ਅੰਮ੍ਰਿਤਸਰ – ਜੰਮੂ ਕਸ਼ਮੀਰ ਵਿੱਚੋਂ ਧਾਰਾ ੩੭੦ ਹਟਾਏ ਜਾਣ ਮਗਰੋਂ ਵੱਖ-ਵੱਖ ਥਾਵਾਂ ‘ਤੇ ਰਹਿ ਰਹੀਆਂ ਕਸ਼ਮੀਰ ਦੀਆਂ ਲੜਕੀਆਂ ਦੀ ਸੁਰੱਖਿਆ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਸ਼ਮੀਰ ਦੀਆਂ ਜਿਹੜੀਆਂ ਵੀ ਬੱਚੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਵਿਚ ਆਉਣਗੀਆਂ, ਉਨ੍ਹਾਂ ਦੀ ਸੁਰੱਖਿਆ ਦਾ ਪੁਖਤਾ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਨ੍ਹਾਂ ਲੜਕੀਆਂ ਨੂੰ ਆਪੋ-ਆਪਣੇ ਘਰਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਪ੍ਰਬੰਧ ਕਰੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਕਸ਼ਮੀਰੀ ਲੜਕੀਆਂ ਲਈ ਸੁਰੱਖਿਆ ਲਈ ਹਰ ਸੰਭਵ ਯਤਨ ਹੋਣਗੇ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਵੱਖ-ਵੱਖ ਥਾਵਾਂ ‘ਤੇ ਕਸ਼ਮੀਰੀ ਲੜਕੀਆਂ ਰਹਿ ਰਹੀਆਂ ਹਨ, ਜਿਨ੍ਹਾਂ ਵਿਚ ਸਹਿਮ ਦਾ ਮਾਹੌਲ ਹੈ। ਉਨ੍ਹਾਂ ਆਖਿਆ ਕਿ ਕਸ਼ਮੀਰ ਭਾਰਤ ਦਾ ਅਟੁੱਟ ਅੰਗ ਹੈ, ਇਸ ਲਈ ਉਥੋਂ ਦੀਆਂ ਲੜਕੀਆਂ ਸਾਰੇ ਦੇਸ਼ ਲਈ ਸਤਿਕਾਰਯੋਗ ਹਨ। ਉਨ੍ਹਾਂ ਕਿਹਾ ਕਿ ਧੀਆਂ-ਭੈਣਾਂ ਸਭ ਦੀਆਂ ਸਾਂਝੀਆਂ ਹਨ ਅਤੇ ਖ਼ਾਸਕਰ ਇਸਤਰੀ ਦੀ ਕਦਰ ਸਿੱਖਾਂ ਦਾ ਪਰਮ ਧਰਮ ਕਰਤੱਵ ਹੈ। ਉਨ੍ਹਾਂ ਇਤਿਹਾਸ ਦੇ ਹਵਾਲੇ ਨਾਲ ਆਖਿਆ ਕਿ ਜਦੋਂ ਅਬਦਾਲੀ ਵੇਲੇ ਭਾਰਤੀ ਔਰਤਾਂ ਨੂੰ ਉਠਾਇਆ ਜਾ ਰਿਹਾ ਸੀ ਤਾਂ ਸਿੱਖਾਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਉਨ੍ਹਾਂ ਨੂੰ ਛੁਡਵਾ ਕੇ ਘਰੋ-ਘਰੀਂ ਪਹੁੰਚਾਇਆ ਸੀ। ਉਨ੍ਹਾਂ ਆਖਿਆ ਕਿ ਜੰਮੂ ਕਸ਼ਮੀਰ ਦੀਆਂ ਬੱਚੀਆਂ ਪ੍ਰਤੀ ਮੰਦੀ ਭਾਸ਼ਾ ਬੋਲਣ ਵਾਲੇ ਲੋਕ ਮਨੁੱਖਤਾ ਦੇ ਨਾਂ ‘ਤੇ ਕਲੰਕ ਹਨ ਅਤੇ ਅਜਿਹਾ ਕਰਕੇ ਉਹ ਆਪਣੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਆਦੇਸ਼ ਕੀਤਾ ਹੈ ਕਿ ਕਸ਼ਮੀਰੀ ਬੱਚੀਆਂ ਦੀ ਹਰ ਤਰ੍ਹਾਂ ਮੱਦਦ ਕੀਤੀ ਜਾਵੇ ਅਤੇ ਜੋ ਬੱਚੀਆਂ ਆਪੋ-ਆਪਣੇ ਘਰਾਂ ਤੱਕ ਜਾਣਾ ਚਾਹੁੰਦੀਆਂ ਹਨ ਉਨ੍ਹਾਂ ਨੂੰ ਭੇਜਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਭਾਈ ਲੌਂਗੋਵਾਲ ਦੇ ਨਿਰਦੇਸ਼ ਅਨੁਸਾਰ ਗੁਰਦੁਆਰਾ ਸਾਹਿਬ ਅਤੇ ਵਿਦਿਅਕ ਅਦਾਰਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਅਤੇ ਇਥੇ ਜੋ ਵੀ ਬੱਚੀਆਂ ਆਉਣਗੀਆਂ ਉਨ੍ਹਾਂ ਲਈ ਰਿਹਾਇਸ਼, ਲੰਗਰ ਅਤੇ ਉਨ੍ਹਾਂ ਨੂੰ ਸੁਰੱਖਿਅਤ ਪਹੁੰਚਾਉਣ ਦੀ ਜ਼ੁੰਮੇਵਾਰੀ ਨਿਭਾਈ ਜਾਵੇਗੀ।