ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਪੈਂਦੇ ਪਿੰਡ ਬਦਸੂਈ ਵਿਖੇ ਗੁਰਦੁਆਰਾ ਸਾਹਿਬ ‘ਤੇ ਦੰਗਾਕਾਰੀਆਂ ਵੱਲੋਂ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਘਟਨਾ ਦੀ ਪੜਤਾਲ ਲਈ ਆਦੇਸ਼ ਕੀਤੇ ਹਨ, ਉਥੇ ਹੀ ਕਾਨੂੰਨੀ ਕਾਰਵਾਈ ਕਰਨ ਲਈ ਵੀ ਕਿਹਾ ਹੈ। ਜਾਰੀ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਆਖਿਆ ਕਿ ਹਰਿਆਣੇ ਦੇ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਹਮਲਾ ਕਰਕੇ ਦੰਗਾਕਾਰੀਆਂ ਵੱਲੋਂ ਇਕ ਸਿੱਖ ਨੂੰ ਮੌਤ ਦੇ ਘਾਟ ਉਤਾਰ ਦੇਣਾ ਅਤੇ ਦਰਜ਼ਨ ਤੋਂ ਵੱਧ ਸਿੱਖਾਂ ਨੂੰ ਜ਼ਖ਼ਮੀ ਕਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਹ ਘੱਟਗਿਣਤੀਆਂ ਨਾਲ ਧੱਕਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਖਿਆ ਕਿ ਜੇਕਰ ਕਿਸੇ ਵੀ ਕਿਸਮ ਦਾ ਕੋਈ ਵਿਵਾਦਤ ਮਾਮਲਾ ਸੀ ਤਾਂ ਉਹ ਮਿਲ ਬੈਠ ਕੇ ਸੁਲਝਾਇਆ ਜਾਣਾ ਚਾਹੀਦਾ ਸੀ। ਇਹ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ ਕਿ ਦੰਗਾਕਾਰੀ ਘੱੱਟਗਿਣਤੀ ਸਿੱਖਾਂ ਨੂੰ ਦਬਾਉਣ ਲਈ ਮਾਰੂ ਹਮਲਾ ਕਰਨ। ਇਹ ਸੂਬੇ ਦੀ ਸਰਕਾਰ ਦੀ ਜ਼ੁੰਮੇਵਾਰੀ ਹੈ ਕਿ ਘੱਟਗਿਣਤੀਆਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣ। ਭਾਈ ਲੌਂਗੋਵਾਲ ਨੇ ਹਰਿਆਣਾ ਸਰਕਾਰ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹਾ ਕਰਨ ਦੀ ਹਿੰਮਤ ਨਾ ਕਰੇ। ਭਾਈ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਇਸ ਘਟਨਾ ਦੇ ਮੁਕੰਮਲ ਤੱਥ ਜਾਨਣ ਲਈ ਹਰਿਆਣਾ ਸੂਬੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਰਿਪੋਰਟ ਲਵੇਗੀ ਅਤੇ ਸਿੱਖਾਂ ਦੇ ਕੇਸ ਦੀ ਪੈਰਵਾਈਂ ਕਰਨ ਲਈ ਹਰ ਸੰਭਵ ਕਾਨੂੰਨੀ ਸਹਾਇਤਾ ਪ੍ਰਦਾਨ ਕਰੇਗੀ।
ਹਰਿਆਣੇ ‘ਚ ਗੁਰਦੁਆਰੇ ਤੇ ਹੋਏ ਹਮਲੇ ਦੇ ਮਾਮਲੇ ‘ਚ ਸਿੱਖਾਂ ਦੀ ਮੱਦਦ ਲਈ ਕਾਨੂੰਨੀ ਸਹਾਇਤਾ ਦੇਵੇਗੀ ਸ਼੍ਰੋਮਣੀ ਕਮੇਟੀ
This entry was posted in ਪੰਜਾਬ.