ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਹੋਈ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੇ ਹੁਣ ਇਸ ਘਟਨਾ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਹੈ । ਮ੍ਰਿਤਕ ਕਿਸਾਨਾਂ ਦੇ ਰਿਸ਼ਤੇਦਾਰਾਂ ਨੇ ਹਿੰਸਾ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ ਤੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।
ਅਦਾਲਤ ਅੰਦਰ ਦਾਖਿਲ ਕੀਤੀ ਗਈ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਫੈਸਲਾ ਦਿੰਦੇ ਹੋਏ ਹਾਈਕੋਰਟ ਨੇ ਆਸ਼ੀਸ਼ ਮਿਸ਼ਰਾ ਖਿਲਾਫ ਸਬੂਤਾਂ ਨੂੰ ਨਹੀਂ ਦੇਖਿਆ। ਪਿਛਲੇ ਚਾਰ ਮਹੀਨਿਆਂ ਤੋਂ ਹਿਰਾਸਤ ‘ਚ ਰਹੇ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ 10 ਫਰਵਰੀ ਨੂੰ ਜ਼ਮਾਨਤ ਦੇ ਦਿੱਤੀ ਸੀ। ਲਖੀਮਪੁਰ ਖੇੜੀ ‘ਚ ਪਿਛਲੇ ਸਾਲ 3 ਅਕਤੂਬਰ ਨੂੰ ਕਿਸਾਨਾਂ ਦੇ ਪ੍ਰਦਰਸ਼ਨ ਹਿੰਸਕ ਹੋ ਜਾਣ ਤੋਂ ਬਾਅਦ ਚਾਰ ਕਿਸਾਨਾਂ ਸਮੇਤ ਕੁੱਲ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਚਾਰ ਕਿਸਾਨਾਂ ਨੂੰ ਕਥਿਤ ਤੌਰ ‘ਤੇ ਇੱਕ ਐਸਯੂਵੀ ਕਾਰ ਨੇ ਕੁਚਲ ਦਿੱਤਾ ਸੀ। ਜਦੋਂਕਿ ਗੁੱਸੇ ਵਿੱਚ ਆਏ ਕਿਸਾਨਾਂ ਵੱਲੋਂ ਇੱਕ ਡਰਾਈਵਰ ਅਤੇ ਦੋ ਭਾਜਪਾ ਵਰਕਰਾਂ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਇਸ ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ। ਪੀੜਤ ਪਰਿਵਾਰ ਵਲੋਂ ਵਕੀਲ ਪ੍ਰਸ਼ਾਂਤ ਭੂਸ਼ਣ ਅਦਾਲਤ ਅੰਦਰ ਪੇਸ਼ ਹੋ ਰਹੇ ਹਨ ।