ਅੰਮ੍ਰਿਤਸਰ-: ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਆਈ.ਏ.ਐਸ. ਅਧਿਕਾਰੀ ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦੇ ਲੋਕਾਂ ਲਈ ਅਨੇਕਾਂ ਭਲਾਈ ਸਕੀਮਾਂ ਚਲਾ ਰਹੀ ਹੈ, ਜਿਸ ਨੂੰ ਲੋਕਾਂ ਤੱਕ ਪਹੁੰਚਾਉਣਾ ਸੂਬਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਪਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਇਨ੍ਹਾਂ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਵਿੱਚ ਨਾਕਾਮ ਸਾਬਤ ਹੋਈ ਹੈ। ਜ਼ਿਲ੍ਹਾ ਭਾਜਪਾ ਪ੍ਰਧਾਨ ਸੁਰੇਸ਼ ਮਹਾਜਨ ਦੀ ਪ੍ਰਧਾਨਗੀ ਹੇਠ ਭਾਜਪਾ ਦਫ਼ਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਉਲੀਕੀ ਗਈ ਪ੍ਰੈੱਸ ਕਾਨਫ਼ਰੰਸ ‘ਚ ਡਾ. ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਾਰੀਆਂ ਸਕੀਮਾਂ ਦਾ ਲਾਭ ਜਨਤਾ ਤੱਕ ਪਹੁੰਚਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਜਗਮੋਹਨ ਰਾਜੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪ ਦਿਲਚਸਪੀ ਲੈਂਦਿਆਂ ਉਨ੍ਹਾਂ ਸਮੇਤ ਭਾਜਪਾ ਆਗੂਆਂ ਨੂੰ ਜਨਤਾ ਲਈ ‘ਪ੍ਰਧਾਨ ਮੰਤਰੀ ‘ਮੁਦਰਾ ਯੋਜਨਾ’ ਤਹਿਤ ਬੈਂਕ ਤੋਂ 10 ਲੱਖ ਰੁਪਏ ਤੱਕ ਦਾ ਬਿਨਾਂ ਗਰੰਟੀ ਕਰਜ਼ੇ ਦਾ ਲਾਭ ਪਹੁੰਚਾਉਣ ਦੇ ਹਦਾਇਤ ਦੇ ਅਮਲ ਕੀਤਾ ਜਾ ਰਿਹਾ ਹੈ। ‘ਸ਼ਿਸ਼ੂ ਲੋਨ’ ਤਹਿਤ 50,000 ਰੁਪਏ ਤੱਕ ਦਾ ਕਰਜ਼ਾ, ‘ਕਿਸ਼ੋਰ ਲੋਨ’ ਤਹਿਤ ਪਹਿਲਾਂ ਤੋਂ ਕਾਰੋਬਾਰ ਕਰਨ ਵਾਲੇ ਲੋਕਾਂ ਲਈ 50,000 ਤੋਂ 5 ਲੱਖ ਤੱਕ ਕਰਜ਼ਾ, ‘ਤਰੁਣ ਲੋਨ’ ਦੇ ਤਹਿਤ ਪਹਿਲਾਂ ਹੀ ਕਾਰੋਬਾਰ ਕਰ ਰਹੇ ਲੋਕਾਂ ਲਈ 5 ਲੱਖ ਤੋਂ 10 ਲੱਖ ਤਕ ਦਾ ਕਰਜ਼ਾ, ‘ਪ੍ਰਧਾਨ ਮੰਤਰੀ ਆਵਾਸ ਯੋਜਨਾ’ ਦੇ ਤਹਿਤ ਕਾਰੋਬਾਰ ਲਈ, ਬਿਨਾ ਘਰ ਵਾਲੇ ਗ਼ਰੀਬ ਲੋਕਾਂ ਲਈ ਘਰ, ‘ਪ੍ਰਧਾਨ ਮੰਤਰੀ ਉੱਜਵਲਾ ਯੋਜਨਾ’ ਆਦਿ ਵਰਗੀਆਂ ਹੋਰ ਬਹੁਤ ਸਾਰੀਆਂ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਜਿਸ ਬਾਰੇ ਪੰਜਾਬ ਸਰਕਾਰ ਨਾ ਤਾਂ ਬਹੁਤੇ ਲੋਕਾਂ ਨੂੰ ਦੱਸ ਰਹੀ ਹੈ ਅਤੇ ਨਾ ਹੀ ਪ੍ਰਚਾਰ ਕਰ ਰਹੀ ਹੈ। ਇਸ ਕੰਮ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਉਨ੍ਹਾਂ ਸਾਰੇ ਲੋਕਾਂ ਲਈ ਇੱਕ ਹੈਲਪਲਾਈਨ ਨੰਬਰ 88726-98208 ਅਤੇ ਈਮੇਲ ਜਸਰੳਜੁੳਮਰਟਿਸੳਰੑਗਮੳਲਿ.ਚੋਮ ਜਾਰੀ ਕੀਤਾ ਗਿਆ ਹੈ। ਹੁਣ ਤੱਕ 400 ਦੇ ਕਰੀਬ ਲੋਕਾਂ ਦੇ ਫਾਰਮ ਭਰੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਬੰਧਿਤ ਬੈਂਕ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ ਜਾ ਚੁੱਕੀ ਹੈ ਅਤੇ ਕੇਂਦਰ ