ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 25 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਅਟਾਰੀ ਸਰਹੱਦ ਵਿਖੇ ਸਵਾਗਤ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਜਣ ਲਈ ਪੱਤਰ ਲਿਖਿਆ ਹੈ।
ਉਨ੍ਹਾਂ ਮੁੱਖ ਮੰਤਰੀ ਪੰਜਾਬ ਨੂੰ ਲਿਖਿਆ ਹੈ ਕਿ ਇਸ ਸੁਭਾਗੇ ਮੌਕੇ ’ਤੇ ਪੁੱਜ ਕੇ ਉਹ ਗੁਰੂ ਸਾਹਿਬ ਨੂੰ ਸ਼ਰਧਾ ਸਤਿਕਾਰ ਭੇਟ ਕਰਨ। ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਨਗਰ ਕੀਰਤਨ ਦੇ ਰੂਟ ਅਨੁਸਾਰ ਪੁਲਿਸ ਅਤੇ ਪ੍ਰਸ਼ਾਸਨਿਕ ਪ੍ਰਬੰਧ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੀਰਤਨ ਦੇ ਸਵਾਗਤ ਲਈ ਅਟਾਰੀ ਸਰਹੱਦ ਵਿਖੇ ਪੁੱਜ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖਾਨ, ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ, ਮੁੱਖ ਮੰਤਰੀ ਸਰਦਾਰ ਉਸਮਾਨ ਅਹਿਮਦ ਖਾਨ ਬੁਜ਼ਦਾਰ, ਓਕਾਫ ਬੋਰਡ ਦੇ ਚੇਅਰਮੈਨ ਡਾ. ਆਮਿਰ ਅਹਿਮਦ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਨੂੰ ਵੀ ਪੱਤਰ ਲਿਖਿਆ ਹੈ।