ਅੰਮ੍ਰਿਤਸਰ – ਇਕ ਪ੍ਰਾਈਵੇਟ ਪਬਲੀਸ਼ਰ ਵੱਲੋਂ ਛਾਪੀ ਗਈ ਪੁਸਤਕ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਇਤਿਹਾਸਕ ਦੁਖਭੰਜਨੀ ਬੇਰ ਸਾਹਿਬ ਬਾਰੇ ਗਲਤ ਟਿੱਪਣੀਆਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਮੀਡੀਆ ਰਿਪੋਰਟਾਂ ਰਾਹੀਂ ਸਾਹਮਣੇ ਆਏ ਮਾਮਲੇ ਵਿਚ ਵਿਲਕੋ ਪਬਲਿਸ਼ਿੰਗ ਹਾਊਸ ਮੁੰਬਈ ਵੱਲੋਂ ਛਾਪੀ ਗਈ ਇਕ ਪੁਸਤਕ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਇਤਿਹਾਸਕ ਦੁਖ ਭੰਜਨੀ ਬੇਰ ਸਾਹਿਬ ਨਾਲ ਧਾਗੇ ਬੰਨ੍ਹ ਕੇ ਮੰਨਤ ਮੰਗਣ ਦਾ ਜ਼ਿਕਰ ਕਰਨ ਤੋਂ ਇਲਾਵਾ ਇਥੇ ਸਥਿਤ ਪਾਵਨ ਸਰੋਵਰ ਨੂੰ ਵੀ ਝੀਲ ਕਿਹਾ ਗਿਆ ਹੈ। ਇਸ ਤੋਂ ਇਲਾਵਾ ਜੂਨ 1984 ਵਿਚ ਸਮੇਂ ਦੀ ਕੇਂਦਰੀ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ ਉਤੇ ਕਰਵਾਏ ਗਏ ਹਮਲੇ ਦੌਰਾਨ ਸ਼ਹੀਦਾਂ ਸਬੰਧੀ ਵੀ ਗਲਤ ਟਿਪਣੀਆਂ ਪੁਸਤਕ ਵਿਚ ਦਰਜ਼ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਇਤਿਹਾਸ ਨੂੰ ਰਲਗਡ ਕਰਨ ਦੀ ਕੋਝੀ ਸਾਜ਼ਿਸ਼ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਬੰਧਤ ਪ੍ਰਕਾਸ਼ਕ ਨੂੰ ਲੀਗਲ ਨੋਟਿਸ ਭੇਜਿਆ ਜਾ ਰਿਹਾ ਹੈ।
ਭਾਈ ਲੌਂਗੋਵਾਲ ਨੇ ਆਖਿਆ ਕਿ ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪੜਤਾਲ ਵੀ ਕਰਵਾਈ ਜਾਵੇਗੀ ਤਾਂ ਜੋ ਦੋਸ਼ੀਆਂ ਵਿਰੁੱਖ ਸਖਤ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾ ਸਕੇ। ਉਨ੍ਹਾਂ ਆਖਿਆ ਕਿ ਸਿੱਖ ਇਤਿਹਾਸ ਦੀ ਵਿਲੱਖਣਤਾ ਅਤੇ ਮੌਲਿਕਤਾ ਨੂੰ ਛੁਟਿਆਉਣ ਵਾਲਿਆਂ ਨੂੰ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ ਆਉਣਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਜਗਤ ਦੇ ਕੇਂਦਰੀ ਧਾਰਮਿਕ ਅਸਥਾਨ ਹੋਣ ਦੇ ਨਾਲ ਨਾਲ ਸਮੁੱਚੇ ਵਿਸ਼ਵ ਲਈ ਅਧਿਆਤਮਿਕਤਾ ਦੇ ਮਹਾਨ ਸਰੋਤ ਹਨ, ਜਿਸ ਦੇ ਦਰਸ਼ਨ ਇਸ਼ਨਾਨ ਕਰਕੇ ਅਤੇ ਅੰਮ੍ਰਿਤਮਈ ਗੁਰਬਾਣੀ ਦਾ ਕੀਰਤਨ ਸਰਵਣ ਕਰਕੇ ਸੰਗਤਾਂ ਆਪਣਾ ਜੀਵਨ ਸਫਲ ਕਰਦੀਆਂ ਹਨ। ਪਰੰਤੂ ਕੁਝ ਲੋਕ ਜਾਣ-ਬੁਝ ਕੇ ਇਸ ਪਾਵਨ ਅਸਥਾਨ ਦੀ ਇਤਿਹਾਸਕਤਾ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਯਤਨ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸੰਗਤ ਨੂੰ ਸੁਚੇਤ ਕੀਤਾ ਕਿ ਅਜਿਹੀਆਂ ਪੁਸਤਕਾਂ ਨੂੰ ਮਾਨਤਾ ਨਾ ਦੇਣ ਅਤੇ ਆਪਣੇ ਬੱਚਿਆਂ ਨੂੰ ਵੀ ਸਿੱਖ ਇਤਿਹਾਸ ਦੀਆਂ ਪ੍ਰਮਾਣਕ ਪੁਸਤਕਾਂ ਪੜ੍ਹਨ ਲਈ ਪ੍ਰੇਰਿਤ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਜਮਾਤ ਦੀ ਪੁਸਤਕ ਵਿਚ ‘ਆਸਾ ਦੀ ਵਾਰ’ ਨਾਲ ਸਬੰਧਤ ਪਾਵਨ ਗੁਰਬਾਣੀ ਦੀ ਗਲਤ ਛਪਾਈ ਨੂੰ ਵੀ ਮੰਦਭਾਗਾ ਆਖਿਆ ਹੈ। ਉਨ੍ਹਾਂ ਕਿਹਾ ਕਿ ਬੋਰਡ ਨੂੰ ਇਕ ਜ਼ੁੰਮੇਵਾਰ ਵਾਲੀ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਅਜਿਹੀਆਂ ਗਲਤੀਆਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਸ ਤੋਂ ਪਹਿਲਾਂ ਵੀ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਸੀ, ਜਿਸ ਨਾਲ ਸਿੱਖ ਜਗਤ ਅੰਦਰ ਰੋਸ ਤੇ ਰੋਹ ਦੀ ਭਾਵਨਾ ਪੈਦਾ ਹੋ ਗਈ ਸੀ। ਅਜਿਹੀਆਂ ਗਲਤੀਆਂ ਵਾਰ-ਵਾਰ ਕਰਨੀਆਂ ਕਿਸੇ ਤਰ੍ਹਾਂ ਉਚਿਤ ਨਹੀਂ ਹਨ ਅਤੇ ਬੋਰਡ ਨੂੰ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।