ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਅਕਾਲੀ ਆਗੂਆਂ ਖ਼ਿਲਾਫ਼ ਦਰਜ ਕਰਾਏ ਜਾ ਰਹੇ ਨਜਾਇਜ਼ ਪਰਚਿਆਂ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਕਿਹਾ ਕਿ ਸਿੱਖ ਪੰਥ ਦੀ ਸਿਆਸੀ ਜਮਾਤ ਅਤੇ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਝੂਠੇ ਕੇਸਾਂ ਵਿਚ ਫਸਾਉਣ ਦੀ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਝੂਠੇ ਕੇਸ ਦੀ ਸਖ਼ਤ ਨਿਖੇਧੀ ਕੀਤੀ ਅਤੇ ਇਸ ਨੂੰ ਰਾਜਨੀਤਿਕ ਬਦਲਾਖੋਰੀ ਕਰਾਰ ਦਿੱਤਾ। ਉਨ੍ਹਾਂ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਧਾਰਮਿਕ ਅਸਥਾਨਾਂ ਦੀ ਪੰਥ ਦੋਖੀਆਂ ਅਤੇ ਸ਼ਰਾਰਤੀ ਵੱਲੋਂ ਕੀਤੀਆਂ ਜਾ ਰਹੀਆਂ ਬੇਅਦਬੀਆਂ ਪ੍ਰਤੀ ਸੰਜੀਦਗੀ ਦਿਖਾਉਣ ਦੀ ਥਾਂ ਸਿਆਸੀ ਵਿਰੋਧੀਆਂ ਨੂੰ ਦਬਾਉਣ ਲਈ ਸਾਜ਼ਿਸ਼ਾਂ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਸਿੱਖ ਪੰਥ ਦੀ ਸਿਆਸੀ ਜਮਾਤ ਦਾ ਧਾਰਮਿਕ ਅਤੇ ਰਾਜਸੀ ਨੁਕਸਾਨ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਰਾਜ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਵਲ ਕਦੀ ਧਿਆਨ ਨਹੀਂ ਦਿੱਤਾ ਸਗੋਂ ਪੰਜਾਬ ਦੇ ਮਹੌਲ ਨੂੰ ਖ਼ਰਾਬ ਕਰਦਿਆਂ ਸਤਾ ਪ੍ਰਾਪਤ ਕਰਨ ਦੀ ਕੋਸ਼ਿਸ਼ਾਂ ਕਰਦੀ ਰਹੀ । ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਸ਼ੁਰੂ ਤੋਂ ਹੀ ਸਿੱਖ ਪੰਥ ਅਤੇ ਪੰਜਾਬ ਵਿਰੋਧੀ ਰਹੀਆਂ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਕਾਂਗਰਸ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਵੇ ਨਹੀਂ ਤਾਂ ਸਿੱਖ ਪੰਥ ਅਤੇ ਪੰਜਾਬ ਦੇ ਲੋਕ ਇਸ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।