ਲੁਧਿਆਣਾ : ਅੱਜ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਸੀਨੀਅਰ ਮੀਤ ਪ੍ਰਧਾਨ ਡਾ. ਸ਼ਿਆਮ ਸੁੰਦਰ ਦੀਪਤੀ ਅਤੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਪੰਜਾਬੀ ਭਵਨ, ਲੁਧਿਆਣਾ ਵਿਖੇ ਆਪਣਾ ਕਾਰਜਕਾਰ ਸੰਭਾਲਿਆ। ਇਸ ਮੌਕੇ ਪੰਜਾਬ ਭਰ ਤੋਂ ਪਹੁੰਚੇ ਵਿਦਵਾਨ/ਲੇਖਕਾਂ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਨਵੀਂ ਟੀਮ ਨੂੰ ਨਵੀਆਂ ਸੰਭਾਵਨਾਵਾਂ ਜਗਾਉਣ ਲਈ ਸੱਦਾ ਦਿੱਤਾ।
ਕੇਂਦਰੀ ਪੰਜਾਬੀ ਲੇਖਕ ਸਭ (ਸੇਖੋਂ) ਦੇ ਪ੍ਰਧਾਨ ਡਾ. ਤੇਜਵੰਤ ਮਾਨ ਹੋਰਾਂ ਨੇ ਕਿਹਾ ਕਿ ਪੰਜਾਬੀ ਭਵਨ ਦੇ ਪੁਸਤਕ ਬਾਜ਼ਾਰ ਨੂੰ ਪ੍ਰਫੁੱਲਤ ਕਰਨ ਲਈ ਨਵੀਂ ਟੀਮ ਨੂੰ ਇਸ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਥੀਏਟਰ ਵੱਲ ਵੀ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਅਤੇ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਅਤੇ ਕਲਾ ਪਰਿਸ਼ਦ ਨਵੀਂ ਚੁਣੀ ਗਈ ਟੀਮ ਨੂੰ ਪੂਰਨ ਸਹਿਯੋਗ ਦੇਣਗੇ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਸ. ਪ. ਸਿੰਘ ਹੋਰਾਂ ਨੇ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਨਵੇਂ ਚੁਣੇ ਪ੍ਰਬੰਧਕੀ ਬੋਰਡ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ। ਪੰਜਾਬੀ ਸਾਹਿਤ ਅਕਾਡਮੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਕਿਹਾ ਕਿ ਪਿਛਲੇ ਸਮਿਆਂ ਵਿਚ ਲੋਕ ਪੱਖੀ ਨਾਟਕਾਂ ਦਾ ਥੀਏਟਰ ’ਚ ਵੱਡਾ ਯੋਗਦਾਨ ਰਿਹਾ ਹੈ। ਨਾਟਕਾਂ ਦੀ ਸਕ੍ਰਿਪਟ ਸੰਬੰਧੀ ਮੁਕਾਬਲੇ ਵੀ ਹੋਣੇ ਚਾਹੀਦੇ ਹਨ। ਲੇਖਕਾਂ ਨੂੰ ਵਾਰਤਕ ਲਿਖਣ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਬਾਲ ਸਾਹਿਤ ਵੱਲ ਉਚੇਚਾ ਧਿਆਨ ਦੇਣ ਦੀ ਲੋੜ ਹੈ। ਬਾਲ ਸਾਹਿਤ ਨੂੰ ਉਤਸ਼ਾਹਤ ਕਰਨਾ ਸਾਡਾ ਸਾਰਿਆ ਦਾ ਫ਼ਰਜ਼ ਹੈ।
ਸ਼ਾਹੀ ਇਮਾਮ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਕਿਹਾ ਪੰਜਾਬੀ ਭਵਨ ਸ਼ਹਿਰ ਦੇ ਕੇਂਦਰ ਵਿਚ ਸਥਿਤ ਹੈ। ਨੌਜਵਾਨ ਪੀੜ੍ਹੀ ਨੂੰ ਪੰਜਾਬੀ ਪੜ੍ਹਨ ਤੇ ਪੰਜਾਬੀ ਭਵਨ ਦੀਆਂ ਗਤੀ ਵਿਧੀਆਂ ਵਿਚ ਸ਼ਮੂਲੀਅਤ ਕਰਨ ਲਈ ਪ੍ਰੇਰਿਆ ਜਾਣਾ ਬਹੁਤ ਜ਼ਰੂਰੀ ਹੈ
