ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਹਿੰਸਾ ਮਾਮਲੇ ‘ਤੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸੁਣਵਾਈ ਕੀਤੀ ਅਤੇ ਇਸ ਮਾਮਲੇ ‘ਚ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਇਸ ਵਿੱਚ ਕੁਝ ਨਵੇਂ ਗਵਾਹਾਂ ਤੋਂ ਇਲਾਵਾ ਕੁਝ ਵੀ ਨਹੀਂ ਹੈ। ਅਸੀਂ ਤੁਹਾਨੂੰ 10 ਦਿਨ ਦਿੱਤੇ ਸਨ, ਲੈਬ ਦੀਆਂ ਰਿਪੋਰਟਾਂ ਵੀ ਨਹੀਂ ਆਈਆਂ ਅਤੇ ਇਹ ਸਾਡੀ ਉਮੀਦ ਮੁਤਾਬਕ ਨਹੀਂ ਚੱਲ ਰਿਹਾ।
ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਸੰਕੇਤ ਦਿੱਤਾ ਕਿ ਇਸ ਕੇਸ ਦੀ ਨਿਗਰਾਨੀ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਾਕੇਸ਼ ਕੁਮਾਰ ਜੈਨ ਜਾਂ ਜਸਟਿਸ ਰਣਜੀਤ ਸਿੰਘ ਨੂੰ ਨਿਯੁਕਤ ਕੀਤਾ ਜਾ ਸਕਦਾ ਹੈ।
3 ਅਕਤੂਬਰ ਨੂੰ ਲਖੀਮਪੁਰ ਖੇੜੀ ਵਿੱਚ ਵਾਪਰੀ ਇਸ ਘਟਨਾ ਵਿੱਚ ਚਾਰ ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਸਮੇਤ 10 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਦੋ ਵਕੀਲਾਂ ਨੇ ਚੀਫ਼ ਜਸਟਿਸ ਨੂੰ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ ਮਾਮਲੇ ਦੀ ਉੱਚ ਪੱਧਰੀ ਨਿਆਂਇਕ ਜਾਂਚ ਕਰਵਾਈ ਜਾਵੇ ਅਤੇ ਸੀਬੀਆਈ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਜਾਵੇ, ਜਿਸ ਤੋਂ ਬਾਅਦ ਅਦਾਲਤ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ।
ਸੁਪਰੀਮ ਕੋਰਟ ਨੇ ਪੁੱਛਿਆ, ਕਿ ‘ਸਿਰਫ ਦੋਸ਼ੀ ਆਸ਼ੀਸ਼ ਮਿਸ਼ਰਾ ਦਾ ਮੋਬਾਈਲ ਮਿਲਿਆ ਸੀ.? ਬਾਕੀ ਦੋਸ਼ੀਆਂ ਦੇ ਮੋਬਾਈਲਾਂ ਦਾ ਕੀ ਹੋਇਆ.? ਸੀ.ਜੇ.