ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਲਖੀਮਪੁਰ ਖੇੜੀ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਦੇਂਦਿਆਂ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ ਅਤੇ ਅਦਾਲਤ ਨੇ ਆਸ਼ੀਸ਼ ਮਿਸ਼ਰਾ ਨੂੰ ਇੱਕ ਹਫ਼ਤੇ ਵਿੱਚ ਆਤਮ ਸਮਰਪਣ ਕਰਨ ਵਾਸਤੇ ਕਿਹਾ ਹੈ । ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਵੀ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪੀੜਤਾਂ ਨੂੰ ਹਰ ਕਾਰਵਾਈ ਵਿੱਚ ਸੁਣੇ ਜਾਣ ਦਾ ਅਧਿਕਾਰ ਹੈ ਜਦਕਿ ਮੌਜੂਦਾ ਮਾਮਲੇ ਵਿੱਚ ਪੀੜਤ ਨੂੰ ਸੁਣਵਾਈ ਦੇ ਅਧਿਕਾਰ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਅਦਾਲਤ ਵਲੋਂ ਦਸਿਆ ਗਿਆ ਕਿ ਇਸ ਮਾਮਲੇ ਵਿਚ ਹਾਈ ਕੋਰਟ ਨੇ ਕਈ ਅਪ੍ਰਸੰਗਿਕ ਵਿਚਾਰਾਂ ਨੂੰ ਧਿਆਨ ਵਿੱਚ ਰੱਖਿਆ ਹੈ ਅਤੇ ਉਦਾਹਰਣਾਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਅਦਾਲਤ ਨੇ ਕਿਹਾ ਕਿ ਹਾਈ ਕੋਰਟ ਨੂੰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਪੀੜਤ ਧਿਰਾਂ ਦੇ ਵਕੀਲ ਦੁਸ਼ਯੰਤ ਦਵੇ ਨੇ ਅਪੀਲ ਕੀਤੀ ਕਿ ਸੁਪਰੀਮ ਕੋਰਟ ਨੂੰ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਕਹਿਣਾ ਚਾਹੀਦਾ ਹੈ ਕਿ ਇਸ ਵਾਰ ਇਹ ਮਾਮਲਾ ਕਿਸੇ ਹੋਰ ਬੈਂਚ ਅੱਗੇ ਜਾਣਾ ਚਾਹੀਦਾ ਹੈ। ਸੀਜੇਆਈ ਨੇ ਕਿਹਾ ਕਿ ਅਜਿਹਾ ਹੁਕਮ ਦੇਣਾ ਉਚਿਤ ਨਹੀਂ ਹੋਵੇਗਾ ਅਤੇ ਸਾਨੂੰ ਯਕੀਨ ਹੈ ਕਿ ਉਹੀ ਜੱਜ ਇਸ ਮਾਮਲੇ ਦੀ ਦੁਬਾਰਾ ਸੁਣਵਾਈ ਨਹੀਂ ਕਰਨਾ ਚਾਹੇਗਾ।
ਧਿਆਨ ਯੋਗ ਹੈ ਕਿ 16 ਮਾਰਚ ਨੂੰ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਅਤੇ ਆਸ਼ੀਸ਼ ਮਿਸ਼ਰਾ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਸੀ ਕਿ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਿਉਂ ਨਾ ਕੀਤੀ ਜਾਵੇ। ਸੁਪਰੀਮ ਕੋਰਟ ਨੇ ਵੀ ਗਵਾਹ ‘ਤੇ ਹਮਲੇ ਦੇ ਮੁੱਦੇ ‘ਤੇ ਚਿੰਤਾ ਪ੍ਰਗਟਾਈ ਸੀ। ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਗਵਾਹਾਂ ਦੀ ਸੁਰੱਖਿਆ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵਿਸਤ੍ਰਿਤ ਜਵਾਬ ਮੰਗਿਆ ਸੀ ਅਤੇ ਯੂਪੀ ਸਰਕਾਰ ਨੂੰ ਸਾਰੇ ਗਵਾਹਾਂ ਦੀ ਸੁਰੱਖਿਆ ਕਰਨ ਦਾ ਨਿਰਦੇਸ਼ ਦਿੱਤਾ ਸੀ। ਪਟੀਸ਼ਨਕਰਤਾ ਦੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਇਕ ਮੁੱਖ ਸੁਰੱਖਿਅਤ ਗਵਾਹ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਸੀ ਅਤੇ ਹਮਲਾਵਰਾਂ ਨੇ ਧਮਕੀ ਦਿੱਤੀ ਗਈ ਸੀ ।
10 ਫਰਵਰੀ ਨੂੰ ਹਾਈ ਕੋਰਟ ਦੀ ਸਿੰਗਲ ਬੈਂਚ ਨੇ ਇਸ ਮਾਮਲੇ ਵਿੱਚ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਪਹਿਲਾਂ ਉਹ ਚਾਰ ਮਹੀਨੇ ਤੱਕ ਹਿਰਾਸਤ ਵਿੱਚ ਸੀ। ਇਸ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕ ਮਾਰੇ ਗਏ ਸਨ। ਜਿਕਰਯੋਗ ਹੈ ਕਿ ਪਿਛਲੇ ਸਾਲ 3 ਅਕਤੂਬਰ ਨੂੰ ਭਾਰਤੀ ਜਨਤਾ ਪਾਰਟੀ ਦੇ ਨੇਤਾ ਕੇਸ਼ਵ ਪ੍ਰਸਾਦ ਮੌਰਿਆ ਦੀ ਫੇਰੀ ਦਾ ਕਿਸਾਨਾਂ ਦਾ ਇਕ ਸਮੂਹ ਉਸ ਸਮੇਂ ਵਿਰੋਧ ਕਰ ਰਿਹਾ ਸੀ ਜਦੋਂ ਲਖੀਮਪੁਰ ਖੇੜੀ ਵਿਚ ਇਕ ਐਸਯੂਵੀ ਨੇ ਕਥਿਤ ਤੌਰ ‘ਤੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਗੁੱਸੇ ਵਿਚ ਆਏ ਪ੍ਰਦਰਸ਼ਨਕਾਰੀਆਂ ਨੇ ਕਥਿਤ ਤੌਰ ‘ਤੇ ਦੋ ਭਾਜਪਾ ਵਰਕਰਾਂ ਅਤੇ ਇਕ ਡਰਾਈਵਰ ਦੀ ਕੁੱਟਮਾਰ ਕੀਤੀ ਅਤੇ ਹਿੰਸਾ ਵਿਚ ਇਕ ਸਥਾਨਕ ਪੱਤਰਕਾਰ ਦੀ ਵੀ ਮੌਤ ਹੋ ਗਈ।