ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਭਾਰਤੀ ਜਨਤਾ ਪਾਰਟੀ (ਭਾਜਪਾ) ਸੂਬੇ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਚੋਣ ਲੜੇਗੀ। ਪੰਜਾਬ ਵਿੱਚ 2022 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ । ਇਹ ਜਾਣਕਾਰੀ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਰਟੀ ਦੀ ਕੌਮੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਭਾਗ ਲੈਣ ਤੋਂ ਬਾਅਦ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਦਿੱਲੀ ਵਿੱਚ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਹੋਈ, ਜਿਸ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਨੇ ਕੀਤੀ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ, ਕਾਂਗਰਸ ਨੇ ਰਾਜ ਵਿੱਚ 77 ਸੀਟਾਂ ਜਿੱਤ ਕੇ ਪੂਰਨ ਬਹੁਮਤ ਹਾਸਲ ਕੀਤਾ ਅਤੇ 10 ਸਾਲਾਂ ਬਾਅਦ ਅਕਾਲੀ-ਭਾਜਪਾ ਸਰਕਾਰ ਨੂੰ ਬੇਦਖਲ ਕਰ ਦਿੱਤਾ।
117 ਮੈਂਬਰੀ ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ 20 ਸੀਟਾਂ ਜਿੱਤ ਕੇ ਦੂਜੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਸ਼੍ਰੋਮਣੀ ਅਕਾਲੀ ਦਲ ਸਿਰਫ਼ 15 ਸੀਟਾਂ ਹੀ ਜਿੱਤ ਸਕਿਆ ਜਦਕਿ ਭਾਜਪਾ ਨੂੰ 3 ਸੀਟਾਂ ਮਿਲੀਆਂ ਸਨ ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ‘ਚ ਸ਼ਿਰਕਤ ਕੀਤੀ। ਮੀਟਿੰਗ ਵਿੱਚ ਆਉਣ ਵਾਲੀਆਂ ਸੱਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚਰਚਾ ਕੀਤੇ ਜਾਣ ਦੀਆਂ ਕਨਸੋਆਂ ਹਨ ।