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਾਬਕਾ ਪ੍ਰਧਾਨ ਡਾ. ਸ. ਸ. ਜੌਹਲ ਹੋਰਾਂ ਨੇ ਨਵੀਂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਲਾਇਬ੍ਰੇਰੀ ਦਾ ਜਿਹੜਾ ਕੰਮ ਰੁਕਿਆ ਹੋਇਆ ਅਤੇ ਪੁਸਤਕ ਬਾਜ਼ਾਰ ਨੂੰ ਪ੍ਰਫੁੱਲਤ ਕਰਨ ਲਈ ਪਹਿਲ ਦੇ ਆਧਾਰ ਤੇ ਕੰਮ ਕਰਨਾ ਚਾਹੀਦਾ ਹੈ।
ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ ਹੋਰਾਂ ਜਿੱਥੇ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਸਭ ਦੀ ਜਾਣ ਪਛਾਣ ਕਰਵਾਉਂਦਿਆਂ ਕਿਹਾ ਕਿ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੀ ਪ੍ਰਫੁੱਲਤਾ ਲਈ ਕੰਮ ਕਰ ਰਹੀ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਨੂੰ ਸਹਿਯੋਗ ਕੀਤਾ ਜਾਵੇ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਹੋਰਾਂ ਪ੍ਰਧਾਨਗੀ ਦਾ ਅਹੁਦਾ ਸੰਭਾਲਦਿਆਂ ਕਿਹਾ ਇਹ ਚੋਣ ਬੜੀ ਸਦਭਾਵਨਾ ਨਾਲ ਹੋਈ ਹੈ। ਭਵਿੱਖ ਵਿਚ ਵੀ ਮਾਨਵਵਾਦੀ ਸੋਚ ਨਾਲ ਪੰਜਾਬੀ ਸਾਹਿਤ ਅਕਾਡਮੀ ਲਈ ਕੰਮ ਕਰਨਾ ਚਾਹੀਦਾ ਹੈ।
ਇਸ ਮੌਕੇ ਜਗਦੀਸ਼ ਪਾਲ ਸਿੰਘ ਗਰੇਵਾਲ ਵੱਲੋਂ ਦਿੱਤਾ ਇੱਕ ਲੱਖ ਰੁਪਏ ਦਾ ਚੈੱਕ ਅਕਾਡਮੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਤੇ ਉੱਘੇ ਕਹਾਣੀਕਾਰ ਸ੍ਰੀ ਸੁਖਜੀਤ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਨੂੰ ਭੇਟਾ ਕੀਤਾ ਗਿਆ। ਪਰਵਾਸੀ ਸ. ਸੁਰਿੰਦਰ ਸਿੰਘ ਸੁੰਨੜ ਨੇ ਅਕਾਡਮੀ ਦੀਆਂ ਗਤੀ ਵਿਧੀਆਂ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮ. ਸ. ਨਕਸ਼ਦੀਪ ਪੰਜਕੋਹਾ ਸ੍ਰੀ ਸੁਖਜੀਤ, ਸ੍ਰੀ ਦਰਸ਼ਨ ਬੁੱਟਰ, ਸਹਿਜਪ੍ਰੀਤ ਸਿੰਘ ਮਾਂਗਟ, ਤ੍ਰੈਲੋਚਨ ਲੋਚੀ, ਭਗਵੰਤ ਰਸੂਲਪੁਰੀ, ਡਾ. ਨਿਰਮਲ ਜੌੜਾ, ਡਾ. ਗੁਰਚਰਨ ਕੌਰ ਕੋਚਰ, ਸੁਰਿੰਦਰ ਸਿੰਘ ਸੁੰਨੜ, ਕੇ. ਸਾਧੂ ਸਿੰਘ, ਪਰਮਜੀਤ ਕੌਰ ਮਹਿਕ, ਹਰਬੰਸ ਮਾਲਵਾ, ਜਨਮੇਜਾ ਸਿੰਘ ਜੌਹਲ, ਡਾ. ਕੁਲਦੀਪ ਸਿੰਘ ਦੀਪ, ਸੰਧੂ ਵਰਿਆਣਵੀ, ਪਵਨ ਹਰਚੰਦਪੁਰੀ, ਗੁਲਜ਼ਾਰ ਸਿੰਘ ਸ਼ੌਕੀ, ਪ੍ਰਭਜੋਤ ਸੋਹੀ, ਰਵੀ ਰਵਿੰਦਰ, ਸੁਰਿੰਦਰ ਦੀਪ, ਸ੍ਰੀਮਤੀ ਊਸ਼ਾ ਦੀਪਤੀ, ਸਤੀਸ਼ ਗੁਲਾਟੀ, ਰੁਬੀਨਾ ਸ਼ਬਨਮ, ਕੁਲਵਿੰਦਰ, ਅਮਰਜੀਤ ਸ਼ੇਰਪੁਰੀ, ਸਰਬਜੀਤ ਵਿਰਦੀ ਸਮੇਤ ਕਾਫ਼ੀ ਗਿਣਤੀ ਵਿਚ ਲੇਖਕ ਅਹੁਦੇਦਾਰਾਂ ਨੂੰ ਮੁਬਾਰਕਬਾਦ ਦੇਣ ਪਹੁੰਚੇ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਜੌਹਲ, ਸੀਨੀਅਰ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਨੇ ਆਪਣਾ ਕਾਰਜਕਾਰ ਸੰਭਾਲਿਆ
This entry was posted in ਪੰਜਾਬ.