ਮਹਿਤਾ ਚੌਕ / ਅੰਮ੍ਰਿਤਸਰ - ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਪ੍ਰਤੀ ਅੜੀਅਲ ਵਤੀਰਾ ਤਿਆਗਦਿਆਂ ਕਿਸਾਨ ਮਸਲਿਆਂ ਦੇ ਸਥਾਈ ਹੱਲ ਲਈ ਕਿਸਾਨ ਆਗੂਆਂ ਦੀ ਤੁਰੰਤ ਮੀਟਿੰਗ ਬੁਲਾਉਣੀ ਚਾਹੀਦੀ ਹੈ।
ਦਮਦਮੀ ਟਕਸਾਲ ਦੇ ਹੈੱਡ ਕੁਆਟਰ ਵਿਖੇ ਦਮਦਮੀ ਟਕਸਾਲ ਦੇ ਮੁਖੀ ਨਾਲ ਮੁਲਾਕਾਤ ਕਰਨ ਆਏ ਸੰਤ ਬਾਬਾ ਜਸਪਾਲ ਸਿੰਘ ਮੰਜੀ ਸਾਹਿਬ ਕਾਰਸੇਵਾ ਚਮਰੰਗ ਰੋਡ ਅਤੇ ਫੈਡਰੇਸ਼ਨ ਦੇ ਸਾਬਕਾ ਆਗੂ ਭਾਈ ਇਕਬਾਲ ਸਿੰਘ ਤੁੰਗ ਨਾਲ ਕਿਸਾਨੀ ਮਾਮਲਿਆਂ ’ਤੇ ਡੂੰਘੀਆਂ ਵਿਚਾਰਾਂ ਕੀਤੀਆਂ। ਇਸ ਬਾਰੇ ਪ੍ਰੋ: ਸਰਚਾਂਦ ਸਿੰਘ ਵਲੋਂ ਦਿਤੀ ਜਾਣਕਾਰੀ ’ਚ ਦਮਦਮੀ ਟਕਸਾਲ ਦੇ ਮੁਖੀ ਨੇਂ ਬਾਬਾ ਜਸਪਾਲ ਸਿੰਘ ਵੱਲੋਂ ਕਿਸਾਨੀ ਸੰਘਰਸ਼ ਦੀ ਫ਼ਤਿਹਯਾਬੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਹਿਜ ਪਾਠਾਂ ਦੀ ਲੜੀ ਆਰੰਭ ਕਰਦਿਆਂ ਗੁਰੂ ਸਾਹਿਬ ਦਾ ਓਟ ਆਸਰਾ ਲੈਣ ਦੀ ਸ਼ਲਾਘਾ ਕੀਤੀ। ਉਨ੍ਹਾਂ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਖੇਤੀ ਬਾਰੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਪ੍ਰਤੀ ਕਿਸਾਨਾਂ ਦੀ ਮੰਗ ’ਤੇ ਕੇਂਦਰ ਸਰਕਾਰ ਵੱਲੋਂ ਸਾਰਥਿਕ ਹੁੰਗਾਰਾ ਨਹੀਂ ਭਰਿਆ ਜਾ ਰਿਹਾ।ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਵੱਡੀ ਗਿਣਤੀ ‘ਚ ਕਿਸਾਨ ਪਿਛਲੇ 7 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਅਗਲੇ ਆਦੇਸ਼ਾਂ ਤੱਕ ਰੋਕ ਲਗਾਈ ਹੋਈ ਹੈ ਫਿਰ ਵੀ ਕੇਂਦਰ ਸਰਕਾਰ ਨੂੰ ਗੱਲਬਾਤ ‘ਚ ਆਈ ਖੜੋਤ ਨੂੰ ਤੋੜਦਿਆਂ ਕਿਸਾਨੀ ਮਸਲੇ ਦੇ ਸਥਾਈ ਹੱਲ ਲਈ ਪ੍ਰਦਰਸ਼ਨ ਕਰ ਰਹੇ ਕਿਸਾਨ ਸੰਗਠਨਾਂ ਨਾਲ ਫਿਰ ਤੋਂ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਨਾਲ ਮੰਡੀਆਂ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਵਿਵਸਥਾ ਸਮਾਪਤ ਹੋ ਜਾਣ ਦੇ ਕਿਸਾਨਾਂ ਦੇ ਖਦਸ਼ੇ ਦੂਰ ਕੀਤੇ ਜਾਣੇ ਚਾਹੀਦੇ ਹਨ। ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਮਾਜ ਦੇ ਹਰੇਕ ਵਰਗ ਨੂੰ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੁੱਧ ਲੜਾਈ ਲੜ ਰਹੇ ਸੰਘਰਸ਼ਸ਼ੀਲ ਕਿਸਾਨਾਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕਰਨ, ਕਾਲੇ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਕੇਂਦਰ ਸਰਕਾਰ ਦਾ ਡਟ ਕੇ ਵਿਰੋਧ ਕਰਨ ਅਤੇ ਕਿਸਾਨ ਮੋਰਚੇ ’ਚ ਹਿੱਸਾ ਬਣ ਕੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਅੰਦੋਲਨ ਨੂੰ ਮਜ਼ਬੂਤੀ ਪ੍ਰਦਾਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਦੀ ਸਿੱਖਿਆ ਸਾਨੂੰ ਹੱਕ ਸੱਚ ਅਤੇ ਅਧਿਕਾਰਾਂ ਲਈ ਲੜਨ ਲਈ ਪ੍ਰੇਰਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਪੰਥ ਨੇ ਦੇਸ਼ ਦੀ ਅਜ਼ਾਦੀ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ। ਕਿਸਾਨ ਮੰਗਾਂ ਦੀ ਪੂਰਤੀ ਲਈ ਦਮਦਮੀ ਟਕਸਾਲ ਕਿਸਾਨਾਂ ਨਾਲ ਖੜੀ ਹੈ। ਕਿਸਾਨੀ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।ਉਨ੍ਹਾਂ ਕਿਸਾਨਾਂ ਨੂੰ ਸੰਜਮ ’ਚ ਰਹਿ ਕੇ ਸੰਘਰਸ਼ ਜਾਰੀ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰੋ: ਸਰਚਾਂਦ ਸਿੰਘ ਵੀ ਮੌਜੂਦ ਸਨ।