ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਕਮੇਟੀ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਹੋਏ ਤੇ ਮੁੱਖ ਗੁਰਮਤਿ ਸਮਾਗਮ ਗੁਰਦੁਆਰਾ ਬੰਗਲਾ ਸਾਹਿਬ ਵਿਚ ਹੋਇਆ।
ਇਸ ਮੌਕੇ ਗੁਰਦੁਆਰਾ ਸਾਹਿਬਾਨ ਵਿਚ ਧਾਰਿਮਕ ਦੀਵਾਨ ਸਜਾਏ ਗਏ ਤੇ ਰਾਗੀ ਸਿੰਘਾਂ ਨੇ ਗੁਰੂ ਕੀ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੁੰ ਨਿਹਾਲ ਕੀਤਾ। ਇਸ ਮੌਕੇ ਦਿੱਲੀ ਕਮੇਟੀ ਵੱਲੋਂ ਅੰਮਿ੍ਰਤ ਸੰਚਾਰ ਲਹਿਰ ਵੀ ਚਲਾਈ ਗਈ।
ਗੁਰਦੁਆਰਾ ਬੰਗਲਾ ਸਾਹਿਬ ਵਿਚ ਮੁੱਖ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਾਹਿਬ ਏ ਕਮਾਲ ਨੇ ਕੌਮ ਪਿੱਛੇ ਆਪਣਾ ਸਾਰਾ ਪਰਿਵਾਰ ਹੀ ਕੁਰਬਾਨ ਕਰ ਦਿੱਤਾ ਤੇ ਇਸ ਅਦੁੱਤੀ ਕੁਰਬਾਨੀ ਦੀ ਕੋਈ ਹੋਰ ਮਿਸਾਲ ਸਾਰੀ ਦੁਨੀਆਂ ਵਿਚ ਨਹੀਂ ਮਿਲਦੀ। ਉਹਨਾਂ ਕਿਹਾ ਕਿ ਅੱਜ ਲੋੜ ਹੈ ਕਿ ਅਸੀਂ ਆਪਣੇ ਬੱਚਿਆਂ ਨੁੰ ਵੱਧ ਤੋਂ ਵੱਧ ਗਿਣਤੀ ਵਿਚ ਖੰਡੇ ਬਾਟੇ ਦਾ ਪਾਹੁਲ ਛਕਾਈਏ ਤੇ ਖਾਲਸਾ ਸਜਾਈਏ। ਉਹਨਾਂ ਕਿਹਾ ਕਿ ਆਪਦੇ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਤੋਂ ਜਾਣੂ ਕਰਵਾਉਣਾ ਤੇ ਗੁਰੂ ਸਾਹਿਬ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਸਿੱਖ ਕੌਮ ਦੇ ਖਿਲਾਫ ਤਾਂ ਹੁਣ ਵੀ ਹਰ ਪਾਸੋਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਤੇ ਪਿਛਲੇ ਦਿਨਾਂ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਦੇ ਅੰਦਰ ਬੇਅਦਬੀ ਦੀ ਕੀਤੀ ਗਈ ਕੋਸ਼ਿਸ਼ ਇਸਦਾ ਸਬੂਤ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅਸੀਂ ਸਿਰਫ ਇਕ ਹਫਤਾ ਸ਼ਹੀਦੀ ਦਿਹਾੜਾ ਮਨਾਉਦੇ ਹਾਂ ਤੇ 31 ਦਸੰਬਰ ਤੋਂ ਖੁਸ਼ੀਆਂ ਦੀ ਲਹਿਰ ਸ਼ੁਰੂ ਹੋ ਜਾਂਦੀ ਹੈ ਤੇ ਅਸੀਂ ਭੁੱਲ ਜਾਂਦੇ ਹਾਂ ਕਿ ਕਿਵੇਂ ਗੁਰੂ ਸਾਹਿਬ ਨੇ ਸ਼ਹਾਦਤਾਂ ਦਿੱਤੀਆਂ।
ਸਰਦਾਰ ਕਾਲਕਾ ਨੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੋਰੋਨਾ ਸੰਕਟ ਦੌਰਾਨ ਮਨੁੱਖਤਾ ਦੀ ਸੇਵਾ ਲਈ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਓਮੀਕਰੋਨ ਦੇ ਮੱਦੇਨਜ਼ਰ ਹੁਣ ਦਿੱਲੀ ਸਰਕਾਰ ਨੇ ਫਿਰ ਦਿੱਲੀ ਕਮੇਟੀ ਕੋਲ ਪਹੁੰਚ ਕੀਤੀ ਹੈ ਤੇ ਅਸੀਂ ਬਾਲਾ ਸਾਹਿਬ ਹਸਪਤਾਲ ਵਿਚ 100 ਆਈ ਸੀ ਯੂ ਬੈਡ ਉਪਲਬਧ ਕਰਵਾ ਦਿੱਤੇ ਹਨ ਜਿਸ ਨਾਲ ਇਸ ਖ਼ਤਰੇ ਨਾਲ ਨਜਿੱਠਿਆ ਜਾਵੇਗਾ। ਉਹਨਾਂ ਕਿਹਾ ਕਿ ਕਮੇਟੀ ਵੱਲੋਂ ਜੋ ਵੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉਹ ਸਿਰਫ ਤੇ ਸਿਰਫ ਦਿੱਲੀ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਰਹੀਆਂ ਹਨ। ਉਹਨਾਂ ਕਿਹਾ ਕਿ ਆਉਦੇ ਦਿਨਾਂ ਵਿਚ ਓਮੀਕਰੋਨ ਸੰਕਟ ਦੇ ਮੱਦੇਨਜ਼ਰ ਸਿਹਤ ਸੇਵਾਵਾਂ ਦਾ ਦਾਇਰਾ ਹੋਰ ਵਧਾਇਆ ਜਾਵੇਗਾ।