ਮਹਿਤਾ ਚੌਕ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਅਤੇ ਮਿਸਾਲੀ ਕਾਰਵਾਈ ਕਰਨ ਦੀ ਸਰਕਾਰ ਤੋਂ ਮੰਗ ਕੀਤੀ ਹੈ। ਉਨ੍ਹਾਂ ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਅਤੇ ਪਿੰਡ ਜੱਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਕਿਹਾ ਕਿ ਬੇਅਦਬੀਆਂ ਲਈ ਦੋਸ਼ੀਆਂ ਪ੍ਰਤੀ ਸਰਕਾਰ ਦੀ ਢਿੱਲਮੱਠ ਵਾਲੀ ਨੀਤੀ ਕਾਰਨ ਦੋਸ਼ੀ ਅਤੇ ਸ਼ਰਾਰਤੀ ਅਨਸਰ ਸ਼ਰੇਆਮ ਬੇਖ਼ੌਫ ਹੋ ਕੇ ਬੇਅਦਬੀ ਵਰਗੇ ਕਾਰਿਆਂ ਨੂੰ ਅੰਜਾਮ ਦੇ ਰਹੇ ਹਨ ਜਿਸ ਨਾਲ ਸਿੱਖ ਹਿਰਦੇ ਵਾਰ ਵਾਰ ਵਲੂੰਧਰੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੇ ਮਿਸਾਲੀ ਸਜਾਵਾਂ ਦੇ ਕੇ ਸਬਕ ਸਿਖਾਇਆ ਜਾਣਾ ਚਾਹੀਦਾ ਹੈ ਤਾਂ ਕਿ ਕੋਈ ਵੀ ਗੁਰੂ ਦੋਖੀ ਬੇਅਦਬੀ ਕਰਨ ਬਾਰੇ ਸੋਚ ਵੀ ਨਾ ਸਕੇ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪਿੰਡ ਤਰਖਾਣ ਮਾਜਰਾ ’ਚ ਕੀਤੀ ਗਈ ਬੇਅਦਬੀ ਲਈ ਦੋਸ਼ੀ ਨੂੰ ਦਬੋਚ ਲਿਆ ਗਿਆ ਹੈ ਪਰ ਉਸ ਹਿਰਦੇਵੇਧਕ ਘਟਨਾ ਪਿੱਛੇ ਛੁਪੇ ਸਾਜਿਸ਼ਕਾਰਾਂ ਨੂੰ ਜਲਦ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਲਈ ਜ਼ਿੰਮੇਵਾਰ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਹਿਰਦੇਵੇਧਕ ਘਟਨਾਵਾਂ ਦਾ ਕਿਸੇ ਨਾ ਕਿਸੇ ਰੂਪ ‘ਚ ਜਾਰੀ ਰਹਿਣਾ ਜਿੱਥੇ ਬੇਹੱਦ ਦੁਖਦਾਈ ਹੈ ਉੱਥੇ ਰਾਜ ਦਾ ਮਾਹੌਲ ਵੀ ਖ਼ਰਾਬ ਹੋ ਸਕਦਾ ਹੈ। ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਸਰਕਾਰ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਬੇਅਦਬੀ ਦੀਆਂ ਅਫ਼ਸੋਸਨਾਕ ਘਟਨਾਵਾਂ ਨੇ ਰਾਜ ਦੇ ਅਮਨ ਕਾਨੂੰਨ ਅਤੇ ਸਿਆਸੀ ਫ਼ਿਜ਼ਾ ਨੂੰ ਹਿਲਾ ਕੇ ਰੱਖ ਦਿੱਤਾ ਸੀ। ਉਨ੍ਹਾਂ ਸਰਕਾਰ ਨੂੰ ਧਾਰਮਿਕ ਮਾਮਲਿਆਂ ’ਚ ਦੋਸ਼ੀਆਂ ਪ੍ਰਤੀ ਸਖ਼ਤ ਰਵੱਈਆ ਅਪਣਾਉਣ ਅਤੇ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ, ਪਾਵਨ ਗੁਰਬਾਣੀ ਪੋਥੀਆਂ ਦੀ ਸੇਵਾ ਸੰਭਾਲ ਵੱਲ ਵਿਸ਼ੇਸ਼ ਤਵੱਜੋ ਦੇਣ, ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣ ਤੋਂ ਇਲਾਵਾ ਸੂਬੇ ‘ਚ ਅਮਨ ਸ਼ਾਂਤੀ ਅਤੇ ਫ਼ਿਰਕੂ ਸਦਭਾਵਨਾ ਬਣਾਈ ਰੱਖਣ ਦੀ ਵੀ ਅਪੀਲ ਕੀਤੀ ।