ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਸੜਕ ਰਸਤੇ ਰਾਹੀਂ ਵਿਸ਼ਾਲ ਨਗਰ ਕੀਰਤਨ ਸਜਾਉਣ ਦਾ ਫੈਸਲਾ ਕੀਤਾ ਹੈ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਸ੍ਰ ਹਰਮੀਤ ਸਿੰਘ ਕਾਲਕਾ ਨੇ ਕੀਤਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋਹਾਂ ਆਗੂਆਂ ਨੇ ਦੱਸਿਆ ਕਿ ਨਗਰ ਕੀਰਤਨ ਸਜਾਉਣ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਤੇ ਕਮੇਟੀ ਨੇ ਪਾਕਿਸਤਾਨ ਹਾਈ ਕਮਿਸ਼ਨਰ ਨੂੰ ਪੱਤਰ ਲਿਖ ਕੇ ਆਖਿਆ ਹੈ ਕਿ ਕਮੇਟੀ ਦੀ ਟੀਮ ਦੀ ਪਾਕਿਸਤਾਨ ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਬਣਾਈ ਗਈ ਤਿਆਰੀ ਕਮੇਟੀ ਨਾਲ ਮੀਟਿੰਗ ਕਰਵਾਈ ਜਾਵੇ ਤਾਂ ਜੋ ਸਮੇਂ ਸਿਰ ਲੋੜੀਂਦੀਆਂ ਪ੍ਰਵਾਨਗੀਆਂ ਵੀ ਹਾਸਲ ਕਰ ਲਈਆਂ ਜਾਣ। ਉਹਨਾਂ ਕਿਹਾ ਕਿ ਨਗਰ ਕੀਰਤਨ ਵਿਚ ਲੱਖਾਂ ਲੋਕ ਸ਼ਾਮਲ ਹੋਣਗੇ।
ਸ੍ਰੀ ਸਿਰਸਾ ਨੇ ਕਿਹਾ ਦਿੱਲੀ ਕਮੇਟੀ ਵੱਲੋਂ ਇਹ ਇਤਿਹਾਸਕ ਪ੍ਰਕਾਸ਼ ਪੁਰਬ ਯਾਦਗਾਰੀ ਬਣਾਉਣ ਲਈ ਵਿਉਤਬੰਦੀ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਰਾਸ਼ਟਰੀ ਰਾਜਧਾਨੀ ਵਿਚ ਆਈ ਪੀ ਸਟੇਡੀਅਮ ਵਿਖੇ 21 ਸਤੰਬਰ ਨੂੰ ਮਹਾਨ ਕੀਰਤਨ ਦਰਬਾਰ ਸਜਾਇਆ ਜਾਵੇਗਾ ਜਿਸ ਵਿਚ ਦਿੱਲੀ ਗੁਰਦੁਆਰਾ ਕਮੇਟੀ ਨਾਲ ਸਬੰਧਤ ਸਕੂਲਾਂ ਦੇ 1100 ਵਿਦਿਆਰਥੀ ਇਕੋ ਸਮੇਂ ਗੁਰੂ ਕੀ ਇਲਾਹੀ ਬਾਣੀ ਦਾ ਕੀਰਤਨ ਕਰਨਗੇ। ਉਹਨਾਂ ਕਿਹਾ ਕਿ ਇਸ ਮੌਕੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਇਕ ਅਦਭੁੱਤ ਲੇਜ਼ਰ ਸ਼ੌਅ ਵੀ ਕਰਵਾਇਆ ਜਾਵੇਗਾ।
ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਅਜਿਹਾ ਹੀ ਦੂਜਾ ਮਹਾਨ ਕੀਰਤਨ ਦਰਬਾਰ ਅਕਤੂਬਰ ਮਹੀਨੇ ਵਿਚ ਕਰਵਾਇਆ ਜਾਵੇਗਾ ਤੇ 12 ਅਕਤੂਬਰ ਨੂੰ ਇੰਡੀਆ ਗੇਟ ਵਿਖੇ ਹੋਣ ਵਾਲੇ ਇਸ ਕੀਰਤਨ ਦਰਬਾਰ ਵਿਚ ਵਿਸ਼ਵ ਪ੍ਰਸਿੱਧ 550 ਰਾਗੀ ਸਿੰਘ ਇਕੋ ਸਮੇਂ ਗੁਰੂ ਕੀ ਇਲਾਹੀ ਬਾਣੀ ਦਾ ਕੀਰਤਨ ਤੰਤੀ ਸਾਜ਼ਾਂ ਨਾਲ ਕਰਨਗੇ। ਉਹਨਾਂ ਕਿਹਾ ਕਿ ਦੋਵੇਂ ਕੀਰਤਨ ਦਰਬਾਰਾਂ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਸ਼ਿਰਕਤ ਕਰੇਗੀ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਇਸ ਬਾਬਤ ਰਾਗੀ ਸਿੰਘਾਂ ਤੇ ਸਬੰਧਤ ਵਿਅਕਤੀਆਂ ਨਾਲ ਮੀਟਿੰਗ ਕਰ ਕੇ ਰੂਪ ਰੇਖਾ ਉਲੀਕੀ ਹੈ।
ਸ੍ਰੀ ਸਿਰਸਾ ਨੇ ਕਿਹਾ ਕਿ ਇਹਨਾਂ ਤਿੰਨ ਮੁੱਖ ਸਮਾਗਮਾਂ ਤੋਂ ਇਲਾਵਾ ਹੋਰ ਲੜੀਵਾਰ ਸਮਾਗਮ ਵੀ ਵਿਉਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਾਡੇ ਜੀਵਨ ਵਿਚ ਸੁਨਹਿਰੀ ਮੌਕਾ ਹੈ ਤੇ ਇਸਨੂੰ ਸਿਰਫ ਸਿੱਖ ਹੀ ਨਹੀਂ ਬਲਕਿ ਹਰ ਧਰਮ ਦੇ ਵਿਅਕਤੀ ਮਨਾ ਰਹੇ ਹਨ। ਉਹਨਾਂ ਕਿਹਾ ਕਿ ਇਹ ਵਿਸ਼ਵ ਭਰ ਵਿਚ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ।