ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਆਪਣੇ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਅਤੇ ਮੌਜੂਦਾ ਸਮੇਂ ਫੈਲੀਆਂ ਸਮਾਜਿਕ ਕੁਰੀਤੀਆਂ ਵਿਰੁੱਧ ਸੰਘਰਸ਼ਸ਼ੀਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬਾਨ ਦੀ ਸੋਚ ਅਨੁਸਾਰ ਉਸਰੇ ਪੰਜਾਬ ਦੇ ਸੱਭਿਆਚਾਰ ਨੂੰ ਗੰਧਲਾ ਕਰਨ ਵਾਲੀਆਂ ਸ਼ਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦਾ ਸਫਾਇਆ ਕਰਨਾ ਅੱਜ ਦੀ ਵੱਡੀ ਜ਼ਰੂਰਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਹਾੜੇ ਦੀ ਵੀ ਸਿੱਖ ਜਗਤ ਨੂੰ ਵਧਾਈ ਦਿੱਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੇ ਸੰਬੋਧਨ ਦੌਰਾਨ ਸ਼ਹੀਦ ਭਾਈ ਮਨੀ ਸਿੰਘ ਨੂੰ ਵੀ ਯਾਦ ਕੀਤਾ ਅਤੇ ਉਨ੍ਹਾਂ ਦੇ ਜੀਵਨ ਤੋਂ ਸੰਗਤਾਂ ਅਤੇ ਖ਼ਾਸਕਰ ਸਿੱਖ ਨੌਜੁਆਨੀ ਨੂੰ ਪ੍ਰੇਰਣਾ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਸੱੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਿੱਖ ਧਰਮ ਅੰਦਰ ਬੰਦੀ ਛੋੜ ਦਿਵਸ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਇਸ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ ਨੇ ਵੀ ਵਿਚਾਰ ਸਾਂਝੇ ਕਰਦਿਆਂ ਸੰਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਗੱਜਣ ਸਿੰਘ, ਗਿਆਨੀ ਸੰਤ ਸਿੰਘ ਮਸਕੀਨ ਦੇ ਸਪੁੱਤਰ ਭਾਈ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਮੁਖਤਾਰ ਸਿੰਘ, ਭਾਈ ਸੁਖਜੀਤ ਸਿੰਘ ਘਨੱਈਆ, ਸ. ਬਘੇਲ ਸਿੰਘ, ਸ. ਜਸਪਾਲ ਸਿੰਘ ਢੱਡੇ, ਸ. ਦਰਸ਼ਨ ਸਿੰਘ ਆਦਿ ਮੌਜੂਦ ਸਨ।