵ ਭੂਮੀ ਦੇ ਤੌਰ ‘ਤੇ ਜਾਣੇ ਜਾਂਦੇ ਹਿਮਾਚਲ ਪ੍ਰਦੇਸ਼ ਵਿੱਚ ਵੀ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਿੰਡ ਪੂਬੋਵਾਲ ਦੇ ਪੰਚਾਇਤ ਘਰ ਵਿੱਚ ਬੂਟਾ ਲਗਾਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਸਬੰਧੀ ਮੁਹਿੰਮ ਦੀ ਸ਼ੁਰੂਆਤ ਕੀਤੀ। ਪਿੰਡ ਦੀ ਸੱਥ ਵਿੱਚ ਰੱਖੇ ਸਮਾਗਮ ਦੌਰਾਨ ਲੋਕ ਵੱਡੀ ਗਿਣਤੀ ‘ਚ ਹਾਜ਼ਰ ਹੋਏ ਅਤੇ ਖਾਸ ਕਰਕੇ ਬੱਚੇ ਤੇ ਔਰਤਾਂ ਨੇ ਵੀ ਇਸ ਸਮਾਗਮ ਨੂੰ ਕਾਮਯਾਬ ਕਰਨ ‘ਚ ਵੱਡੀ ਭੂਮਿਕਾ ਨਿਭਾਈ। ਬੱਚਿਆਂ ਦੇ ਕਰਵਾਏ ਗਏ ਪੇਂਟਿੰਗ ਮੁਕਾਬਲਿਆਂ ਵਿੱਚ ਵੀ ਵਾਤਾਵਰਣ ਦਾ ਵਿਸ਼ਾ ਹੀ ਚੁਣਿਆ ਗਿਆ ਸੀ। ਇਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸੰਤ ਸੀਚੇਵਾਲ ਨੇ ਬੂਟੇ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸੰਤ ਸੀਚੇਵਾਲ ਜੀ ਨੇ ਕਿਹਾ ਕਿ ਮਨੁੱਖ ਦਾ ਕੁਦਰਤ ਨਾਲ ਬਹੁਤ ਨੇੜਲਾ ਰਿਸ਼ਤਾ ਹੈ। ਕੁਦਰਤ ਨਾਲੋਂ ਦੂਰ ਹੋਣ ਕਾਰਨ ਮਨੁੱਖ ਦੁਸ਼ਵਾਰੀਆਂ ਝੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਦੇ ਸਾਰੇ ਧਰਮਾਂ ਦੇ ਪਵਿੱਤਰ ਗ੍ਰੰਥ ਮਨੁੱਖ ਨੂੰ ਕੁਦਰਤ ਨਾਲ ਸਾਂਝ ਬਣਾਈ ਰੱਖਣ ਦੀ ਪ੍ਰੇਰਨਾਂ ਦਿੰਦੇ ਹਨ। ਇਸ ਮੌਕੇ ਸੰਤ ਸੀਚੇਵਾਲ ਨੇ ਸਮੂਹ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਮੌਕੇ 2019 ਵਿੱਚ ਸੁਲਤਾਨਪੁਰ ਲੋਧੀ, ਕਪੂਰਥਲਾ ਦੀ ਪਵਿੱਤਰ ਧਰਤੀ ਤੇ ਹੋ ਰਹੇ ਸਮਾਗਮਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਜੰਗਲਾਤ ਵਿਭਾਗ ਦੇ ਅਧਿਕਾਰੀ, ਪਿੰਡ ਦੀ ਗ੍ਰਾਮ ਪੰਚਾਇਤ ਦੇ ਸਰਪੰਚ ਰਘਬੀਰ ਸਿੰਘ, ਯੂਥ ਕਲੱਬ ਦੇ ਪ੍ਰਧਾਨ ਸੰਦੀਪ ਮਾਨ, ਕਨਵੀਨਰ ਰਵਿੰਦਰ ਵਾਸੂਦੇਵਾ ਅਤੇ ਹੋਰ ਬਹੁਤ ਸਾਰੇ ਨੌਜਵਾਨ ਹਾਜ਼ਰ ਸਨ। ਸਮਾਗਮ ਦੀ ਸਮਾਪਤੀ ਤੋਂ ਬਾਅਦ ਸੰਤ ਬਲਬੀਰ ਸਿੰਘ ਸੀਚੇਵਾਲ ਗੁਰਦੁਆਰਾ ਗਿੜਗਿੜਾ ਸਾਹਿਬ ਦੇ ਦਰਸ਼ਨਾਂ ਲਈ ਵੀ ਗਏ, ਜਿਥੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਨਮਾਨਤ ਕੀਤਾ ਗਿਆ। ਇਸੇ ਤਰ੍ਹਾਂ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਯੂਥ ਕਲੱਬ ਵੱਲੋਂ ਵੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਸਨਮਾਨਤ ਕੀਤਾ ਗਿਆ।