ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਮਲੇਰਕੋਟਲਾ ਨੇੜਲੇ ਪਿੰਡ ਹਥੋਆ ਵਿਖੇ ਬੀਤੀ ਦਿਨ ਕਿਸੇ ਸ਼ਰਾਰਤੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਅਗਨ ਭੇਟ ਕੀਤੇ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਸਰਕਾਰ ਤੋਂ ਦੋਸ਼ੀ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਬੇਅਦਬੀ ਦੀਆਂ ਹਿਰਦੇਵੇਦਕ ਘਟਨਾਵਾਂ ਦਾ ਕਿਸੇ ਨਾ ਕਿਸੇ ਰੂਪ ‘ਚ ਜਾਰੀ ਰਹਿਣਾ ਬੇਹੱਦ ਦੁਖਦਾਈ ਹੈ । ਸਿੱਖ ਹਿਰਦੇ ਵਾਰ ਵਾਰ ਵਲੂਧਰੇ ਜਾ ਰਹੇ ਹਨ। ਦੋਸ਼ੀਆਂ ਪ੍ਰਤੀ ਸਰਕਾਰ ਦੀ ਢਿਲਮਠ ਵਾਲੀ ਨੀਤੀ ਜਿਮੇਵਾਰ ਹੈ। ਜਿਸ ਕਾਰਨ ਸ਼ਰਾਰਤੀ ਅਨਸਰਾਂ ਦੇ ਹੌਸਲੇ ਤੋੜੇ ਨਹੀਂ ਜਾ ਸਕੇ ।
ਦਮਦਮੀ ਟਕਸਾਲ ਮੁਖੀ ਨੇ ਮੁਖ ਮੰਤਰੀ ਨੂੰ ਮੁਖਾਤਬ ਹੁੰਦਿਆਂ ਕਿਹਾ ਕਿ ਸਰਕਾਰ ਨੂੰ ਇਹ ਨਹੀਂ ਭੁਲਣਾ ਚਾਹੀਦਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਬੇਅਦਬੀ ਦੀਆਂ ਅਫਸੋਸਨਾਕ ਘਟਨਾਵਾਂ ਨੇ ਅਮਨ ਕਾਨੂੰਨ ਅਤੇ ਸੂਬੇ ਦੀ ਸਿਆਸੀ ਫਿਜ਼ਾ ਨੂੰ ਹਿਲਾ ਕੇ ਰੱਖ ਦਿਤਾ ਸੀ। ਉਹਨਾਂ ਸਰਕਾਰ ਨੂੰ ਧਾਰਮਿਕ ਸਥਾਨਾਂ ਦੇ ਦੁਆਲੇ ਪੁਲਿਸ ਦੀ ਸਖ਼ਤ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ। ਉਹਨਾਂ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰਖਿਆ ਤੇ ਸੇਵਾ ਸੰਭਾਲ ਵੱਲ ਵਿਸ਼ੇਸ਼ ਤਵਜੋ ਦੇਣ, ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣ ਅਤੇ ਸੂਬੇ ‘ਚ ਅਮਨ ਸ਼ਾਂਤੀ ਅਤੇ ਫ਼ਿਰਕੂ ਸਦਭਾਵਨਾ ਬਣਾਈ ਰਖਣ ਦੀ ਅਪੀਲ ਕੀਤੀ ।