ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) : ਯੂਪੀ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਦੀ ਜਾਂਚ ਪੰਜਾਬ-ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਦੀ ਨਿਗਰਾਨੀ ਹੇਠ ਹੋਵੇਗੀ। ਅਜ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਇਸ ਦੀ ਜ਼ਿੰਮੇਦਾਰੀ ਪੰਜਾਬ-ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਰਾਕੇਸ਼ ਕੁਮਾਰ ਜੈਨ ਨੂੰ ਸੌਂਪ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਇਸ ਕੇਸ ਦੀ ਜਾਂਚ ਲਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਦਾ ਪੁਨਰ ਗਠਨ ਕੀਤਾ ਹੈ, ਜਿਸ ਵਿੱਚ ਇੱਕ ਮਹਿਲਾ ਅਧਿਕਾਰੀ ਸਮੇਤ ਤਿੰਨ ਸੀਨੀਅਰ ਆਈਪੀਐਸ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ। ਇਨ੍ਹਾਂ ਆਈਪੀਐਸ ਅਧਿਕਾਰੀਆਂ ਵਿੱਚ ਐਸਬੀ ਸ਼ਿਰੋਡਕਰ, ਦੀਪਇੰਦਰ ਸਿੰਘ ਅਤੇ ਪਦਮਜਾ ਚੌਹਾਨ ਦੇ ਨਾਂ ਸ਼ਾਮਲ ਹਨ।
ਅਦਾਲਤ ਨੇ ਕਿਹਾ ਕਿ ਜਸਟਿਸ ਰਾਕੇਸ਼ ਜੈਨ ਨਿਰਪੱਖ ਜਾਂਚ ਯਕੀਨੀ ਬਣਾਉਣਗੇ ਅਤੇ ਉਨ੍ਹਾਂ ਵਲੋਂ ਅਦਾਲਤ ਅੰਦਰ ਚਾਰਜਸ਼ੀਟ ਦਾਇਰ ਕਰਣ ਦੇ ਨਾਲ ਮਾਮਲੇ ਦੀ ਰਿਪੋਰਟ ਜਮਾ ਕਰਵਾਣ ਉਪਰੰਤ ਇਸ ਮਾਮਲੇ ਦੀ ਅਗਲੀ ਸੁਣਵਾਈ ਕੀਤੀ ਜਾਏਗੀ ।
ਜਿਕਰਯੋਗ ਹੈ ਕਿ ਯੂਪੀ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਵਾਪਰੀ ਇਸ ਘਟਨਾ ਦੌਰਾਨ ਕਿਸਾਨ ਯੂਪੀ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਕਾਲੇ ਝੰਡਿਆਂ ਨਾਲ ਵਿਰੋਧ ਕਰ ਰਹੇ ਸਨ। ਇਸੇ ਦੌਰਾਨ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕਿਸਾਨਾਂ ਨੂੰ ਗੱਡੀਆਂ ਨਾਲ ਦਰੜ ਦਿੱਤਾ ਸੀ। ਇਸ ਘਟਨਾ ਤੇ ਇਸ ਤੋਂ ਬਾਅਦ ਭੜਕੀ ਹਿੰਸਾ ਦੌਰਾਨ 4 ਕਿਸਾਨਾਂ ਸਣੇ 8 ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚ ਇੱਕ ਪੱਤਰਕਾਰ ਵੀ ਸ਼ਾਮਲ ਸੀ।