ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੇ ਬੀਤੀ ਰਾਤ ਇਕ ਵੀਡੀਓ ਵਾਇਰਲ ਕਰਕੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਰਾਹ ਖੋਲਣ ਦੇ ਬਹਾਨੇ ਨਾਲ ਕਿਸਾਨਾਂ ਨੂੰ ਜਬਰਦਸਤੀ ਸੜਕਾਂ ਤੋਂ ਹਟਾਉਣ ਦਾ ਯਤਨ ਕੀਤਾ ਗਿਆ ਤਾਂ ਕਿਸਾਨ ਦਿੱਲੀ ਵੱਲ ਕੂਚ ਕਰਨਗੇ ਅਤੇ ਪ੍ਰਧਾਨ ਮੰਤਰੀ ਦੇ ਦਰਵਾਜ਼ੇ ਅੱਗੇ ਦੀਵਾਲੀ ਮਨਾਉਣਗੇ।
ਇਸ ਲਈ ਚਢੂਨੀ ਨੇ ਕਿਸਾਨਾਂ ਨੂੰ ਹਰ ਵੇਲੇ ਤਿਆਰ ਰਹਿਣ ਕਿਹਾ ਹੈ ਕਿ ਕਿਸੇ ਵੀ ਸਮੇਂ ਸੁਨੇਹਾ ਆ ਸਕਦਾ ਹੈ ਅਤੇ ਰਾਤ ਵੇਲੇ ਵੀ ਦਿੱਲੀ ਕੂਚ ਕਰਨਾ ਪੈ ਸਕਦਾ ਹੈ।
ਜਿਕਰਯੋਗ ਹੈ ਕਿ ਇਸ ਤੋਂ ਇੱਕ ਦਿਨ ਪਹਿਲਾਂ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਸਰਕਾਰ ਨੂੰ ਚੇਤਾਵਨੀ ਦੇਂਦਿਆਂ ਕਿਹਾ ਸੀ ਕਿ ਕਿਸਾਨਾਂ ਨੂੰ ਜੇਕਰ ਦਿੱਲੀ ਬਾਰਡਰ ਤੋਂ ਜਬਰਦਸਤੀ ਹਟਾਉਣ ਦਾ ਯਤਨ ਕੀਤਾ ਗਿਆ ਤਾਂ ਦੇਸ਼ ਭਰ ਵਿੱਚ ਸਰਕਾਰੀ ਦਫ਼ਤਰਾਂ ਨੂੰ ਦਾਣਾ ਮੰਡੀ ਬਣਾ ਦਿੱਤਾ ਜਾਵੇਗਾ।
ਕਿਸਾਨ ਨੇਤਾਵਾਂ ਨੂੰ ਸ਼ੱਕ ਹੈ ਕਿ ਕਿਸੇ ਸਾਜ਼ਿਸ਼ ਦੇ ਤਹਿਤ ਰਾਹ ਖੋਲਣ ਦੇ ਬਹਾਨੇ ਨਾਲ ਕਿਸਾਨਾਂ ਦੀਆਂ ਮੰਗਾਂ ਨੂੰ ਬਿਨਾਂ ਮੰਨੇ ਓਥੋਂ ਜਬਰਦਸਤੀ ਹਟਾਇਆ ਜਾ ਸਕਦਾ ਹੈ।
ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਮੀਡੀਆ ਇੰਚਾਰਜ ਧਰਮਿੰਦਰ ਮਲਿਕ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਦੀਆਂ ਮੰਗਾ ਨਹੀਂ ਮੰਨਦੀ, ਤਦ ਤੱਕ ਦੇਸ਼ ਦਾ ਅੰਨਦਾਤਾ ਸੜਕਾਂ ’ਤੇ ਬੈਠ ਕੇ ਸਰਕਾਰ ਦੇ ਫ਼ੈਸਲੇ ਦੀ ਉਡੀਕ ਕਰਦਾ ਰਹੇਗਾ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਸਰਕਾਰ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵਿਰੁੱਧ ਸਾਜ਼ਿਸ਼ ਰਚ ਰਹੀ ਹੈ। ਮੋਰਚੇ ਨੇ ਇਨ੍ਹਾਂ ਸਾਜ਼ਿਸ਼ਾਂ ਨੂੰ ਅਸਫ਼ਲ ਕੀਤਾ ਹੈ, ਪਰ ਅਜਿਹੀਆਂ ਸਾਜ਼ਿਸ਼ਾਂ ਨਾਲ ਕਿਸਾਨ ਅੰਦੋਲਨ ਦਾ ਹੱਲ ਨਹੀਂ ਨਿਕਲ ਸਕੇਗਾ। ਧਰਮਿੰਦਰ ਮਲਿਕ ਨੇ ਕਿਹਾ ਕਿ ਅਜਿਹੇ ਹਾਲਾਤ ਨੂੰ ਦੇਖਦੇ ਹੋਏ 6 ਨਵੰਬਰ ਨੂੰ ਸਿੰਘੂ ਬਾਰਡਰ ’ਤੇ ਕਿਸਾਨ ਨੇਤਾਵਾਂ ਦੀ ਬੈਠਕ ਹੋਵੇਗੀ, ਜਿਸ ਵਿੱਚ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ।