ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਿੱਜਦਾ ਕਰਨ ਲਈ ਪ੍ਰਸਤਾਵਿਤ ਦਿੱਲੀ – ਅੰਮ੍ਰਿਤਸਰ- ਕਟੜਾ ਐਕਸਪ੍ਰੈੱਸ ਵੇਅ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ‘ਤੇ ਸਮਰਪਿਤ ਕਰਨ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ।
ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਕਿਹਾ ਕਿ ਵਿਸ਼ਵ ਪੱਧਰ ‘ਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਤੋਂ ਇਲਾਵਾ ਕੋਈ ਹੋਰ ਧਰਮ ਗੁਰੂ ਜਾਂ ਰਹਿਬਰ ਅਜਿਹਾ ਨਹੀਂ ਹੋਇਆ ਜਿਸ ਨੇ ਦੂਜੇ ਧਰਮ ਦੀ ਖ਼ਾਤਰ ਆਪਾ ਕੁਰਬਾਨ ਕੀਤਾ ਹੋਵੇ। ਦਿੱਲੀ – ਅੰਮ੍ਰਿਤਸਰ- ਕਟੜਾ ਐਕਸਪ੍ਰੈੱਸ ਵੇਅ ਦੀ ਗਲ ਕਰਦਿਆਂ ਉਨ੍ਹਾਂ ਕਿਹਾ ਕਿ ਕਸ਼ਮੀਰੀ ਪੰਡਿਤਾਂ ਦੀ ਫ਼ਰਿਆਦ ਸੁਣ ਕੇ ਦਿੱਲੀ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਹਿੰਦੂ ਧਰਮ, ਤਿਲਕ ਜੰਞੂ ਨੂੰ ਬਚਾਉਣ ਲਈ ਲਾਸਾਨੀ ਸ਼ਹਾਦਤ ਦਿੱਤੀ ਅਤੇ ਅੰਮ੍ਰਿਤਸਰ ਉਨ੍ਹਾਂ ਦਾ ਪ੍ਰਕਾਸ਼ ਅਸਥਾਨ ਹੈ । ਉਨ੍ਹਾਂ ਕਿਹਾ ਕਿ ਅਗਲੇ ਸਾਲ 2021 ਵਿਚ ਗੁਰੂ ਤੇਗ਼ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸਿੱਖ ਕੌਮ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਰਾਸ਼ਟਰੀ ਛੁੱਟੀ ਘੋਸਤਿ ਕੀਤੀ ਜਾਵੇ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੱਘਰ ਸੁਦੀ ਪੰਚਮੀ ਨੂੰ ਹਰ ਸਾਲ ਦੇਸ਼ ਵਿਚ ਰਾਸ਼ਟਰੀ (ਸਰਕਾਰੀ) ਛੁੱਟੀ ਦਾ ਐਲਾਨ ਕੀਤਾ ਜਾਵੇ। ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਅਜਿਹੀ ਲਾਸਾਨੀ ਕੁਰਬਾਨੀ ਨੂੰ ਸਿੱਜਦਾ ਕਰਨ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ‘ਤੇ ਰਾਸ਼ਟਰੀ ਅਵਾਰਡ ( ਸਨਮਾਨ) ਘੋਸਤਿ ਕਰਨ ਅਤੇ ਇਹ ਅਵਾਰਡ ਹਰ ਸਾਲ ਸਰਬ ਸਾਂਝੀਵਾਲਤਾ ਨੂੰ ਪਰਨਾਈਆਂ ਅਹਿਮ ਸ਼ਖ਼ਸੀਅਤਾਂ ਵਿਚੋਂ ਇਕ ਨੂੰ ਦੇਣ ਦੀ ਅਪੀਲ ਕੀਤੀ। ਉਨ੍ਹਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪਰਕਾਸ਼ ਸ਼ਤਾਬਦੀ ਦੇਸ਼ ਵਿਦੇਸ਼ ਵਿਚ ਵੀ ਮਨਾਉਂਦਿਆਂ ਭਾਈਚਾਰਕ ਸਾਂਝ ਦੀ ਮਜ਼ਬੂਤੀ, ਵਿਸ਼ਵ ਸ਼ਾਂਤੀ ਪ੍ਰਤੀ ਸੁਨੇਹਾ ਦੇਣ ਲਈ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਅਤੇ ਜੀਵਨ ਯੋਗਦਾਨ ਨੂੰ ਪ੍ਰਚਾਰਨ ਲਈ ਕਿਹਾ।
ਅੰਮ੍ਰਿਤਸਰ- ਕਟੜਾ ਐਕਸਪ੍ਰੈੱਸ ਵੇਅ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ‘ਤੇ ਸਮਰਪਿਤ ਕੀਤਾ ਜਾਵੇ : ਟਕਸਾਲ ਮੁਖੀ
This entry was posted in ਪੰਜਾਬ.