ਚੰਡੀਗੜ੍ਹ – ਕੇਂਦਰ ਸਰਕਾਰ ਨੇ ਮਕਾਰੀ ਦੀਆਂ ਸਾਰੀਆਂ ਹੱਦਾਂ ਪਾਰ ਕਰਦੇ ਹੋਏ, ਪੰਜਾਬ ਦੇ ਆੜ੍ਹਤੀਆਂ ਦੇ ਘਰਾਂ ਵਿੱਚ ਇਨਕਮ ਟੈਕਸ ਦੀਆਂ ਟੀਮਾਂ ਵੱਲੋਂ ਛਾਪੇ ਮਾਰੇ ਗਏ ਹਨ। ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਸਖਤ ਆਲੋਚਨਾ ਕਰਦੇ ਹੋਏ ਕਿਹਾ ਕਿ ਅੰਦੋਲਨ ਕਰ ਰਹੇ ਕਿਸਾਨਾਂ ਦੀ ਹਿਮਾਇਤ ਕਰਨ ਵਾਲੇ ਆੜਤੀਆਂ ਨੂੰ ਡਰਾਉਣ ਦੀ ਇਹ ਘੱਟੀਆ ਹਰਕਤ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਕੋਝੀਆਂ ਚਾਲਾਂ ਨਾਲ ਸਰਕਾਰ ਦੇ ਖਿਲਾਫ਼ ਲੋਕਾਂ ਦਾ ਗੁੱਸਾ ਹੋਰ ਭੜਕੇਗਾ।
ਸੀਐਮ ਨੇ ਕਿਹਾ ਕਿ ਆੜ੍ਹਤੀਆਂ ਵੱਲੋਂ ਨੋਟਿਸ ਦਾ ਜਵਾਬ ਦੇਣ ਤੋਂ ਪਹਿਲਾਂ ਹੀ ਪੰਜਾਬ ਵਿੱਚ ਇਨਕਮ ਟੈਕਸ ਵਿਭਾਗ ਵੱਲੋਂ ਆੜ੍ਹਤੀਆਂ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ ਜੋ ਕਿ ਸਾਫ਼ ਸਾਫ਼ ਇਹ ਦਰਸਾਉਂਦਾ ਹੈ ਕਿ ਕੇਂਦਰ, ਕਿਸਾਨਾਂ ਦੇ ਅੰਦੋਲਨ ਨੂੰ ਕਿਸੇ ਨਾ ਕਿਸੇ ਤਰੀਕੇ ਖ਼ਤਮ ਕਰਵਾਉਣਾ ਚਾਹੁੰਦੀ ਹੈ। ਅਜਿਹੀਆਂ ਬਦਲਾਖੋਰੀ ਦੀਆਂ ਕਾਰਵਾਈਆਂ ਦੇਸ਼ ਦੇ ਸਭ ਤੋਂ ਵੱਡੇ ਲੋਕਤੰਤਰਿਕ ਦੇਸ਼ ਲਈ ਠੀਕ ਨਹੀਂ। ਮੈਂ ਫਿਰ ਤੋਂ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਕਿਸਾਨਾਂ ਦੀ ਗੱਲ ਸੁਣਨ ਤੇ ਆਪਣੇ ਬਣਾਏ ਖੇਤੀ ਕਾਨੂੰਨ ਰੱਦ ਕਰ ਦੇਣ।
ਉਨ੍ਹਾਂ ਨੇ ਕਿਹਾ ਕਿ ਇਸ ਸੱਭ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਦੇ ਕੁਝ ਆੜਤੀਆਂ ਦੇ ਘਰਾਂ ਤੇ ਬੜੇ ਯੋਜਨਾਬੱਧ ਢੰਗ ਨਾਲ ਛਾਪੇਮਾਰੀ ਕੀਤੀ ਜਾ ਰਹੀ ਹੈ। ਆੜ੍ਹਤੀਆਂ ਨੂੰ ਡਰਾਉਣ-ਧਮਕਾਉਣ ਲਈ ਮੋਦੀ ਸਰਕਾਰ ਹਰ ਹੱਥਕੰਡਾ ਵਰਤ ਰਹੀ ਹੈ। ਮੁੱਖਮੰਤਰੀ ਨੇ ਕਿਹਾ ਕਿ ਅਜਿਹੀਆਂ ਦਮਨਕਾਰੀਆਂ ਨੀਤੀਆਂ ਸਤਾਧਾਰੀ ਬੀਜੇਪੀ ਨੂੰ ਹੀ ਉਲਟੀਆਂ ਪੈਣਗੀਆਂ। ਕਿਸਾਨਾਂ ਦੇ ਦਿੱਲੀ ਵਿੱਚ ਚੱਲ ਰਹੇ ਅੰਦੋਲਨ ਨੂੰ ਕਮਜੋਰ ਕਰਨ ਲਈ ਆੜ੍ਹਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤਾਂ ਜੋ ਉਹ ਇਸ ਸੰਘਰਸ਼ ਵਿੱਚ ਪੂਰੀ ਸਰਗਰਮੀ ਨਾਲ ਕਿਸਾਨਾਂ ਨੂੰ ਸਮੱਰਥਨ ਨਾ ਕਰ ਸਕਣ।