ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਜਾ ਪੁਰੀ ਕਰ ਚੁੱਕੇ ਸਿੱਖ ਸਿਆਸੀ ਕੈਦੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿਚ ਦਿਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਬੇਲੋੜਾ ਅੜਿੱਕਾ ਪਾਉਣ ਦੀ ਸਖ਼ਤ ਸ਼ਬਦਾਂ ਨਾਲ ਨਿਖੇਧੀ ਕੀਤੀ । ਉਨ੍ਹਾਂ ਕਿਹਾ ਕਿ ਪ੍ਰੋ: ਭੁੱਲਰ ਦੀ ਰਿਹਾਈ ਦਾ ਮਾਮਲਾ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਅਤਿ ਸੰਵੇਦਨਸ਼ੀਲ ਮਾਮਲਾ ਹੈ। ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪ੍ਰੋ: ਭੁੱਲਰ ਦੀ ਰਿਹਾਈ ਪ੍ਰਤੀ ਪ੍ਰਵਾਨਗੀ ਦੇਣ ਦੇ ਬਾਵਜੂਦ ਦਿਲੀ ਦੀ ਕੇਜਰੀਵਾਲ ਸਰਕਾਰ ਨੇ ਪ੍ਰੋ: ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਦਿਆਂ ਸਿੱਖ ਹਿਰਦਿਆਂ ਨੂੰ ਗਹਿਰੀ ਚੋਟ ਪਹੁੰਚਾਉਣ ਤੋਂ ਇਲਾਵਾ ਸਿੱਖ ਵਿਰੋਧੀ ਹੋਣ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕੇਜਰੀਵਾਲ ਨੂੰ ਕਿਹਾ ਕਿ ਉਹ ਪ੍ਰੋ: ਭੁੱਲਰ ਨੂੰ ਨਜਾਇਜ਼ ਹਿਰਾਸਤ ਵਿਚ ਰੱਖ ਕੇ ਬੰਦੀ ਸਿੰਘਾਂ ਦਾ ਦੁਸ਼ਮਣ ਨਾ ਬਣੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸਿੱਖ ਕੈਦੀਆਂ ਨੂੰ ਛੱਡਣ ਪ੍ਰਤੀ ਚੰਗੇ ਕਦਮ ਉਠਾਏ ਹਨ, ਪਰ ਦਿਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਪ੍ਰੋ: ਭੁੱਲਰ ਨੂੰ ਰਿਹਾਅ ਨਾ ਕਰ ਕੇ ਮਨੁੱਖੀ ਅਤੇ ਕੈਦੀਆਂ ਦੇ ਅਧਿਕਾਰਾਂ ਦਾ ਹਨਨ ਕੀਤਾ ਜਾ ਰਿਹਾ ਹੈ। ਜਿਸ ਕਾਰਨ ਅੱਜ ਕੇਜਰੀਵਾਲ ਸਰਕਾਰ ਵਿਰੁੱਧ ਸਿੱਖ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦਿਲੀ ਸਰਕਾਰ ’ਤੇ ਸਿੱਖ ਕੈਦੀਆਂ ਨਾਲ ਵਿਤਕਰਾ ਕਰਨ ਦਾ ਵੀ ਦੋਸ਼ ਲਾਇਆ ਅਤੇ ਕਿਹਾ ਕਿ ’84 ਦੇ ਸਿੱਖ ਕਤਲੇਆਮ ਦੇ ਦੋਸ਼ੀ ਕਿਸ਼ੋਰੀ ਲਾਲ ਵਰਗੇ ਨੂੰ ਤਾਂ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਉਨ੍ਹਾਂ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਪ੍ਰੋ: ਭੁੱਲਰ ਨੇ ਲੰਮਾ ਅਰਸਾ ਜੇਲ੍ਹਾਂ ਵਿਚ ਸੰਤਾਪ ਭੋਗਿਆ ਉੱਥੇ ਹੀ ਪਰਿਵਾਰ ਨੂੰ ਵੀ ਸੰਤਾਪ ਝੱਲਣਾ ਪਿਆ, ਇਸੇ ਦੌਰਾਨ ਮਾਤਾ ਪਿਤਾ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਪ੍ਰੋ: ਭੁੱਲਰ ਦੀ ਰਿਹਾਈ ਸੰਬੰਧੀ ਫਾਈਲਾਂ ’ਤੇ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਤੁਰੰਤ ਦਸਤਖ਼ਤ ਨਾ ਕੀਤਾ ਤਾਂ ਸਿੱਖ ਕੇਜਰੀਵਾਲ ਨੂੰ ਕਦੀ ਮੁਆਫ਼ ਨਹੀਂ ਕਰਨਗੇ। ਇਸ ਦੇ ਨਾਲ ਹੀ ਦਮਦਮੀ ਟਕਸਾਲ ਦੇ ਮੁਖੀ ਨੇ ਕਿਹਾ ਕਿ ਜਿਵੇਂ ਮੋਦੀ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਬੰਦ 8 ਸਿੱਖ ਸਿਆਸੀ ਕੈਦੀਆਂ ਨੂੰ ਛੱਡਣ ਦਾ ਫ਼ੈਸਲਾ ਲਿਆ ਉਸੇ ਤਰਜ਼ ’ਤੇ ਬਾਕੀ ਰਹਿੰਦੇ ਸਿੱਖ ਸਿਆਸੀ ਕੈਦੀ ਜਿਨ੍ਹਾਂ ’ਚ , ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ ਮੀਤਾ, ਭਾਈ ਸ਼ਮਸ਼ੇਰ ਸਿੰਘ ਉਕਾਸੀ, ਭਾਈ ਜੱਗੀ ਜੌਹਲ ਤੇ ਹੋਰਨਾਂ ਨੂੰ ਜਲਦ ਰਿਹਾਅ ਕਰਨੇ ਚਾਹੀਦੇ ਹਨ। ਉਨ੍ਹਾਂ ਜੂਨ’84 ਦੌਰਾਨ ਬੈਰਕਾਂ ਛੱਡਣ ਵਾਲੇ ਸਿੱਖ ਫ਼ੌਜੀਆਂ ਨੂੰ ਇਨਸਾਫ਼ ਤੇ ਪੈਨਸ਼ਨ ਆਦਿ ਦੇਣ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ( ਸੰਨ 1982 -95 ) ਦੇ ਸੰਤਾਪ ਦੇ ਦਿਨਾਂ ਦੌਰਾਨ ਹਜ਼ਾਰਾਂ ਲੋਕ ਮਾਰੇ ਗਏ, ਉਕਤ ਦੌਰ ਦੀ ਤ੍ਰਾਸਦੀ ਨੂੰ ’’ਕੌਮੀ ਤ੍ਰਾਸਦੀ’’ ਮੰਨਦਿਆਂ ਮਾਨਵਤਾ ਦੇ ਅਧਾਰ ’ਤੇ ਬਿਨਾ ਕਿਸੇ ਭੇਦਭਾਵ ਸਭ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀਆਂ ਦੇਣ ਦੀ ਮੰਗ ਵੀ ਕੀਤੀ ਹੈ।
ਪ੍ਰੋ: ਭੁੱਲਰ ਦੀ ਰਿਹਾਈ ’ਚ ਅੜਿੱਕਾ ਬਣਿਆ ਰਿਹਾ ਤਾਂ ਕੇਜਰੀਵਾਲ ਨੂੰ ਸਿੱਖ ਕਦੀ ਮੁਆਫ਼ ਨਹੀਂ ਕਰਨਗੇ : ਬਾਬਾ ਹਰਨਾਮ ਸਿੰਘ ਖ਼ਾਲਸਾ
This entry was posted in ਪੰਜਾਬ.