ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 29 ਨਵੰਬਰ ਤੋਂ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਖੋਲ੍ਹੇ ਜਾਣਗੇ। ਇਹ ਜਾਣਕਾਰੀ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਦਿੱਤੀ। ਜ਼ਿਕਰਯੋਗ ਹੈ ਕਿ ਦਿੱਲੀ ‘ਚ ‘ਵੱਧਦੇ ਪ੍ਰਦੂਸ਼ਣ’ ਕਾਰਨ ਅਗਲੇ ਆਦੇਸ਼ਾਂ ਤਕ ਸਕੂਲ ਬੰਦ ਕਰ ਦਿੱਤੇ ਗਏ ਸਨ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ 27 ਨਵੰਬਰ ਤੋਂ 3 ਦਸੰਬਰ ਤੱਕ ਸਿਰਫ਼ ਗੈਰ-ਜ਼ਰੂਰੀ ਸੇਵਾਵਾਂ ਵਿੱਚ ਲੱਗੇ ਸੀਐਨਜੀ ਅਤੇ ਇਲੈਕਟ੍ਰਿਕ ਵਾਹਨਾਂ ਨੂੰ ਹੀ ਦਿੱਲੀ ਦੀ ਸਰਹਦ ਅੰਦਰ ਦਾਖ਼ਲ ਹੋਣ ਦਿੱਤਾ ਜਾਵੇਗਾ, ਜਦੋਂਕਿ ਪੈਟਰੋਲ ਅਤੇ ਡੀਜ਼ਲ ’ਤੇ ਚੱਲਣ ਵਾਲੇ ਟਰੱਕਾਂ ’ਤੇ ਪਾਬੰਦੀ ਜਾਰੀ ਰਹੇਗੀ। ਇਸ ਤੋਂ ਇਲਾਵਾ ਦਿੱਲੀ ਸਰਕਾਰ ਦੇ ਸਾਰੇ ਦਫ਼ਤਰ ਵੀ 29 ਨਵੰਬਰ ਤੋਂ ਖੁੱਲ੍ਹਣਗੇ। ਦੱਸਣਯੋਗ ਹੈ ਕਿ 17 ਨਵੰਬਰ ਨੂੰ ਦਿੱਲੀ ਵਿੱਚ ਪ੍ਰਦੂਸ਼ਣ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਸਕੂਲ-ਕਾਲਜ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਸਨ। ਇਸ ਦੇ ਨਾਲ ਹੀ ਸਰਕਾਰੀ ਵਿਭਾਗ ਵਿੱਚ 100 ਫੀਸਦੀ ਵਰਕ ਫਰਾਮ ਹੋਮ ਲਾਗੂ ਕੀਤਾ ਗਿਆ ਸੀ । ਦੇਸ਼ ਦੀ ਸੁਪਰੀਮ ਕੋਰਟ ਨੇ ਦਿੱਲੀ ਅਤੇ ਇਸਦੇ ਆਸਪਾਸ ਦੇ ਇਲਾਕਿਆਂ ਵਿੱਚ ਹਵਾ ਦੀ ਵਿਗੜ ਰਹੀ ਗੁਣਵੱਤਾ ਨੂੰ ਲੈ ਕੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਇਸ ਦੇ ਸੁਧਾਰ ਲਈ ਕੀ ਕਾਰਵਾਈ ਕੀਤੀ ਜਾ ਰਹੀ ਹੈ ਇਸ ਬਾਰੇ ਪੁੱਛਿਆ ਗਿਆ ਹੈ ।