ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 25 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖਾਨ, ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ, ਮੁੱਖ ਮੰਤਰੀ ਸਰਦਾਰ ਉਸਮਾਨ ਅਹਿਮਦ ਖਾਨ ਬੁਜ਼ਦਾਰ, ਓਕਾਫ ਬੋਰਡ ਦੇ ਚੇਅਰਮੈਨ ਡਾ. ਆਮਿਰ ਅਹਿਮਦ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਨੂੰ ਪੱਤਰ ਲਿਖਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਸਬੰਧੀ ਵੀਜ਼ਾ ਪ੍ਰਕਿਰਿਆ ਲਈ ਪਹਿਲੀ ਸੂਚੀ ਪਾਕਿਸਤਾਨ ਸਰਕਾਰ ਨੂੰ ਭੇਜ ਦਿੱਤੀ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਜਾਏ ਜਾ ਰਹੇ ਇਸ ਇਤਿਹਾਸਕ ਨਗਰ ਕੀਰਤਨ ਲਈ ਤਿਆਰੀਆਂ ਜਾਰੀ ਹਨ, ਜਿਸ ਦੇ ਚੱਲਦਿਆਂ ਜਿਥੇ ਪਾਕਿਸਤਾਨ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਭੇਜਿਆ ਗਿਆ ਹੈ, ਉਥੇ ਹੀ ਸ਼ਰਧਾਲੂਆਂ ਦੇ ਵੀਜ਼ਿਆਂ ਲਈ ਵੀ ਕਾਰਵਾਈ ਆਰੰਭੀ ਗਈ ਹੈ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਤੇ ਮੈਂਬਰ ਸਾਹਿਬਾਨ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕ ਕਮੇਟੀ, ਚੀਫ਼ ਖ਼ਾਲਸਾ ਦੀਵਾਨ, ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਨੁਮਇੰਦੇ ਸ਼ਾਮਲ ਹੋਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਅਨੁਸਾਰ ਸ੍ਰੀ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ ਤੋਂ ਪਹਿਲਾਂ ਅਗਾਊਂ ਪ੍ਰਬੰਧਾਂ ਲਈ ਇਕ ਵਫ਼ਦ ਭੇਜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਰਾਗੀ ਜਥੇ, ਨਿਸ਼ਾਨਚੀ, ਨਗਾਰਚੀ ਵੀ ਭੇਜੇ ਜਾਣਗੇ। ਵਿਸ਼ੇਸ਼ ਤੌਰ ’ਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਨਗਾਰਾ ਸ੍ਰੀ ਨਨਕਾਣਾ ਸਾਹਿਬ ਲਿਜਾਇਆ ਜਾਵੇਗਾ। ਉਨ੍ਹਾਂ ਪਾਕਿਸਤਾਨ ’ਚ ਵੱਸਣ ਵਾਲੇ ਸਿੱਖਾਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਨਗਰ ਕੀਰਤਨ ’ਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ।