ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਧਮਾਕਾ ਕਰਦੇ ਹੋਏ ਐਲਾਨ ਕੀਤਾ ਹੈ ਕਿ ਉਹ ਜਲਦੀ ਹੀ ਨਵੀਂ ਪਾਰਟੀ ਬਣਾ ਰਹੇ ਹਨ। ਉਨ੍ਹਾਂ ਨੇ ਸਾਫ਼ ਕਰਦਿਆਂ ਹੋਇਆਂ ਕਿਹਾ ਕਿ ਉਹ ਪੰਜਾਬ ਵਿੱਚ ਨਵੀਂ ਪਾਰਟੀ ਬਨਾਉਣਗੇ ਅਤੇ ਉਸੇ ਰਾਹੀਂ 4 ਮਹੀਨਿਆਂ ਬਾਅਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਣਗੇ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਉਹ ਬੀਜੇਪੀ ਨਾਲ ਗਠਜੋੜ ਕਰਨਗੇ।
ਜਿ਼ਕਰਯੋਗ ਹੈ ਕਿ ਚਾਰ ਮਹੀਨੇ ਪਹਿਲਾਂ ਕਾਂਗਰਸ ਪਾਰਟੀ ਦੌਰਾਨ ਆਪਸੀ ਇਲਜ਼ਾਮਬਾਜ਼ੀ ਅਤੇ ਮਤਭੇਦਾਂ ਕਰਕੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਨਵੀਂ ਪਾਰਟੀ ਦਾ ਐਲਾਨ ਕਰਦਿਆਂ ਹੋਇਆਂ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲ ਦਲ (ਬਾਦਲ) ਤੋਂ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਧੜੇ ਨਾਲ ਵੀ ਗਠਜੋੜ ਕਰਨਗੇ। ਹਾਲਾਂਕਿ ਇਸਤੋਂ ਪਹਿਲਾਂ ਖੇਤੀ ਕਾਨੂੰਨਾਂ ਦੇ ਖਿਲਾਫ ਚਲ ਰਹੇ ਕਿਸਾਨ ਅੰਦੋਲਨ ਦਾ ਸਹੀ ਹੱਲ ਨਿਕਲਣਾ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਇਸ ਕਿਸਾਨ ਅੰਦੋਲਨ ਦਾ ਸਹੀ ਹੱਲ ਨਿਕਲ ਆਉਂਦਾ ਹੈ ਤਾਂ ਉਹ ਭਾਜਪਾ ਨਾਲ ਵੀ ਗਠਜੋੜ ਕਰਨਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਧਿਆਨ ਅਗਲੇ ਸਾਲ 2022 ਵਿੱਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਲ ਅਤੇ ਸਰਕਾਰ ਬਨਾਉਣ ਵੱਲ ਰਹੇਗਾ। ਭਾਰਤੀ ਜਨਤਾ ਪਾਰਟੀ ਨਾਲ ਕਿਸੇ ਤਰ੍ਹਾਂ ਦੀ ਵਿਚਾਰਕ ਮੁਸ਼ਕਲ ਕਰਕੇ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਦੇ ਨਾਲ ਖੜੇ ਹਨ। ਉਨ੍ਹਾਂ ਲਈ ਪੰਜਾਬ ਦੇ ਹਿੱਤ ਸਭ ਤੋਂ ਉਪਰ ਹਨ। ਇਥੇ ਇਹ ਵੀ ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਉਹ ਕਹਿ ਚੁੱਕੇ ਹਨ ਕਿ ਉਹ ਭਾਜਪਾ ਵਿੱਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਜਪਾ ਫਿਰਕੂ ਪਾਰਟੀ ਨਹੀਂ ਹੈ। ਕੈਪਟਨ ਨੇ ਕਿਹਾ ਕਿ ਕਿਸਾਨ ਅੰਦੋਲਨ ਤੋਂ ਪਹਿਲਾਂ ਪੰਜਾਬ ਵਿੱਚ ਭਾਜਪਾ ਸਰਕਾਰ ਦਾ ਕੋਈ ਵਿਰੋਧ ਨਹੀਂ ਸੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਸਬੰਧੀ ਕੋਸਿ਼ਸ਼ਾਂ ਚਲ ਰਹੀਆਂ ਹਨ। ਉਨ੍ਹਾਂ ਨੇ ਹੁਣ ਭਾਜਪਾ ਦਾ ਪੱਖ ਪੂਰਦਿਆਂ ਹੋਇਆਂ ਕਿਹਾ ਕਿ ਭਾਜਪਾ ਫਿਰਕੂ ਜਾਂ ਮੁਸਲਮਾਨ ਵਿਰੋਧੀ ਪਾਰਟੀ ਨਹੀਂ ਹੈ। ਇਥੇ ਇਹ ਵੀ ਚਰਚੇ ਹੋ ਰਹੇ ਹਨ ਕਿ ਭਾਜਪਾ ਕੈਪਟਨ ਅਮਰਿੰਦਰ ਸਿੰਘ ਦੇ ਜ਼ਰੀਏ ਕਿਸਾਨ ਅੰਦੋਲਨ ਦਾ ਹੱਲ ਕੱਢਣਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੂੰ ਛੱਡਕੇ ਉਨ੍ਹਾਂ ਦੀ ਪਾਰਟੀ ਲਈ ਸਾਰੀਆਂ ਪਾਰਟੀਆਂ ਲਈ ਗਠਜੋੜ ਦੇ ਦਰਵਾਜ਼ੇ ਖੁਲ੍ਹੇ ਹਨ। ਉਨ੍ਹਾਂ ਨੇ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਨਵੀਂ ਪਾਰਟੀ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਪਾਕਿਸਤਾਨੀ ਖੁਫ਼ੀਆ ਏਜੰਸੀ ਆਈ ਐਸ ਆਈ ਖਾਲਿਸਤਾਨੀ ਸਲੀਪਰ ਸੈਲ ਰਾਹੀਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸਿ਼ਸ਼ਾਂ ਕਰ ਰਹੀ ਹੈ। ਇਸ ਸਬੰਧੀ ਉਹ ਅਨੇਕਾਂ ਵਾਰ ਮੁੱਦਾ ਉਠਾ ਚੱੁਕੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ 600 ਕਿਲੋਮੀਟਰ ਇਲਾਕਾ ਬਾਰਡਰ ਨਾਲ ਲਗਦਾ ਹੈ। ਜਿਸ ਰਾਹੀਂ ਪਾਕਿਸਤਾਨੀ ਖੁ਼ਫ਼ੀਆ ਏਜੰਸੀ ਡਰੋਨਾਂ ਰਾਹੀਂ ਡਰਗਜ਼ ਅਤੇ ਹਥਿਆਰ ਪੰਜਾਬ ਵਿੱਚ ਪਹੁੰਚਾ ਰਹੀ ਹੈ। ਇਸ ਸਬੰਧੀ ਉਹ ਸ਼ਾਹ ਅਤੇ ਡੋਭਾਲ ਨੂੰ ਵੀ ਮਿਲੇ ਸਨ। ਹੁਣ ਫਿਰ ਉਹ ਦਿੱਲੀ ਪਹੁੰਚ ਗਏ ਹਨ, ਇਸ ਸਬੰਧੀ ਕੈਪਟਨ ਨੇ ਕਿਹਾ ਕਿ ਉਹ ਉਨ੍ਹਾਂ ਦਾ ਨਿਜੀ ਦਿੱਲੀ ਦੌਰਾਨ ਹੈ। ਪਰੰਤੂ ਸਿਆਸੀ ਅਦਾਰਿਆਂ ਵਿਚ ਚਰਚੇ ਹਨ ਕਿ ਉਹ ਇਸ ਦੌਰਾਨ ਭਾਜਪਾ ਲੀਡਰਾਂ ਅਤੇ ਮੰਤਰੀਆਂ ਨਾਲ ਮੁਲਾਕਾਤ ਕਰਨਗੇ। ਇਹ ਵੀ ਅੰਦਾਜ਼ੇ ਲਾਏ ਜਾ ਰਹੇ ਹਨ ਕਿ ਜੇਕਰ ਮੋਦੀ ਅਤੇ ਸ਼ਾਹ ਕਿਸਾਨ ਅੰਦੋਲਨ ਖ਼ਤਮ ਕਰਨ ਲਈ ਰਾਜ਼ੀ ਹੋ ਜਾਂਦੇ ਹਨ ਤਾਂ ਅਜੇ ਵੀ ਉਨ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।
ਕਿਸਾਨ ਅੰਦੋਲਨ ਦੌਰਾਨ ਤਰਨ ਤਾਰਨ ਦੇ ਦਲਿਤ ਲਖਵੀਰ ਸਿੰਘ ਸਬੰਧੀ ਬੋਲਦਿਆਂ ਹੋਇਆਂ ੳਨ੍ਹਾਂ ਕਿਹਾ ਕਿ ਮੈਨੂੰ ਨਹੀੰ ਲਗਦਾ ਕਿ ਉਸਨੇ ਗੁਰੂ ਗ੍ਰੰਥ ਸਾਹਿਬ ਦੀ ਕਿਸੇ ਤਰ੍ਹਾਂ ਦੀ ਬੇਅਦਬੀ ਕੀਤੀ ਹੋਵੇਗੀ। ਉਥੇ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ।