ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਵੀਰਵਾਰ ਨੂੰ ਸੁਣਵਾਈ ਕਰਦਿਆਂ ਦਿੱਲੀ ਸਰਕਾਰ ਨੂੰ ਸਕੂਲ ਖੋਲ੍ਹਣ ਲਈ ਕੜੀ ਫਟਕਾਰ ਲਗਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸੀਐਨਜੀ ਬੱਸਾਂ ਨੂੰ ਲੈ ਕੇ ਵੀ ਸਰਕਾਰ ਨੂੰ ਸਵਾਲ ਕੀਤੇ ਹਨ । ਇਸ ਤੋਂ ਪਹਿਲਾਂ ਦੀ ਸੁਣਵਾਈ ਵਿੱਚ, ਸੁਪਰੀਮ ਕੋਰਟ ਨੇ ਨਿਯਮਾਂ ਦੀ ਪਾਲਣਾ ਲਈ ਇੱਕ ਟਾਸਕ ਫੋਰਸ ਗਠਿਤ ਕਰਨ ਲਈ ਕਿਹਾ ਸੀ। ਦਿੱਲੀ ਵਿੱਚ ਵਧਦੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਦਿੱਲੀ ਦੇ 17 ਸਾਲਾ ਵਿਦਿਆਰਥੀ ਆਦਿਤਿਆ ਦੂਬੇ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਕਰ ਰਹੀ ਹੈ। ਸੁਪਰੀਮ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਹਵਾ ਪ੍ਰਦੂਸ਼ਣ ਕੰਟਰੋਲ ਉਪਾਵਾਂ ਨੂੰ ਲਾਗੂ ਕਰਨ ਲਈ ਗੰਭੀਰ ਯੋਜਨਾ ‘ਤੇ ਕਾਰਵਾਈ ਕਰਨ ਲਈ 24 ਘੰਟਿਆਂ ਦੀ ਸਮਾਂ ਸੀਮਾ ਦਿੱਤੀ ਹੈ।
ਸੁਪਰੀਮ ਕੋਰਟ ਦੇ ਮੁੱਖ ਜੱਜ ਐਨਵੀ ਰਮੰਨਾ ਨੇ ਦਿੱਲੀ ਸਰਕਾਰ ਵੱਲੋਂ ਪੇਸ਼ ਹੋਏ ਐਡਵੋਕੇਟ ਏਐਮ ਸਿੰਘਵੀ ਨੂੰ ਕਿਹਾ ਕਿ ਅਸੀਂ ਇਸ ਨੂੰ ਗੰਭੀਰਤਾ ਨਾਲ ਦੇਖ ਰਹੇ ਹਾਂ ਅਤੇ ਤੁਸੀਂ ਸਾਨੂੰ ਕਿਹਾ ਕਿ ਸਕੂਲ ਬੰਦ ਹਨ, ਪਰ ਅਜਿਹਾ ਨਹੀਂ ਹੈ। 3 ਤੋਂ 4 ਸਾਲ ਦੀ ਉਮਰ ਦੇ ਬੱਚਿਆਂ ਨੂੰ ਸਕੂਲ ਭੇਜਿਆ ਜਾ ਰਿਹਾ ਹੈ। ਸੀਜੇਆਈ ਨੇ ਕਿਹਾ ਕਿ ਅੱਜ ਦੇ ਅਖਬਾਰ ਵਿੱਚ ਖ਼ਬਰ ਦੇਖੋ, ਬੱਚੇ ਸਕੂਲ ਜਾ ਰਹੇ ਹਨ। ਉਨ੍ਹਾਂ ਕਿਹਾ ਜੇਕਰ ਤੁਸੀਂ ਆਰਡਰ ਚਾਹੁੰਦੇ ਹੋ ਤਾਂ ਅਸੀਂ ਕਿਸੇ ਨੂੰ ਨਿਯੁਕਤ ਕਰ ਸਕਦੇ ਹਾਂ। ਜੱਜ ਰਮੰਨਾ ਨੇ ਕਿਹਾ ਕਿ ਵਡਿਆਂ ਨੂੰ ਘਰ ਤੋਂ ਕੰਮ ਕਰਨਾ ਪੈਂਦਾ ਹੈ ਪਰ ਬੱਚਿਆਂ ਨੂੰ ਸਕੂਲ ਜਾਣਾ ਪੈਂਦਾ ਹੈ। ਜੱਜ ਸੂਰਿਆ ਕਾਂਤ ਨੇ ਇਹ ਵੀ ਕਿਹਾ ਕਿ ਕਿਸੇ ਵੀ ਨਿਯਮ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ।