ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵਿੱਚ ਦਿਲ ਦਹਿਲਾ ਦੇਣ ਵਾਲੇ ਅਪਰਾਧ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਸੈਂਕੜੇ ਪੋਸਟਾਂ ਸਾਹਮਣੇ ਆਈਆਂ ਹਨ ਕਿ ਇੱਕ 20 ਸਾਲਾ ਵਿਆਹੁਤਾ ਔਰਤ ਨੂੰ ਜਨਤਕ ਤੌਰ ‘ਤੇ ਫੜਿਆ ਗਿਆ, ਭੀੜ ਦੁਆਰਾ ਕੁੱਟਿਆ ਗਿਆ, ਉਸਦਾ ਮੂੰਹ ਕਾਲਾ ਕਰ ਦਿੱਤਾ ਗਿਆ ਅਤੇ ਉਸਦੇ ਵਾਲ ਕੱਟ ਦਿੱਤੇ ਗਏ। ਔਰਤ ਵੱਲੋਂ ਆਪਣੀ ਸ਼ਿਕਾਇਤ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ।
ਹੁਣ ਇਸ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਕਾਰਵਾਈ ਵੀ ਸ਼ੱਕ ਦੇ ਘੇਰੇ ਵਿੱਚ ਆ ਗਈ ਹੈ। ਐਡਵੋਕੇਟ ਹਰਪ੍ਰੀਤ ਸਿੰਘ ਹੋਰਾ ਨੇ ਉਪ ਰਾਜਪਾਲ, ਦਿੱਲੀ ਪੁਲਿਸ ਕਮਿਸ਼ਨਰ ਅਤੇ ਸੀਬੀਆਈ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ। ਧਿਆਨ ਯੋਗ ਹੈ ਕਿ ਇਸ ਲੜਕੀ ਦੀ ਭੈਣ ਨੇ 19 ਜਨਵਰੀ ਨੂੰ ਰਸਮੀ ਸ਼ਿਕਾਇਤ ਦੇ ਕੇ ਪੁਲਿਸ ਨੂੰ ਕਾਰਵਾਈ ਦੀ ਮੰਗ ਕੀਤੀ ਸੀ ਪਰ ਪੁਲਿਸ ਨੇ ਇਸ ‘ਤੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਹੁਣ ਰਾਜਧਾਨੀ ਦੀਆਂ ਸੜਕਾਂ ‘ਤੇ ਲੜਕੀ ਨਾਲ ਇਹ ਘਿਨੌਣਾ ਅਪਰਾਧ ਕੀਤਾ ਗਿਆ। ਜਿਸ ਕਾਰਨ ਪੂਰੀ ਦਿੱਲੀ ਵਿੱਚ ਔਰਤਾਂ ਦੀ ਸੁਰੱਖਿਆ ‘ਤੇ ਇੱਕ ਵਾਰ ਫਿਰ ਸਵਾਲੀਆ ਨਿਸ਼ਾਨ ਖੜ੍ਹਾ ਹੋ ਗਿਆ ਹੈ ।