ਨਵੀਂ ਦਿੱਲੀ – ਦਿੱਲੀ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਔਰਤਾਂ ਦੀਆਂ ਵੋਟਾਂ ਹਾਸਿਲ ਕਰਨ ਲਈ ਇੱਕ ਵੱਡਾ ਐਲਾਨ ਕੀਤਾ ਹੈ। ਜਿਸ ਦੇ ਤਹਿਤ ਹੁਣ ਮਹਿਲਾਵਾਂ ਦਿੱਲੀ ਮੈਟਰੋ, ਡੀਟੀਸੀ ਬੱਸਾਂ ਅਤੇ ਕਲਸਟਰ ਬੱਸਾਂ ਵਿੱਚ ਮੁਫ਼ਤ ਯਾਤਰਾ ਕਰ ਸਕਣਗੀਆਂ। ਇਹ ਯੋਜਨਾ ਅਗਲੇ ਦੋ-ਤਿੰਨ ਮਹੀਨਿਆਂ ਵਿੱਚ ਲਾਗੂ ਕਰ ਦਿੱਤੀ ਜਾਵੇਗੀ। ਸਰਕਾਰ ਇਸ ਯੋਜਨਾ ਨੂੰ ਲਾਗੂ ਕਰਨ ਸਬੰਧੀ ਦਿੱਲੀ ਦੇ ਲੋਕਾਂ ਤੋਂ ਸੁਝਾਅ ਵੀ ਮੰਗ ਰਹੀ ਹੈ। ਐਨਸੀਆਰ ਦੀਆਂ ਮਹਿਲਾਵਾਂ ਨੂੰ ਇਸ ਯੋਜਨਾ ਦਾ ਲਾਭ ਦਿੱਤਾ ਜਾਵੇ ਜਾਂ ਨਾ, ਇਸ ਬਾਰੇ ਵੀ ਸੁਝਾਅ ਮੰਗੇ ਜਾ ਰਹੇ ਹਨ।
ਮੁੱਖਮੰਤਰੀ ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ਸਰਕਾਰ ਇਸ ਸਕੀਮ ਨੂੰ ਲਾਗੂ ਕਰਨ ਲਈ ਸਬਸਿਡੀ ਦੇਵੇਗੀ। ਇਸ ਲਈ ਕੇਂਦਰ ਸਰਕਾਰ ਦੀ ਮਨਜੂਰੀ ਦੀ ਜਰੂਰਤ ਨਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਫੈਂਸਲਾ ਔਰਤਾਂ ਦੀ ਸੁਰੱਖਿਆ ਅਤੇ ਮੈਟਰੋ ਦੇ ਵੱਧੇ ਹੋਏ ਕਿਰਾਇਆਂ ਨੂੰ ਵੇਖਦੇ ਹੋਏ ਲਿਆ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ 70,000 ਸੀਸੀਟੀਵੀ ਕੈਮਰੇ ਲਗਾਉਣ ਦੀ ਵੀ ਘੋਸ਼ਣਾ ਕੀਤੀ ਗਈ ਹੈ। ਮੁੱਖਮੰਤਰੀ ਨੇ ਕਿਹਾ ਕਿ 8 ਜੂਨ ਤੋਂ ਕੈਮਰੇ ਲਗਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ ਅਤੇ ਦਿਸੰਬਰ ਤੱਕ ਇਹ ਕੰਮ ਪੂਰਾ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੂਰੀ ਦਿੱਲੀ ਵਿੱਚ ਢਾਈ ਲੱਖ ਕੈਮਰੇ ਲਗਾਏ ਜਾਣਗੇ।