ਬਲਾਚੌਰ, (ਉਮੇਸ਼ ਜੋਸ਼ੀ):- ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਉਪਰਾਲੇ ਕਰ ਰਿਹਾ ਹੈ। ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਜੀ ਦੀ ਯੋਗ ਅਗਵਾਈ ਹੇਠ ਆਮ ਲੋਕਾਂ ਦਾ ਸਰਕਾਰੀ ਸਿਹਤ ਸੰਸਥਾਵਾਂ 0ਤੇ ਭਰੋਸਾ ਵਧਿਆ ਹੈ। ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਅੱਜ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦਾ ਅਚਨਚੇਤ ਦੌਰਾ ਕੀਤਾ ਅਤੇ ਹਸਪਤਾਲ ਦੀ ਓ.ਪੀ.ਡੀ., ਜੱਚਾ-ਬੱਚਾ ਵਾਰਡ, ਐਮਰਜੈਂਸੀ ਵਾਰਡ ਅਤੇ ਓਟ ਸੈਂਟਰ ਸਮੇਤ ਵੱਖ-ਵੱਖ ਵਾਰਡਾਂ ਵਿਖੇ ਆਮ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਹਸਪਤਾਲ ਵਿਚ ਦਾਖਲ ਮਰੀਜ਼ਾਂ ਦਾ ਹਾਲ-ਚਾਲ ਵੀ ਪੁੱਛਿਆ ਅਤੇ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਮੁਫ਼ਤ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਹਸਪਤਾਲ ਵਿੱਚ ਮੈਡੀਕਲ ਸਾਜੋ-ਸਮਾਨ ਦੀ ਚੈਕਿੰਗ ਵੀ ਕੀਤੀ।
ਇਸ ਮੌਕੇ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਹਸਪਤਾਲ ਵਿਚ 24 ਘੰਟੇ ਐਮਰਜੈਂਸੀ ਸੇਵਾਵਾਂ, ਦਵਾਈਆਂ ਦੀ ਉਪਲੱਬਧਤਾ ਅਤੇ ਸਾਫ-ਸਫਾਈ ਦੇ ਪ੍ਰਬੰਧਾਂ ਦਾ ਖਾਸ ਤੌਰ ਉੱਤੇ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਕੋਈ ਵੀ ਮਰੀਜ਼ ਖੱਜਲ-ਖੁਆਰ ਨਹੀਂ ਹੋਣਾ ਚਾਹੀਦਾ। ਲੋਕਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ਵਿਚ ਜਣੇਪਾ ਕਰਵਾਉਣ ਲਈ ਗਰਭਵਤੀ ਔਰਤਾਂ ਨੂੰ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ . ਕੁਲਵਿੰਦਰ ਮਾਨ ਨੇ ਸਿਵਲ ਸਰਜਨ ਨੂੰ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਹਸਪਤਾਲ ਵਿਖੇ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਰੋਜ਼ਾਨਾ 450 ਤੋਂ ਵੱਧ ਦੀ ਓਪੀਡੀ ਹੁੰਦੀ ਹੈ ਤੇ ਕਰੀਬ 550 ਤੋਂ ਵੱਧ ਮਰੀਜ਼ਾਂ ਦੇ ਟੈਸਟ ਕੀਤੇ ਜਾਂਦੇ ਹਨ। ਦਵਾਈਆਂ ਦੀ ਕੋਈ ਕਮੀ ਨਹੀਂ ਹੈ ਤੇ ਸਾਰੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ।
ਇਸ ਮੌਕੇ ਡਾ. ਢਾਂਡਾ ਨੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਮੁਫਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਉਨ੍ਹਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਪੀਏ ਅਜੇ ਕੁਮਾਰ, ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ, ਦੁਰਗੇਸ਼ ਕੁਮਾਰ ਤੇ ਜੋਗਿੰਦਰ ਦਾਸ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।