ਅੰਮ੍ਰਿਤਸਰ – ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਇਕ ਲੱਖ ਦੇਸੀ ਘਿਓ ਦੇ ਦੀਵੇ ਅਲੌਕਿਕ ਦ੍ਰਿਸ਼ ਪੇਸ਼ ਕਰਨਗੇ। ਇਸ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਦਰਵਾਜ਼ਿਆਂ ਦੇ ਬਾਹਰ ਮੇਜ ਲਗਾ ਕੇ ਦੀਵਿਆਂ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਸੰਗਤ ਨੇ ਕੇਵਲ ਸ਼ਰਧਾ ਪ੍ਰਗਟਾਉਂਦਿਆਂ ਦੀਵਿਆਂ ਨੂੰ ਬਾਲ ਕੇ ਸਰੋਵਰ ਦੁਆਲੇ ਪਰਕਰਮਾਂ ਵਿਚ ਰੱਖਣਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਖੂਬਸੂਰਤ ਸਜ਼ਾਵਟ ਵੀ ਕੀਤੀ ਜਾਵੇਗੀ। ਇਸ ਦੀ ਸੇਵਾ ਮੁੰਬਈ ਨਿਵਾਸੀ ਸ. ਇਕਬਾਲ ਸਿੰਘ ਕਰਵਾ ਰਹੇ ਹਨ।ਡਾ. ਰੂਪ ਸਿੰਘ ਨੇ ਦੱਸਿਆ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਦੀ ਆਰੰਭਤਾ ਭਲਕੇ 13 ਅਕਤੂਬਰ ਨੂੰ ਪੜਤਾਲ ਗਾਇਨ ਸ਼ੈਲੀ ਕੀਰਤਨ ਦਰਬਾਰ ਨਾਲ ਹੋਵੇਗੀ। ਸ੍ਰੀ ਗੁਰੂ ਰਾਮਦਾਸ ਜੀ ਦੀ ਪਾਵਨ ਬਾਣੀ ਅਧਾਰਿਤ ਇਹ ਵਿਲੱਖਣ ਕੀਰਤਨ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਤ 7 ਵਜੇ ਤੋਂ ਦੇਰ ਰਾਤ ਤੱਕ ਚੱਲੇਗਾ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਵੱਖ-ਵੱਖ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਤੋਂ ਪੜਤਾਲ ਗਾਇਨ ਸ਼ੈਲੀ ਦਾ ਕੀਰਤਨ ਸਮਾਗਮ ਆਰੰਭਿਆ ਗਿਆ ਹੈ। ਇਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਪੁਰਾਤਨ ਸ਼ੈਲੀ ਅਨੁਸਾਰ ਕੀਰਤਨ ਕਰਨਗੇ। ਉਨ੍ਹਾਂ ਦੱਸਿਆ ਕਿ 14 ਅਕਤੂਬਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਜਾਣ ਵਾਲਾ ਵਿਸ਼ਾਲ ਨਗਰ ਕੀਰਤਨ ਵੀ ਅਲੌਕਿਕ ਹੋਵੇਗਾ। ਇਹ ਨਗਰ ਕੀਰਤਨ ਪੁਰਾਤਨ ਸ਼ਹਿਰ ਦੇ 12 ਦਰਵਾਜ਼ਿਆਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ। ਨਗਰ ਕੀਰਤਨ ਵਿਚ ਸਕੂਲਾਂ, ਕਾਲਜਾਂ ਦੇ ਤਿੰਨ ਹਜ਼ਾਰ ਦੇ ਵਿਦਿਆਰਥੀ ਹਿੱਸਾ ਲੈਣਗੇ। ਇਸ ਤੋਂ ਇਲਾਵਾ ਅਫ਼ਗਾਨੀ, ਖੋਸਤੀ ਸੰਗਤ ਦੇ ਨਾਲ-ਨਾਲ ਜੰਮੂ ਕਸ਼ਮੀਰ, ਦੁਬਈ ਆਦਿ ਤੋਂ ਵੀ ਸ਼ਰਧਾਲੂ ਪੁੱਜਣਗੇ। ਡਾ. ਰੂਪ ਸਿੰਘ ਨੇ 14 ਅਕਤੂਬਰ ਦੀ ਰਾਤ ਨੂੰ ਹਰ ਸਾਲ ਦੀ ਤਰ੍ਹਾਂ ਰਾਗ ਦਰਬਾਰ ਵੀ ਸਜਾਇਆ ਜਾਵੇਗਾ। ਰਾਗ ਦਰਬਾਰ ਦੀ ਪ੍ਰੰਪਰਾ ਬੀਤੇ ਲੰਮੇ ਅਰਸੇ ਤੋਂ ਚਲਦੀ ਆ ਰਹੀ ਹੈ, ਜਿਸ ਨਾਲ ਸੰਗਤਾਂ ਭਾਵਨਾਤਮਿਕ ਤੌਰ ’ਤੇ ਜੁੜੀਆਂ ਹੋਈਆਂ ਹਨ। ਹੋਰ ਸਮਾਗਮਾਂ ਸਬੰਧੀ ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਵਾਲੇ ਦਿਨ 15 ਅਕਤੂਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸੱਜਣਗੇ। ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ ਦੌਰਾਨ 52 ਕਿਰਤੀਆਂ ਨੂੰ 11-11 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ 52 ਹੋਣਹਾਰ ਪਰ ਲੋੜਵੰਦ ਵਿਦਿਆਰਥੀਆਂ ਨੂੰ ਇਕ ਸਾਲ ਦੀ ਫੀਸ ਦਿੱਤੀ ਜਾਵੇਗੀ। ਬੀਤੇ ਦਿਨਾਂ ਤੋਂ ਸਕੂਲੀ ਬੱਚਿਆਂ ਦੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ’ਚ ਅਵੱਲ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਰਾਤ ਸਮੇਂ ਆਤਿਸ਼ਬਾਜ਼ੀ ਅਤੇ ਦੀਪਮਾਲਾ ਹੋਵੇਗੀ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਤਿੰਨ ਦਿਨਾਂ ’ਚ ਅੱਠ ਲੱਖ ਤੋਂ ਵੱਧ ਸ਼ਰਧਾਲੂਆਂ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣ ਦੀ ਸੰਭਾਵਨਾ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧਕ ਮੁਕੰਮਲ ਕਰ ਲਏ ਗਏ ਹਨ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਇਕ ਲੱਖ ਦੇਸੀ ਘਿਓ ਦੇ ਦੀਵੇ ਅਲੌਕਿਕ ਦ੍ਰਿਸ਼ ਪੇਸ਼ ਕਰਨਗੇ
This entry was posted in ਪੰਜਾਬ.