ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਵਿਚ ਤਾਲਿਬਾਨ ਵੱਲੋਂ ਸਿੱਖ ਭਾਈਚਾਰੇ ਨੂੰ ਦਿੱਤੀਆਂ ਗਈਆਂ ਧਮਕੀਆਂ, ਭਾਰਤ ਦੇ ਵੱਖ ਵੱਖ ਹਿੱਸਿਆਂ ‘ਚ ਸਿੱਖਾਂ ਦੀ ਕੁੱਟ ਮਾਰ ਅਤੇ ਬਠਿੰਡਾ ਵਿਖੇ ਪਾਵਨ ਗੁਟਕਾ ਸਾਹਿਬ ਦੀ ਕੀਤੀ ਗਈ ਬੇਅਦਬੀ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਸ਼ਰਤ ਸ਼ਬਦਾਂ ਨਾਲ ਨਿਖੇਧੀ ਕੀਤੀ ਹੈ।
ਪ੍ਰੋ: ਸਰਚਾਂਦ ਸਿੰਘ ਅਨੁਸਾਰ ਦਮਦਮੀ ਟਕਸਾਲ ਦੇ ਮੁਖੀ ਨੇ ਸਿੱਖ ਭਾਈਚਾਰੇ ਨੂੰ ਮਿਲ ਰਹੀਆਂ ਧਮਕੀਆਂ ਨੂੰ ਸੰਜੀਦਗੀ ਨਾਲ ਲੈਣ ਅਤੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਅਤੇ ਭਾਰਤ ਸਰਕਾਰ ਨੂੰ ਉਕਤ ਮਾਮਲੇ ‘ਚ ਦਖ਼ਲ ਦੇਣ ਲਈ ਕਿਹਾ। ਉਨ੍ਹਾਂ ਲਖੀਮਪੁਰ ਬਿਹਾਰ ਵਿਖੇ ਪੁਲੀਸ ਦੀ ਹਾਜ਼ਰੀ ਵਿਚ ਇਕ ਸਿੱਖ ਬਜ਼ੁਰਗ ਨਾਲ ਭੀੜ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਰਾਜਸਥਾਨ ਦੇ ਕਸਬਾ ਸੀਕਰੀ ਜਲਿ੍ਹਾ ਭਰਤਪੁਰ ਵਿਖੇ ਸਿੱਖ ਨੌਜਵਾਨ ਦੀ ਕੀਤੀ ਗਈ ਕੁੱਟਮਾਰ ‘ਤੇ ਚਿੰਤਾ ਜ਼ਾਹਿਰ ਕਰਦਿਆਂ ਭਾਰਤ ਵਿਚ ਸਿੱਖਾਂ ਦੀ ਸੁਰੱਖਿਆ ਪ੍ਰਤੀ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਠੋਸ ਯਤਨ ਕਰਨ ਲਈ ਕਿਹਾ। ਉਨ੍ਹਾਂ ਤਾਮਿਲਨਾਡੂ ਦੀ ਇਕ ਬੀੜੀ ਫ਼ੈਕਟਰੀ ਵੱਲੋਂ ਬੀੜੀ ਬੰਡਲਾਂ ‘ਤੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਛਾਪਣ ਦਾ ਸਖ਼ਤ ਨੋਟਿਸ ਲਿਆ ਅਤੇ ਕਿਹਾ ਕਿ ਸਿੱਖ ਧਰਮ ਲਈ ਵਿਵਰਜਿਤ ਤਮਾਕੂ ਦੀਆਂ ਬੰਡਲਾਂ ‘ਤੇ ਗੁਰੂ ਸਾਹਿਬ ਦੀ ਤਸਵੀਰ ਲਗਾਉਣਾ ਸਿੱਖ ਭਾਵਨਾਵਾਂ ਨੂੰ ਜਾਣਬੁੱਝ ਕੇ ਠੇਸ ਪਹੁੰਚਾਉਣ ਦੀ ਸਾਜਸ਼ਿ ਹੈ। ਉਨ੍ਹਾਂ ਅਜਿਹੀ ਘਟੀਆ ਹਰਕਤ ਲਈ ਜiੰਮੇਵਾਰ ਫ਼ੈਕਟਰੀ ਮਾਲਕਾਂ ‘ਤੇ ਕੇਸ ਦਰਜ ਕਰਦਿਆਂ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਬਠਿੰਡਾ ਵਿਖੇ ਪਾਵਨ ਗੁਟਕਾ ਸਾਹਿਬ ਦੀ ਕੀਤੀ ਗਈ ਬੇਅਦਬੀ ਨੂੰ ਉਨ੍ਹਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਗਹਿਰੀ ਸਾਜਸ਼ਿ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਬੇਅਦਬੀ ਰਾਹੀਂ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਦਿਆਂ ਭਾਈਚਾਰਕ ਸਾਂਝ ਨੂੰ ਖੇਰੂੰ ਖੇਰੂੰ ਕਰਨ ਦੀ ਤਾਕ ਲਗਾਈ ਬੈਠੀਆਂ ਹਨ। ਜਿਨ੍ਹਾਂ ਬਾਰੇ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਦੋਸ਼ੀਆਂ ਦੀ ਸ਼ਨਾਖ਼ਤ ਕਰਦਿਆਂ ਸਖ਼ਤ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੇਅਦਬੀ ਦੇ ਦੋਸ਼ੀਆਂ ਪ੍ਰਤੀ ਨਰਮੀ ਵਰਤ ਰਹੀ ਹੈ ਜਿਸ ਦਾ ਫ਼ਾਇਦਾ ਪੰਥ ਵਿਰੋਧੀ ਲੈ ਰਹੇ ਹਨ।