ਆਈ. ਨੇ ਕਿਹਾ ਕਿ ਮੋਬਾਈਲ ਸੈੱਲ ਟਾਵਰਾਂ ਰਾਹੀਂ ਤੁਸੀਂ ਪਛਾਣ ਕਰ ਸਕਦੇ ਹੋ ਕਿ ਇਲਾਕੇ ਵਿਚ ਕਿਹੜੇ-ਕਿਹੜੇ ਮੋਬਾਈਲ ਸਰਗਰਮ ਸਨ ਅਤੇ ਹੋਰ ਦੋਸ਼ੀ ਮੋਬਾਈਲ ਫ਼ੋਨ ਦੀ ਵਰਤੋਂ ਨਹੀਂ ਕਰ ਰਹੇ ਸਨ.? ਜਸਟਿਸ ਸੂਰਿਆ ਕਾਂਤ ਨੇ ਕਿਹਾ, ‘ਸਾਨੂੰ ਇਹ ਦੱਸਦੇ ਹੋਏ ਅਫ਼ਸੋਸ ਹੋ ਰਿਹਾ ਹੈ ਕਿ ਪਹਿਲੀ ਨਜ਼ਰੇ ਅਜਿਹਾ ਲੱਗਦਾ ਹੈ ਕਿ ਕਿਸੇ ਵਿਸ਼ੇਸ਼ ਮੁਲਜ਼ਮ ਨੂੰ ਓਵਰਲੈਪ ਕਰਕੇ ਫਾਇਦਾ ਦਿੱਤਾ ਜਾ ਰਿਹਾ ਹੈ । ਹਰੀਸ਼ ਸਾਲਵੇ ਨੇ ਕਿਹਾ ਕਿ ਇਸ ਗੱਲ ਦੇ ਪੁਖਤਾ ਸਬੂਤ ਹਨ ਕਿ ਇਹ ਦੋਸ਼ੀ ਘਟਨਾ ਵਾਲੀ ਥਾਂ ‘ਤੇ ਮੌਜੂਦ ਸਨ ਜਿਸ ਲਈ ਗਵਾਹਾਂ ਨੂੰ ਬੁਲਾਇਆ ਜਾ ਰਿਹਾ ਹੈ । ਜਿਵੇਂ ਕਿ ਸੀਸੀਟੀਵੀ ਫੁਟੇਜ ਤੋਂ ਸਪੱਸ਼ਟ ਹੈ, ਅਸੀਂ ਗਵਾਹਾਂ ਨੂੰ ਉਨ੍ਹਾਂ ਦੇ ਬਿਆਨ ਦਰਜ ਕਰਨ ਲਈ ਬੁਲਾਇਆ ਹੈ।
ਸੀਜੇਆਈ ਨੇ ਕਿਹਾ, ਤੁਹਾਨੂੰ ਜਾਂਚ ਕਰਨੀ ਪਵੇਗੀ। ਜਸਟਿਸ ਸੂਰਿਆਕਾਂਤ ਨੇ ਕਿਹਾ ਕਿ ਦੋ ਐਫ.ਆਈ.ਆਰ. ਹੋਈਆਂ ਹਨ ਤੇ ਇੱਕ ਐਫਆਈਆਰ ਵਿੱਚ ਇਕੱਠੇ ਕੀਤੇ ਸਬੂਤਾਂ ਦੀ ਵਰਤੋਂ ਦੂਜੀ ਵਿੱਚ ਕੀਤੀ ਜਾਵੇਗੀ। ਇੱਕ ਮੁਲਜ਼ਮ ਨੂੰ ਬਚਾਉਣ ਲਈ ਇੱਕ ਤਰ੍ਹਾਂ ਨਾਲ ਦੂਜੀ ਐਫਆਈਆਰ ਵਿੱਚ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਸੀਜੇਆਈ ਨੇ ਕਿਹਾ, ਦੋਵੇਂ ਐਫਆਈਆਰਾਂ ਦੀ ਵੱਖ-ਵੱਖ ਜਾਂਚ ਹੋਣੀ ਚਾਹੀਦੀ ਹੈ। ਇਸ ‘ਤੇ ਸਾਲਵੇ ਨੇ ਕਿਹਾ ਕਿ ਵੱਖਰੀ ਜਾਂਚ ਕੀਤੀ ਜਾ ਰਹੀ ਹੈ। ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਇੱਕ ਕਿਸਾਨਾਂ ਦੇ ਕਤਲ ਦਾ ਮਾਮਲਾ ਹੈ ਤੇ ਦੂਜਾ ਪੱਤਰਕਾਰਾਂ ਤੇ ਸਿਆਸੀ ਕਾਰਕੁਨਾਂ ਦਾ। ਗਵਾਹਾਂ ਦੇ ਜਿਹੜੇ ਬਿਆਨ ਦਰਜ ਕੀਤੇ ਗਏ ਹਨ ਓਹ ਮੁੱਖ ਮੁਲਜ਼ਮ ਦੇ ਹੱਕ ਵਿੱਚ ਜਾਪਦੇ ਹਨ।
ਚੀਫ਼ ਜਸਟਿਸ ਨੇ ਕਿਹਾ ਹੈ ਕਿ ਦੋ ਐਫਆਈਆਰਜ਼ ਦੀ ਜਾਂਚ ਵੱਖਰੇ ਤੌਰ ‘ਤੇ ਹੋਣੀ ਚਾਹੀਦੀ ਹੈ। ਮਾਮਲੇ ਦੀ ਅਗਲੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ।