ਚੌਕ ਮਹਿਤਾ/ ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਬੀਤੇ ਦਿਨੀਂ ਖੰਨਾ ਵਿਖੇ ਦਮਦਮੀ ਟਕਸਾਲ ਦੇ ਚੌਧਵੇ ਮੁਖੀ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਅਤੇ ਪੋਸਟਰਾਂ ਦਾ ਅਪਮਾਨ ਕਰਨ ਵਾਲੇ ਸ਼ਿਵ ਸੈਨਾ ਕਾਰਕੁਨਾਂ ਪ੍ਰਤੀ ਸਖ਼ਤ ਰੁਖ ਅਖਤਿਆਰ ਕਰਦਿਆਂ ਪੰਜਾਬ ਦੀ ਅਮਨ ਸ਼ਾਂਤੀ ਨੂੰ ਲਾਂਬੂ ਲਾਉਣ ਦੀ ਤਾਕ ਵਿਚ ਬੈਠੀ ਸ਼ਿਵ ਸੈਨਾ ਨੂੰ ਬਾਜ਼ ਆਉਣ ਦੀ ਸਖ਼ਤ ਚਿਤਾਵਨੀ ਦਿੱਤੀ ਅਤੇ ਕਿਹਾ ਕਿ ਸੰਤਾਂ ਦਾ ਅਪਮਾਨ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉੱਥੇ ਹੀ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਨੂੰ ਵੀ ਇਨ੍ਹਾਂ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਸੰਤਾਂ ਨਾਲ ਜੁੜੀਆਂ ਹੋਈਆਂ ਹਨ, ਸ਼ਿਵ ਸੈਨਿਕਾਂ ਵੱਲੋਂ ਸੰਤ ਭਿੰਡਰਾਂਵਾਲਿਆਂ ਦੀਆਂ ਤਸਵੀਰ ਦੇ ਕੀਤੇ ਗਏ ਅਪਮਾਨ ਨੇ ਸਿੱਖ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ। ਜਿਸ ਕਾਰਨ ਸਿੱਖ ਮਨਾਂ ਵਿਚ ਭਾਰੀ ਰੋਸ ਹੈ। ਪੰਜਾਬ ਸਰਕਾਰ ਨੂੰ ਇਸ ਮੁੱਦੇ ਦੀ ਸੰਜੀਦਗੀ ਨੂੰ ਧਿਆਨ ਵਿਚ ਰੱਖਣ ਦੀ ਗਲ ਕਰਦਿਆਂ ਕਿਹਾ ਕਿ ਸੰਤ ਭਿੰਡਰਾਂਵਾਲੇ ਸਿੱਖ ਕੌਮ ਦੇ ਧਾਰਮਿਕ ਆਗੂ ਸਨ। ਉਨ੍ਹਾਂ ਸਿੱਖ ਕੌਮ ਅਤੇ ਪੰਜਾਬ ਦੇ ਹੱਕਾਂ ਹਿਤਾਂ ਲਈ ਵੱਡੀ ਪਹਿਰੇਦਾਰੀ ਕਰਦਿਆਂ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜਮਾਨੀ ਕੀਤੀ, ਉਨ੍ਹਾਂ ਵੱਲੋਂ ਕੀਤੀ ਗਈ ਅਗਵਾਈ ਕਾਰਨ ਸਿੱਖ ਕੌਮ ਅੱਜ ਵੀ ਉਨ੍ਹਾਂ ਨੂੰ ਆਪਣਾ ਨਾਇਕ ਮੰਨਦਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੀਹਵੀਂ ਸਦੀ ਦਾ ਮਹਾਨ ਸਿੱਖ ਅਤੇ ਸ਼ਹੀਦ ਦਾ ਰੁਤਬਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਤ ਭਿੰਡਰਾਂਵਾਲਿਆਂ ਖ਼ਿਲਾਫ਼ ਕੋਈ ਵੀ ਕਿਸੇ ਕਿਸਮ ਦਾ ਮਾਮਲਾ ਦਰਜ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਵਰਗੇ ਮੁੱਠੀ ਭਰ ਸ਼ਰਾਰਤੀ ਅਨਸਰ ਸਸਤੀ ਸ਼ੁਹਰਤ ਅਤੇ ਅਮਨ ਸ਼ਾਂਤੀ ਭੰਗ ਕਰਨ ਤੋਂ ਇਲਾਵਾ ਸਮਾਜ ਵਿਚ ਨਫ਼ਰਤ ਫੈਲਾਉਣ ਹਿਤ ਸੰਤ ਭਿੰਡਰਾਂਵਾਲਿਆਂ ਦੇ ਪੋਸਟਰਾਂ ਅਤੇ ਤਸਵੀਰਾਂ ਨਾਲ ਛੇੜ ਛਾੜ ਅਤੇ ਅਪਮਾਨ ਕਰਨ ਤੋਂ ਇਲਾਵਾ ਉਨ੍ਹਾਂ ਖ਼ਿਲਾਫ਼ ਕੂੜ ਪ੍ਰਚਾਰ ਕਰਨ ‘ਚ ਲੱਗੇ ਰਹਿੰਦੇ ਹਨ। ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਫ਼ਿਰਕਾਪ੍ਰਸਤ ਲੋਕਾਂ ਨੇ ਅਤੀਤ ਤੋਂ ਕੋਈ ਸਬਕ ਨਹੀਂ ਸਿੱਖਿਆ, ਸ਼ਿਵ ਸੈਨਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੋਂ ਬਾਜ਼ ਆਵੇ। ਨਹੀਂ ਤਾਂ ਦਮਦਮੀ ਟਕਸਾਲ ਸਿੱਖ ਸੰਗਤਾਂ ਤੇ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ ਲਈ ਮਜਬੂਰ ਹੋਵੇਗੀ।