ਮਹਿਤਾ – ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਅਕਾਲੀ ਦਲ ਨਾਲ ਸੰਬੰਧਿਤ ਅਹੁਦੇਦਾਰ ਵਕੀਲਾਂ ਵੱਲੋਂ ਸਿੱਖ ਨੌਜਵਾਨਾਂ ਦੇ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਦੀ ਵਕਾਲਤ ਲਈ ਅਦਾਲਤ ‘ਚ ਪਹੁੰਚ ਕਰਨ ਦਾ ਸਖ਼ਤ ਨੋਟਿਸ ਲਿਆ ਅਤੇ ਕਿਹਾ ਕਿ ਇਸ ਕਾਰਵਾਈ ਹੈ ਸਿਖ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ।
ਪ੍ਰੋ: ਸਰਚਾਂਦ ਸਿੰਘ ਅਨੁਸਾਰ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ 1991 ਵਿਚ ਆਈ.ਏ.ਐਸ ਅਫ਼ਸਰ ਦਰਸ਼ਨ ਸਿੰਘ ਮੁਲਤਾਨੀ ਦੇ ਬੇਟੇ ਇੰਜੀਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਦੀ ਅਗਾਂਉ ਜ਼ਮਾਨਤ ਲਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿਚ ਅਰਜ਼ੀ ਦਾਇਰ ਵਾਲੇ ਅਕਾਲੀ ਦਲ ਨਾਲ ਸੰਬੰਧਿਤ ਵਕੀਲ ਅਤੇ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦੇ ਚੇਅਰਮੈਨ ਐਡਵੋਕੇਟ ਸਤਨਾਮ ਸਿੰਘ ਕਲੇਰ ਅਤੇ ਅਕਾਲੀ ਦਲ ਦੇ ਬੁਲਾਰੇ ਅਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦੀ ਉਕਤ ਕਾਰਵਾਈ ਪ੍ਰਤੀ ਅਕਾਲੀ ਦਲ ਦੇ ਪ੍ਰਧਾਨ ਨੂੰ ਗੰਭੀਰ ਨੋਟਿਸ ਲੈਣ ਲਈ ਕਿਹਾ।
ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਸ ਦੀ ਸਰਕਾਰ ਨੇ ਸੁਮੇਧ ਸੈਣੀ ਵਿਰੁੱਧ ਕੇਸ ਦਰਜ ਕਰਨ ਦਾ ਹੌਸਲਾ ਕੀਤਾ ਤਾਂ ਉਹ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੈਣੀ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਦਲੇਰੀ ਵੀ ਦਿਖਾਉਣ। ਉਨ੍ਹਾਂ ਕਿਹਾ ਕਿ ਸੈਣੀ ਖੁੱਲ੍ਹੇਆਮ ਫਿਰਦਾ ਰਿਹਾ ਤਾਂ ਉਹ ਸਬੂਤ ਨਸ਼ਟ ਕਰ ਸਕਦਾ ਹੈ। ਉਨ੍ਹਾਂ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਪ੍ਰਤੀ ਵੀ ਸੈਣੀ ਤੋਂ ਜਵਾਬ ਤਲਬੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਖਾੜਕੂਵਾਦ ਦੌਰਾਨ ਮਨੁੱਖੀ ਅਧਿਕਾਰਾਂ ਦਾ ਘਾਣ ਕਰਦਿਆਂ ਅਤੇ ਕਾਨੂੰਨ ਨੂੰ ਸਿੱਕੇ ਟੰਗ ਕੇ ਕੀਤੇ ਗਏ ਝੂਠੇ ਪੁਲੀਸ ਮੁਕਾਬਲਿਆਂ ਦੀ ਪੀੜਾ ਅਜ ਵੀ ਸਿਖ ਹਿਰਦਿਆਂ ‘ਚੋ ਖ਼ਤਮ ਨਹੀਂ ਹੋਈ ਹੈ। ਉਨ੍ਹਾਂ ਸੱਚ ਸਾਹਮਣੇ ਲਿਆਉਣ ਲਈ ਖਾੜਕੂਵਾਦ ਦੌਰਾਨ ਪੁਲੀਸ ਵਲੋਂ ਕੀਤੇ ਗਏ ਝੂਠੇ ਪੁਲੀਸ ਮੁਕਾਬਲਿਆਂ ਦੀ ਨਿਰਪੱਖ ਜਾਂਚ ਕਰਾਉਣ ਲਈ ਵੀ ਕਿਹਾ।