ਅਟਾਰੀ /ਅੰਮ੍ਰਿਤਸਰ – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਸ: ਬਿਕਰਮ ਸਿੰਘ ਮਜੀਠੀਆ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ’ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਇਤਿਹਾਸਕ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਖੁਸ਼ੀ ਜਾਹਰ ਕਰਦਿਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿਤੀ, ਅਤੇ ਕਿਹਾ ਕਿ ਇਸ ਉਪਰਾਲੇ ਨਾਲ ਜਿਥੇ ਸਿੱਖ ਕੌਮ ਦੀ ਵਖਰੀ ਪਛਾਣ ਤੇ ਮਾਨਤਾ ਨੂੰ ਅੰਤਰਾਸ਼ਟਰੀ ਪੱਧਰ ’ਤੇ ਵਡਾ ਬਲ ਮਿਲਿਆ ਉਥੇ ਹੀ ਦੋਹਾਂ ਦੇਸ਼ਾਂ ਦੇ ਆਪਸੀ ਸੰਬੰਧ ਨੂੰ ਵੀ ਮਜਬੂਤੀ ਮਿਲੇਗੀ। ਅਟਾਰੀ ਬਾਡਰ ਵਿਖੇ ਨਗਰ ਕੀਰਤਨ ਦਾ ਸਵਾਗਤ ਕਰਨ ਮੌਕੇ ਉਹਨਾਂ ਕਿਹਾ ਕਿ ਨਗਰ ਕੀਰਤਨ ਦੇ ਭਾਰਤ ਪਹੁੰਚਣ ਸਮੇਂ ਗੁਰੂ ਸਾਹਿਬ ਨੂੰ ਨਤਮਸਤਕ ਹੋਣ ਮਿਲਣ ’ਤੇ ਉਹ ਆਪਣੇ ਆਪ ਨੂੰ ਭਾਗਸ਼ਾਲੀ ਮਹਿਸੂਸ ਕਰ ਰਿਹਾ ਹੈ। ਉਹਨਾਂ ਕੌਮਾਂਤਰੀ ਨਗਰ ਕੀਰਤਨ ਦੀ ਪਹਿਲ ਕਦਮੀ ਅਤੇ ਉਪਰਾਲੇ ਲਈ ਸ੍ਰੋਮਣੀ ਕਮੇਟੀ ਦੀ ਭਰਪੂਰ ਸ਼ਲਾਘਾ ਕੀਤੀ। ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫਾ ਅਤੇ ਮਾਨਵਵਾਦੀ ਸੰਦੇਸ਼ ਨੂੰ ਘਰ ਘਰ ਪਹੁੰਚਾਉਣ ਦੀ ਸੰਗਤ ਨੂੰ ਅਪੀਲ ਕੀਤੀ। ਉਹਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ ਹੁੰਮ ਹੁਮਾ ਕੇ ਪਹੁੰਚਣ ਦੀ ਵੀ ਸੰਗਤਾਂ ਨੂੰ ਅਪੀਲ ਕੀਤੀ ਹੈ।