ਅੰਮ੍ਰਿਤਸਰ – ਸ੍ਰੀ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੇ ਵੱਡੇ ਫ਼ੈਸਲੇ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਅਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿੱਤ ਸ਼ਾਹ ਜੀ ਦਾ ਸਮੂਹ ਸਿੱਖ ਸੰਗਤਾਂ ਅਤੇ ਸਮੂਹ ਪੰਜਾਬੀਆਂ ਵੱਲੋਂ ਤਹਿ ਦਿਲੋਂ ਧੰਨਵਾਦ ਕਰਦਿਆਂ ਸ੍ਰੀ ਕਰਤਾਰਪੁਰ ਲਾਂਘਾ ਸੰਘਰਸ਼ ਕਮੇਟੀ, ਸ੍ਰੀ ਅੰਮ੍ਰਿਤਸਰ ਨੇ ਲਾਂਘਾ ਨਿਰੰਤਰ ਤੇ ਨਿਰਵਿਘਨ ਜਾਰੀ ਰਹਿਣ ਅਤੇ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਵੱਧ ਤੋਂ ਵੱਧ ਸ਼ਰਧਾਲੂਆਂ ਲਈ ਸਰਕਾਰ ਵੱਲੋਂ ਉਚਿੱਤ ਪ੍ਰਬੰਧ ਕੀਤੇ ਜਾਣ ਦੀ ਆਸ ਪ੍ਰਗਟ ਕੀਤੀ ਹੈ।
ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ ਨੇ ਕਮਿਸ਼ਨ ਦੇ ਨਵੀਂ ਦਿਲੀ ਸਥਿਤ ਦਫ਼ਤਰ ਵਿਖੇ ਮੁਲਾਕਾਤ ਕਰਨ ਆਏ ਲਾਂਘਾ ਸੰਘਰਸ਼ ਕਮੇਟੀ ਦੀ ਵਫ਼ਦ ’ਚ ਸ਼ਾਮਿਲ ਆਗੂਆਂ ਪ੍ਰੋ : ਸਰਚਾਂਦ ਸਿੰਘ ਖਿਆਲਾ, ਸ: ਇਕਬਾਲ ਸਿੰਘ ਤੁੰਗ, ਸੁਰਿੰਦਰਪਾਲ ਸਿੰਘ ਤਾਲਬਪੁਰਾ, ਸ: ਗੁਰਪ੍ਰੀਤ ਸਿੰਘ ਕਲਕੱਤਾ,ਐਡਵੋਕੇਟ ਭਾਨੂ ਪ੍ਰਤਾਪ ਸਿੰਘ ਅਤੇ ਬਲਬੀਰ ਸਿੰਘ ਕਠਆਲੀ ਨੂੰ ਦੱਸਿਆ ਕਿ ਮੋਦੀ ਸਰਕਾਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਹਰ ਸੰਭਵ ਖ਼ਿਆਲ ਰੱਖ ਰਹੀ ਹੈ। ਸਿੱਖ ਭਾਈਚਾਰੇ ਨੂੰ ਦਰਪੇਸ਼ ਮਾਮਲਿਆਂ ਨੂੰ ਜਲਦ ਹੱਲ ਕਰਨ ਦਾ ਉਨ੍ਹਾਂ ਵਿਸ਼ਵਾਸ ਦਿਵਾਇਆ। ਇਸ ਮੌਕੇ ਲਾਂਘਾ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਸ੍ਰੀ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੇ ਫ਼ੈਸਲੇ ਨਾਲ ਸਿੱਖ ਸੰਗਤਾਂ ’ਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ। ਇਸ ਲਾਂਘੇ ਨੂੰ ਮੁੜ ਖੋਲ੍ਹਣ ਨਾਲ ਗੁਰੂ ਨਾਨਕ ਨਾਮ ਲੇਵਾ ਬੇਅੰਤ ਸੰਗਤਾਂ ਦੀ ਵੱਡੀ ਮੰਗ ਪੂਰੀ ਹੋਈ ਹੈ ਅਤੇ ਸੰਗਤਾਂ ਫਿਰ ਤੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਸਕਣਗੀਆਂ। ਕੇਂਦਰ ਸਰਕਾਰ ਦਾ ਇਹ ਫ਼ੈਸਲਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 19 ਨਵੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸਬੰਧੀ ਸੰਗਤਾਂ ’ਚ ਭਾਰੀ ਉਤਸ਼ਾਹ ਅਤੇ ਖ਼ੁਸ਼ੀਆਂ ਵਿੱਚ ਵੀ ਵਾਧਾ ਕਰੇਗਾ। ਉਨ੍ਹਾਂ ਕਿਹਾ ਕਿ ਸਿੱਖ ਪੰਥ ’ਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ( ਪਾਕਿਸਤਾਨ) ਦੀ ਵੱਡੀ ਅਹਿਮੀਅਤ ਹੈ। ਗੁਰੂ ਨਾਨਕ ਦੇਵ ਜੀ ਨੇ ਇੱਥੇ ਆਪਣੀ ਜ਼ਿੰਦਗੀ ਦੇ ਆਖ਼ਰੀ 18 ਸਾਲ ਬਤੀਤ ਕਰਦਿਆਂ ਸਿੱਖੀ ਦਾ ਪ੍ਰਚਾਰ ਪ੍ਰਸਾਰ ਕੀਤਾ। ਦੇਸ਼ ਵੰਡ ਤੋਂ ਬਾਅਦ ਸਿੱਖ ਪੰਥ ਅਤੇ ਨਾਨਕ ਨਾਮ ਲੇਵਾ ਸੰਗਤਾਂ ’ਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਰਹੀ। ਸੰਗਤ ਵੱਲੋਂ 70 ਸਾਲਾਂ ਤੋਂ ਕੀਤੀਆਂ ਜਾ ਰਹੀਆਂ ਅਰਦਾਸਾਂ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਦੋ ਸਾਲ ਪਹਿਲਾਂ ਕਰਤਾਰਪੁਰ ਲਾਂਘਾ ਹੋਂਦ ਵਿਚ ਆਇਆ । ਜਿਸ ਦਾ ਉਦਘਾਟਨ 9 ਨਵੰਬਰ 2019 ਨੂੰ ਭਾਰਤ ਦੀ ਤਰਫ਼ੋਂ ਭਾਰਤੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਕੀਤਾ ਗਿਆ । ਅਫ਼ਸੋਸ ਕਿ ਕਰੋਨਾ ਕਾਰਨ 16 ਮਾਰਚ 2020 ਤੋਂ ਇਸ ਨੂੰ ਬੰਦ ਕਰ ਦਿੱਤਾ ਗਿਆ । ਇਸ ਕਰਤਾਰਪੁਰ ਕਾਰੀਡੋਰ ਨੂੰ ਮੁੜ ਖੋਲ੍ਹਣ ਲਈ ਸਿੱਖ ਸੰਗਤਾਂ ਪੁਰਜ਼ੋਰ ਮੰਗ ਕਰਦੀਆਂ ਰਹੀਆਂ। ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਦੇਖਦਿਆਂ ’ਕਰਤਾਰਪੁਰ ਲਾਂਘਾ ਸੰਘਰਸ਼ ਕਮੇਟੀ ’ ਸੰਗਤ ਨੂੰ ਲਾਮਬੰਦ ਕਰਦਿਆਂ ਲਾਂਘਾ ਮੁੜ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਅਪੀਲਾਂ ਕਰਦੀ ਆ ਰਹੀ ਹੈ। ਇਸ ਮੌਕੇ ਸ: ਲਾਲਪੁਰਾ ਨੂੰ ਸਨਮਾਨਿਤ ਕੀਤਾ ਗਿਆ।