ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ੧ ਅਗਸਤ ੨੦੧੯ ਨੂੰ ਸ਼ੁਰੂ ਹੋਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਦੀਆਂ ਤਿਆਰੀਆਂ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਨਗਰ ਕੀਰਤਨ ਦਾ ਧੁਨੀ ਸ਼ਬਦ ‘ਕਲਿ ਤਾਰਣ ਗੁਰੁ ਨਾਨਕ ਆਇਆ’ ਜਾਰੀ ਕੀਤਾ ਗਿਆ।
ਇਹ ਸ਼ਬਦ ਪ੍ਰਸਿੱਧ ਗਾਇਕ ਸੁਖਵਿੰਦਰ ਸਿੰਘ ਵੱਲੋਂ ਗਾਇਆ ਗਿਆ ਹੈ। ਧੁਨੀ ਸ਼ਬਦ ਰਿਲੀਜ਼ ਕਰਨ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ, ਪ੍ਰਮੁੱਖ ਆਗੂ ਸ. ਦਰਬਾਰਾ ਸਿੰਘ ਗੁਰੂ, ਸ. ਪੀ.ਐਸ. ਪਸਰੀਚਾ, ਮੁੱਖ ਸਕੱਤਰ ਡਾ. ਰੂਪ ਸਿੰਘ, ਮੈਂਬਰ ਸ. ਬਲਦੇਵ ਸਿੰਘ ਚੂੰਘਾਂ, ਸ. ਅਜਮੇਰ ਸਿੰਘ ਖੇੜਾ ਤੇ ਹੋਰਾਂ ਨੇ ਸਾਂਝੇ ਤੌਰ ‘ਤੇ ਨਿਭਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਇਆ ਜਾਣ ਵਾਲਾ ਅੰਤਰਰਾਸ਼ਟਰੀ ਨਗਰ ਕੀਰਤਨ ਅਲੌਕਿਕ ਹੋਵੇਗਾ, ਜਿਸ ਵਿਚ ਸੁਖਵਿੰਦਰ ਸਿੰਘ ਦੀ ਅਵਾਜ਼ ਵਿਚ ਗਾਇਆ ਗਿਆ ਸ਼ਬਦ ‘ਕਲਿ ਤਾਰਣ ਗੁਰੁ ਨਾਨਕ ਆਇਆ’ ਲਗਾਤਾਰ ਚਲਾਇਆ ਜਾਵੇਗਾ। ਉਨ੍ਹਾਂ ਗਾਇਕ ਸੁਖਵਿੰਦਰ ਸਿੰਘ ਦੇ ਉੱਦਮ ਦੀ ਸ਼ਲਾਘਾ ਕੀਤੀ ਅਤੇ ਆਸ ਪ੍ਰਗਟਾਈ ਕਿ ਇਹ ਸ਼ਬਦ ਸੰਗਤਾਂ ਵਿਚ ਪ੍ਰਸਿੱਧੀ ਹਾਸਲ ਕਰੇਗਾ। ਇਸ ਦੌਰਾਨ ਗਾਇਕ ਸੁਖਵਿੰਦਰ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਗਾਇਕ ਸੁਖਵਿੰਦਰ ਸਿੰਘ ਨੇ ਸ਼ਬਦ ਗਾਇਨ ਦੀ ਸੇਵਾ ਲਈ ਆਪਣੇ ਆਪ ਨੂੰ ਵਡਭਾਗਾ ਦੱਸਿਆ। ਉਨ੍ਹਾਂ ਆਖਿਆ ਕਿ ਬੇਸ਼ੱਕ ਉਨ੍ਹਾਂ ਨੂੰ ਆਪਣੀ ਗਾਇਕੀ ਦੇ ਸਫ਼ਰ ਦੌਰਾਨ ਅਨੇਕਾਂ ਮਾਣ-ਸਨਮਾਣ ਪ੍ਰਾਪਤ ਹੋਏ ਹਨ ਪ੍ਰੰਤੂ ਇਹ ਉਨ੍ਹਾਂ ਲਈ ਸਭ ਤੋਂ ਵੱਡਾ ਸਨਮਾਨ ਹੈ। ਉਨ੍ਹਾਂ ਆਪਣੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਮਹਿਜ ੯ ਸਾਲ ਦੀ ਉਮਰ ਵਿਚ ਇਹੀ ਸ਼ਬਦ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਦੇ ਇਤਿਹਾਸਕ ਅਸਥਾਨ ਤੋਂ ਗਾਇਆ ਸੀ। ਉਨ੍ਹਾਂ ਗੁਰੂ ਸਾਹਿਬਾਨ ਦੀ ਪਾਵਨ ਗੁਰਬਾਣੀ ਪ੍ਰਤੀ ਸ਼ਰਧਾ ਤੇ ਸਤਿਕਾਰ ਦੀ ਭਾਵਨਾ ਨਾਲ ਦੱਸਿਆ ਕਿ ਉਦੋਂ ਪਹਿਲੀ ਵਾਰ ਭਾਈ ਗੁਰਦਾਸ ਜੀ ਦਾ ਇਹ ਸ਼ਬਦ ਗਾਇਨ ਕਰਨ ਮਗਰੋਂ ਉਨ੍ਹਾਂ ਨੂੰ ਪਤਾ ਲੱਗਿਆ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਸ਼ਵ ਦੇ ਇਕੋ ਇਕ ਪਾਵਨ ਗੰ੍ਰਥ ਹਨ, ਜੋ ਰਾਗਬੱਧ ਗਾਇਨ ਨਾਲ ਜੋੜਦੇ ਹਨ। ਉਨ੍ਹਾਂ ਕਿਹਾ ਕਿ ਭਾਈ ਗੁਰਦਾਸ ਜੀ ਦੇ ਇਸ ਪਾਵਨ ਸ਼ਬਦ ਨੂੰ ਗਾਇਨ ਕਰਕੇ ਉਨ੍ਹਾਂ ਨੂੰ ਮਾਨਸਿਕ ਸਕੂਨ ਅਤੇ ਅਨੰਦ ਮਿਲਿਆ ਹੈ।