ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਅੱਜ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਕੌਮੀ ਪ੍ਰਧਾਨ ਸ. ਜਸਵਿੰਦਰ ਸਿੰਘ ਮਲਸ਼ੀਆ ਨੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਰਾਮ ਨਿਵਾਸ ਗੋਇਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ।
ਇਸ ਮੰਗ ਪੱਤਰ ਵਿੱਚ ਮਲਸ਼ੀਆ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਅਪੀਲ ਕਰਦਿਆਂ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਇੱਕ ਵੀ ਸਿੱਖ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਨਹੀਂ ਕੀਤਾ ਗਿਆ, ਜਿਸ ਕਾਰਨ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਵਿੱਚ ਸਿੱਖ ਭਾਈਚਾਰੇ ਨੂੰ ਹਮੇਸ਼ਾ ਪਹਿਲ ਦਿੱਤੀ ਗਈ ਹੈ ਅਤੇ ਕਿਸੇ ਨਾ ਕਿਸੇ ਵਿਭਾਗ ਦਾ ਮੰਤਰੀ ਸਿੱਖ ਬਣਾਇਆ ਗਿਆ ਹੈ। ਪਰ ਇਸ ਵਾਰ ਦਿੱਲੀ ਸਰਕਾਰ ਵੱਲੋਂ ਇੱਕ ਵੀ ਸਿੱਖ ਮੰਤਰੀ ਨਹੀਂ ਬਣਾਇਆ ਗਿਆ। ਜਿਸ ਕਾਰਨ ਜਾਪਦਾ ਹੈ ਕਿ ਦਿੱਲੀ ਸਰਕਾਰ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਅਣਗੋਲਿਆ ਕਰ ਰਹੀ ਹੈ।
ਉਨ੍ਹਾਂ ਸ੍ਰੀ ਗੋਇਲ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿੱਚ ਦਖਲ ਦੇਣ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਦਿੱਲੀ ਵਿੱਚ ਸਿੱਖ ਮੰਤਰੀ ਬਣਾਉਣ ਦੀ ਬੇਨਤੀ ਕਰਨ।