ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ 1995 ਕਤਲ ਦੇ ਨਾਮਜਦ ਦੋਸ਼ੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਲਗਭਗ 26 ਸਾਲ ਦੀ ਲੰਬੀ ਕੈਦ ਦੇ ਆਧਾਰ ‘ਤੇ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦੀ ਪਟੀਸ਼ਨ ‘ਤੇ ਦੋ ਮਹੀਨਿਆਂ ਦੇ ਅੰਦਰ-ਅੰਦਰ ਫੈਸਲਾ ਕਰਨ ਲਈ ਕੇਂਦਰ ਨੂੰ ਹੁਕਮ ਦਿੱਤਾ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਰਾਜੋਆਣਾ ਦੀ ਮੁਆਫੀ ‘ਤੇ ਫੈਸਲਾ ਲੈਣ ਲਈ 30 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਸੀ।
ਜਸਟਿਸ ਉਦੈ ਉਮੇਸ਼ ਲਲਿਤ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਇਸ ਮਾਮਲੇ ਅੰਦਰ ਕੇਸ ਦੇ ਦੂਜੇ ਸਹਿ-ਦੋਸ਼ੀਆਂ ਦੀਆਂ ਅਪੀਲਾਂ ਦਾ ਸੁਪਰੀਮ ਕੋਰਟ ਵਿੱਚ ਲੰਬਿਤ ਹੋਣ ਨਾਲ ਭਾਈ ਰਾਜੋਆਣਾ ਦੀ ਪਟੀਸ਼ਨ ਦਾ ਫੈਸਲਾ ਕਰਨ ਵਿੱਚ ਅਧਿਕਾਰੀਆਂ ਦੇ ਰਾਹ ਵਿੱਚ ਨਹੀਂ ਆਵੇਗਾ।
ਜਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਭਾਈ ਰਾਜੋਆਣਾ ਨੂੰ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਇੱਕ ਧਮਾਕੇ ਵਿੱਚ ਸ਼ਾਮਲ ਹੋਣ ਲਈ ਦੋਸ਼ੀ ਠਹਿਰਾਇਆ ਗਿਆ ਸੀ ਜਿਸ ਵਿੱਚ ਸਾਬਕਾ ਮੁੱਖਮੰਤਰੀ ਬੇਅੰਤ ਸਿੰਘ ਅਤੇ 16 ਹੋਰਾਂ ਦੀ ਮੌਤ ਹੋ ਗਈ ਸੀ। ਦੇਸ਼ ਦੀ ਸਿਖਰਲੀ ਅਦਾਲਤ ਭਾਈ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਹੈ ਕਿਉਂਕਿ ਉਹ ਪਿਛਲੇ 26 ਸਾਲਾਂ ਤੋਂ ਜੇਲ੍ਹ ਵਿਚ ਬੰਦ ਹੈ।
ਤੁਹਾਨੂੰ ਦਸ ਦੇਈਏ ਕਿ ਇੱਕ ਵਿਸ਼ੇਸ਼ ਅਦਾਲਤ ਨੇ ਜੁਲਾਈ 2007 ਵਿੱਚ ਇਸ ਕੇਸ ਅੰਦਰ ਭਾਈ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।
ਸੁਖਬੀਰ ਸਿੰਘ ਬਾਦਲ ਨੇ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਮੰਗ ਕੀਤੀ ਸੀ। ਉਨ੍ਹਾਂ ਲਿਖਿਆ ਕਿ 2019 ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨੇ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਵਾਅਦਾ ਕੀਤਾ ਸੀ। ਇਹ ਉਹ ਸਿੱਖ ਕੈਦੀ ਸਨ ਜਿਨ੍ਹਾਂ ਨੇ 20 ਸਾਲ ਤੋਂ ਵੱਧ ਸਮਾਂ ਜੇਲ੍ਹ ਕੱਟੀ ਹੈ। ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿੱਚ ਦਖਲ ਦੇ ਕੇ ਰਾਜੋਆਣਾ ਦੀ ਰਿਹਾਈ ਦੀ ਪ੍ਰਕਿਰਿਆ ਤੇਜ਼ ਕਰਨੀ ਚਾਹੀਦੀ ਹੈ।