ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨੇ ਖੇਤੀਬਾੜੀ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਦੇ ਬਿਆਨ ਦਾ ਨੋਟਿਸ ਲਿਆ, ਜਿੱਥੇ ਉਨ੍ਹਾਂ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਅਤੇ ਘਰ ਵਾਪਸ ਜਾਣ ਦੀ ਅਪੀਲ ਕੀਤੀ। ਸੰਯੁਕਤ ਕਿਸਾਨ ਮੋਰਚਾ ਦੇ ਨੇਤਾ ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚਢੂੰਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ ‘ਕੱਕਾਜੀ’, ਯੁੱਧਵੀਰ ਸਿੰਘ, ਯੋਗਿੰਦਰ ਯਾਦਵ ਨੇ ਕਿਹਾ ਕਿ ਕਿਸਾਨ ਮੋਰਚਾ ਸ਼੍ਰੀ ਤੋਮਰ ਨੂੰ ਯਾਦ ਦਿਵਾਉਂਦਾ ਹੈ ਕਿ ਕਈ ਮੁੱਦੇ ਅਜੇ ਵੀ ਲੰਬਿਤ ਹਨ ਅਤੇ ਉਨ੍ਹਾਂ ਨੂੰ 21 ਨਵੰਬਰ ਨੂੰ ਪ੍ਰਧਾਨ ਮੰਤਰੀ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਪੱਤਰ ਵਿੱਚ ਸਪੱਸ਼ਟ ਤੌਰ ‘ਤੇ ਸੂਚੀਬੱਧ ਕੀਤਾ ਗਿਆ ਹੈ। ਬੀਤੇ ਦਿਨ ਹੋਈ ਐਸ ਕੇ ਐਮ ਦੀ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ ਉਮੀਦ ਜਤਾਈ ਹੈ ਕਿ 7 ਦਸੰਬਰ ਤੋਂ ਪਹਿਲਾਂ ਕੇਂਦਰ ਸਰਕਾਰ ਗੱਲਬਾਤ ਕਰਕੇ ਬਾਕੀ ਰਹਿੰਦੇ ਸਾਰੇ ਮੁੱਦਿਆਂ ਨੂੰ ਹੱਲ ਕਰ ਲਵੇਗੀ।
ਇਸੇ ਦੌਰਾਨ ਫਰਜ਼ੀ ਪੁਲਿਸ ਕੇਸ ਵਾਪਸ ਲੈਣ ਅਤੇ ਸ਼ਹੀਦਾਂ ਨੂੰ ਮੁਆਵਜ਼ਾ ਦੇਣ ਸਬੰਧੀ ਹਰਿਆਣਾ ਸਰਕਾਰ ਨਾਲ ਹਰਿਆਣਾ ਐਸ.ਕੇ.ਐਮ ਦੀ ਗੱਲਬਾਤ ਦਾ ਪਹਿਲਾ ਦੌਰ 3 ਦਸੰਬਰ ਨੂੰ ਹੋਇਆ ਹੈ ਅਤੇ ਇਸ ਵਿਚ ਕੁਝ ਪ੍ਰਗਤੀ ਹੋਈ ਹੈ। ਪੰਜਾਬ ਸਰਕਾਰ ਨੇ ਵੀ ਇਸ ਦਿਸ਼ਾ ਵਿੱਚ ਠੋਸ ਭਰੋਸਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਨਾਲ-ਨਾਲ ਹੋਰ ਰਾਜਾਂ ਵਿੱਚ ਦਰਜ ਕੇਸ ਵਾਪਸ ਲੈਣ ਲਈ ਸਰਕਾਰਾਂ ਦੇ ਫੈਸਲੇ ਦੀ ਉਡੀਕ ਕਰ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਦਾ ਮੰਨਣਾ ਹੈ ਕਿ ਕੇਂਦਰ ਸਰਕਾਰ ਨੂੰ 708 ਸ਼ਹੀਦ ਕਿਸਾਨਾਂ ਨੂੰ ਮੁਆਵਜ਼ੇ ਦੀ ਜ਼ਿੰਮੇਵਾਰੀ ਲੈਣ ਲਈ ਅੱਗੇ ਆਉਣਾ ਚਾਹੀਦਾ ਹੈ।
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਚੱਲੇ ਅੰਦੋਲਨ ਦੌਰਾਨ ਸ਼ੁਰੂ ਕੀਤੇ ਗਏ ਸਾਰੇ ਪੱਕੇ ਮੋਰਚੇ ਹੁਣ ਵਾਂਗ ਜਾਰੀ ਹਨ। ਮੋਰਚੇ ਨੇ ਵਰਧਾ (ਮਹਾਰਾਸ਼ਟਰ) ਵਿੱਚ 357 ਦਿਨ, ਸਵਾਈ ਮਾਧੋਪੁਰ (ਰਾਜਸਥਾਨ) ਵਿੱਚ 321 ਦਿਨ, ਸਿਓਨੀ (ਮੱਧ ਪ੍ਰਦੇਸ਼) ਵਿੱਚ 81 ਦਿਨ ਅਤੇ ਰੀਵਾ (ਐਮਪੀ) ਵਿੱਚ 337 ਦਿਨ ਪੂਰੇ ਕੀਤੇ ਹਨ। ਪੰਜਾਬ, ਹਰਿਆਣਾ ਸਮੇਤ ਰਾਜਾਂ ਵਿੱਚ ਕਿਸਾਨ ਜਥੇਬੰਦੀਆਂ ਦੇ ਅੰਦੋਲਨ ਦੀ ਭਵਿੱਖੀ ਰੂਪ ਰੇਖਾ ਨੂੰ ਲੈ ਕੇ ਵੱਖ-ਵੱਖ ਰਾਜਾਂ ਵਿੱਚ ਧਰਨੇ ਅਤੇ ਮੀਟਿੰਗਾਂ ਅਤੇ ਵਿਚਾਰ-ਵਟਾਂਦਰਾ ਚੱਲ ਰਿਹਾ ਹੈ।
ਕਿਸਾਨ ਅੰਦੋਲਨ ਦੀ ਜਿੱਤ ਤੋਂ ਬਾਅਦ ਦੇਸ਼ ਭਰ ਵਿੱਚੋਂ ਕਿਸਾਨ ਜਥੇਬੰਦੀਆਂ ਵੱਲੋਂ ਜਿੱਤ ਦੇ ਜਲੂਸ ਕੱਢਣ ਅਤੇ ਹਮਾਇਤੀ ਜੱਥੇਬੰਦੀਆਂ ਦਾ ਰਿਵਾੜੀ ਅਤੇ ਦੇਸ਼ ਭਰ ਵਿੱਚੋਂ ਨਿੱਘਾ ਸਵਾਗਤ ਕਰਨ ਦੀਆਂ ਖ਼ਬਰਾਂ ਲਗਾਤਾਰ ਮਿਲ ਰਹੀਆਂ ਹਨ।
ਸੰਯੁਕਤ ਕਿਸਾਨ ਮੋਰਚਾ ਦੀ ਅਗਲੀ ਮੀਟਿੰਗ 7 ਦਸੰਬਰ ਨੂੰ ਹੋਵੇਗੀ ਜਿਸ ਵਿੱਚ ਅੰਦੋਲਨ ਦੀ ਭਵਿੱਖੀ ਰੂਪ ਰੇਖਾ ਤੈਅ ਕੀਤੀ ਜਾਵੇਗੀ।