ਮਹਿਤਾ ਚੌਕ / ਅੰਮ੍ਰਿਤਸਰ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੂੰ ਸ੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ’ਚ ਵੱਧਚੜ ਕੇ ਅਤੇ ਪੂਰਨ ਸਹਿਯੋਗ ਦੇਣ ਲਈ ਕਿਹਾ ਹੈ।
ਦਮਦਮੀ ਟਕਸਾਲ ਦੇ ਹੈਡ ਕੁਆਟਰ ਚੌਕ ਮਹਿਤਾ ਵਿਖੇ ਉਚੇਚੇ ਪਹੁੰਚ ਕੇ ਸ੍ਰੋਮਣੀ ਕਮੇਟੀ ਪ੍ਰਧਾਨ ਨੇ ਦਮਦਮੀ ਟਕਸਾਲ ਦੇ ਮੁਖੀ ਨਾਲ ਮੁਲਾਕਾਤ ਕੀਤੀ । ਭਾਈ ਲੌਗੋਵਾਲ ਨੇ ਕਿਹਾ ਕਿ ਦਮਦਮੀ ਟਕਸਾਲ ਸਿਖ ਪੰਥ ਦੀ ਸਿਰਮੌਰ ਜਥੇਬੰਦੀ ਹੈ ਅਤੇ ਗੁਰਮਤਿ ਪ੍ਰਚਾਰ ਅਤੇ ਪ੍ਰਸਾਰ ਲਈ ਵਖ ਵਖ ਢੰਗਾਂ ਨਾਲ ਪੰਥ ਦੀ ਸੇਵਾ ਵਿਚ ਵਡਮੁੱਲਾ ਯੋਗਦਾਨ ਪਾਉਣ ’ਚ ਸਭ ਤੋਂ ਮੋਹਰੀ ਸੰਸਥਾ ਹੈ। ਉਹਨਾਂ ਬਾਬਾ ਹਰਨਾਮ ਸਿੰਘ ਖਾਲਸਾ ਨੂੰ ਸਦਾ ਪਤਰ ਦਿੰਦਿਆਂ ਸ੍ਰੋਮਣੀ ਕਮੇਟੀ ਵਲੋਂ ਸ਼ਦਾਬਦੀ ਸਮਾਗਮਾਂ ਦੀ ਤਿਆਰੀ ਅਤੇ ਰੂਪ ਰੇਖਾ ਉਲੀਕਣ ਸੰਬੰਧੀ 10 ਅਕਤੂਬਰ ਦਿਨ ਬੁੱਧਵਾਰ ਨੂੰ ਤੇਜਾ ਸਿੰਘ ਸਮੁਦਰੀ ਹਾਲ ਵਿਖੇ ਪੰਥ ਦੀਆਂ ਪ੍ਰਤੀਨਿਧ ਸੰਸਥਾਵਾਂ ਦੀ ਕੀਤੀ ਜਾ ਰਹੀ ਅਹਿਮ ਇਕਤਰਤਾ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਉਨਾਂ ਦਸਿਆ ਕਿ ਸ਼ਤਾਬਦੀ ਸਮਾਗਮ ਵਿਸ਼ਵ ਭਰ ਦੀਆਂ ਸਿਖ ਸੰਗਤਾਂ ਦੇ ਸਹਿਯੋਗ ਨਾਲ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਪਧਰ ’ਤੇ ਆਯੋਜਿਤ ਕੀਤੇ ਜਾਣਗੇ। ਇਸ ਮੌਕੇ ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਸ੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਗੋਵਾਲ ਨੂੰ ਸ਼ਤਾਬਦੀ ਸਮਾਗਮਾਂ ਪ੍ਰਤੀ ਹਰਤਰਾਂ ਸਹਿਯੋਗ ਦੇਣ ਦਾ ਵਾਅਦਾ ਕੀਤਾ ਅਤੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸਮੁਚੇ ਵਿਸ਼ਵ ਅਤੇ ਮਾਨਤਾ ਲਈ ਮੁਬਾਰਕ ਦਿਹਾੜਾ ਹੈ। ਜਿਸ ਨੂੰ ਪੂਰੀ ਸ਼ਰਧਾ ਅਤੇ ਯਾਦਗਾਰੀ ਢੰਗ ਨਾਲ ਵਡੇ ਪਧਰ ’ਤੇ ਮਨਾਇਆ ਜਾਣਾ ਚਾਹੀਦਾ ਹੈ ਅਤੇ ਸਿਖੀ ਦੀ ਹੋਦ ਹਸਤੀ ਅਤੇ ਗੁਰਮਤਿ ਵਿਚਾਰਧਾਰਾ ਨੂੰ ਦੁਨਿਆ ਦੇ ਕੋਨੇ ਕੇਨੇ ਤਕ ਪਹੁੰਚਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ, ਜਿਸ ਲਈ ਸ੍ਰੋਮਣੀ ਕਮੇਟੀ ਨੂੰ ਆਪਣੀ ਪੂਰੀ ਜਿਮੇਵਾਰੀ ਨਾਲ ਭੂਮਿਕਾ ਨਿਭਾਉਣੀ ਪਵੇਗੀ। ਉਹਨਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਪ੍ਰਤੀ ਸੰਗਤਾਂ ’ਚ ਭਾਰੀ ਉਤਸ਼ਾਹ ਨੂੰ ਦੇਖਦਿਆਂ ਲਖਾਂ ਦੀ ਗਿਣਤੀ ’ਚ ਸਮਾਗਮਾਂ ਵਿਚ ਸੰਗਤ ਦੀ ਆਮਦ ’ਤੇ ਸੰਗਤ ਦੇ ਠਹਿਰਣ ਜਾਂ ਰਹਿਣ ਦਾ ਪ੍ਰਬੰਧ ਕਰਨਾ ਹੋਵੇਗਾ। ਇਸ ਮੌਕੇ ਦਮਦਮੀ ਟਕਸਾਲ ਮੁਖੀ ਅਤੇ ਸ੍ਰੋਮਣੀ ਕਮੇਟੀ ਪ੍ਰਧਾਨ ਦੀ ਇਕ ਘੰਟੇ ਲਈ ਬੰਦ ਕਮਰਾ ਮੀਟਿੰਗ ਦੌਰਾਨ ਪੰਥਕ ਹਲਾਤਾਂ ਬਾਰੇ ਅਹਿਮ ਵਿਚਾਰਾਂ ਹੋਈਆਂ। ਇਸ ਮੌਕੇ ਸ੍ਰੋਮਣੀ ਕਮੇਟੀ ਦੇ ਆਗੂ ਐਡਵੋਕਟ ਭਗਵੰਤ ਸਿੰਘ ਸਿਆਲਕਾ ਵੀ ਮੌਜੂਦ ਸਨ।