ਤਲਵੰਡੀ ਸਾਬੋ – ਸੂਬੇ ਦੀ ਸਿਰਮੌਰ ਵਿਦਿਅਕ ਸੰਸਥਾ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਨਵੇਂ ਅਕਾਦਮਿਕ ਸ਼ੈਸ਼ਨ ਦੀ ਸ਼ੁਰੂਆਤ ਦੌਰਾਨ ਵੱਖ ਵੱਖ ਰਾਜਾਂ ਤੋਂ ਆਏ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਵੱਖ ਵੱਖ ਰਾਜਾਂ ਤੋਂ ਵਿਦਿਆਰਥੀਆਂ ਦਾ ਪੰਜਾਬ ਦੀ ਯੂਨੀਵਰਸਿਟੀ ਵਿੱਚ ਦਾਖਲਾ ਲੈਣ ਨੂੰ ਸੂਬੇ ਦੇ ਵਿਦਿਅਕ ਮਹੌਲ ਲਈ ਸ਼ੁਭ ਸ਼ਗਨ ਮੰਨਿਆ ਜਾ ਰਿਹਾ ਹੈ। ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਸਵਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਐਤਕੀਂ ਨਵੇਂ ਸ਼ੈਸ਼ਨ ਦੌਰਾਨ ਦਰਜਨਾਂ ਰਾਜਾਂ ਦੇ ਸੈਕੜੇ ਵਿਦਿਆਰਥੀਆਂ ਨੇ ਗੁਰੂ ਕਾਂਸ਼ੀ ਯੂਨੀਵਰਸਿਟੀ ਵਿੱਚ ਵੱਖ ਵੱਖ ਕੋਰਸਾਂ ਵਿੱਚ ਦਾਖਲਾ ਲੈਣ ਵੱਲ ਰੁਖ ਕੀਤਾ ਹੈ । ਉਨ੍ਹਾਂ ਯੂਨੀਵਰਸਿਟੀ ਵੱਲੋਂ ਆਪਣੀ ਵੱਚਣਬੱਧਤਾ ਦੁਹਰਾਉਂਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਤੇ ਹੋਰ ਗਤੀਵਿਧੀਆਂ ਵਿੱਚ ਕਿਸੇ ਕਿਸਮ ਦੀ ਘਾਟ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆ ਤੋਂ ਦੂਰ ਰਹਿ ਕੇ ਅਨੁਸ਼ਾਸ਼ਨਮਈ ਜਿੰਦਗੀ ਬਤੀਤ ਕਰਨ ਤੇ ਅਹਿੰਸਾ ਦਾ ਮਾਰਗ ਅਪਣਾਉਣ ਤੇ ਜੋਰ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਮਿਹਨਤ ਤੇ ਦ੍ਰਿੜ ਇਰਾਦੇ ਨਾਲ ਔਖੀਆਂ ਮੰਜਿਲਾਂ ਸਰ ਕੀਤੀਆਂ ਜਾ ਸਕਦੀਆਂ ਹਨ। ਯੂਨੀਵਰਸਿਟੀ ਡੀਨ ਅਕਾਦਮਿਕ ਡਾ ਜੀ.ਐਸ. ਬਰਾੜ ਨੇ ਨਵੇਂ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਯੂਨੀਵਰਸਿਟੀ ਨਿਯਮਾਂ ਦੀ ਜਾਣਕਾਰੀ ਤੇ ਪਾਲਣਾ ਹਿੱਤ ਜਰੂਰੀ ਨਿਰਦੇਸ਼ ਦਿੱਤੇ।
ਯੂਨੀਵਰਸਿਟੀ ਚੇਅਰਮੈਨ ਗੁਰਲਾਭ ਸਿੱਧੂ ਤੇ ਮੈਨੇਜਿੰਗ ਡਾਇਰੈਕਟਰ ਸੁਖਰਾਜ ਸਿੰਘ ਸਿੱਧੂ ਨੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦਾ ਭਵਿੱਖ ਹੁੰਦੇ ਹਨ । ਨੌਜਵਾਨਾਂ ਨੂੰ ਹਮੇਸ਼ਾ ਹੀ ਪਾਜੀਟਿਵ ਸੋਚ ਨਾਲ ਅੱਗੇ ਵੱਧ ਕੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਡਾ. ਅਮਿਤ ਟੁਟੇਜਾ ਨੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦਾ ਅਹਿਮ ਅੰਗ ਬਣਨ ਤੇ ਵਧਾਈ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਹਮੇਸ਼ਾ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਕਰਨ ਲਈ ਵੱਚਨਬੱਧ ਰਹੇਗੀ।