ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ ਦਿੱਤੀ ਗਈ ਅਤੇ ਗੁਰੂ ਬਖ਼ਸ਼ਿਸ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਕਮੇਟੀ ਵਿਖੇ ਸਾਬਕਾ ਅਧਿਕਾਰੀਆਂ ਨੇ ਬੀਬੀ ਜਗੀਰ ਕੌਰ ਨਾਲ ਇਕੱਤਰਤਾ ਵੀ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਜਿਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ, ਉਥੇ ਹੀ ਧਰਮ ਪ੍ਰਚਾਰ ਸਮੇਤ ਸੰਸਥਾ ਦੇ ਕਾਰਜਾਂ ਤੋਂ ਸੰਗਤ ਨੂੰ ਜਾਣੂ ਕਰਵਾਉਣ ਲਈ ਸਹਿਯੋਗੀ ਬਣੇ ਰਹਿਣ ਦਾ ਭਰੋਸਾ ਦਿੱਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਆਖਿਆ ਕਿ ਸਾਬਕਾ ਅਧਿਕਾਰੀਆਂ ਅਤੇ ਕਰਮਚਾਰੀਆਂ ਕੋਲ ਸ਼੍ਰੋਮਣੀ ਕਮੇਟੀ ਦੇ ਕੰਮ-ਕਾਜ ਦਾ ਲੰਮਾ ਤਜ਼ਰਬਾ ਹੈ, ਜਿਸ ਲਈ ਇਨ੍ਹਾਂ ਪਾਸੋਂ ਸਮੇਂ-ਸਮੇਂ ਸੁਝਾਅ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਮੁੱਚੇ ਪੰਥ ਦੀ ਨੁਮਾਇੰਦਾ ਸੰਸਥਾ ਹੈ ਅਤੇ ਇਹ ਧਰਮ ਪ੍ਰਚਾਰ ਦੇ ਨਾਲ-ਨਾਲ ਸਮਾਜ ਭਲਾਈ ਦੇ ਕੰਮਾਂ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸੇ ਤਹਿਤ ਹੀ ਮੌਜੂਦਾ ਸਮੇਂ ਕਿਸਾਨ ਸੰਘਰਸ਼ ਵਿਚ ਸ਼੍ਰੋਮਣੀ ਕਮੇਟੀ ਸਹਿਯੋਗੀ ਬਣੀ ਹੋਈ ਹੈ। ਦਿੱਲੀ ਵਿਖੇ ਕਿਸਾਨਾਂ ਲਈ ਲੰਗਰ, ਮੈਡੀਕਲ ਸੇਵਾਵਾਂ, ਰਹਿਣ ਲਈ ਪ੍ਰਬੰਧ ਕਰਨ ਸਮੇਤ ਬੀਬੀਆਂ ਲਈ ਆਰਜ਼ੀ ਬਾਥਰੂਮਾਂ ਦੀ ਸਹੂਲਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੰਘਰਸ਼ ਦੌਰਾਨ ਚਲਾਣਾ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਮਾਲੀ ਮੱਦਦ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿਚ ਦੋ ਟਰੱਕ ਗੱਦਿਆਂ ਅਤੇ ਕੰਬਲਾਂ ਦੇ ਵੀ ਭੇਜੇ ਗਏ ਹਨ ਅਤੇ ਲੋੜ ਪੈਣ ’ਤੇ ਹੋਰ ਪ੍ਰਬੰਧ ਵੀ ਕੀਤੇ ਜਾਣਗੇ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਆਪਣੀ ਅੜ੍ਹੀ ਛੱਡ ਕੇ ਠੰਡ ਦੇ ਮੌਸਮ ਵਿਚ ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ ਅਤੇ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਨ। ਇਸ ਮੌਕੇ ਸਾਬਕਾ ਮੁਲਾਜ਼ਮਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨਾਂ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
ਸ੍ਰੀ ਮੋਦੀ ਅੜ੍ਹੀ ਛੱਡ ਕੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ-ਬੀਬੀ ਜਗੀਰ ਕੌਰ
This entry was posted in ਪੰਜਾਬ.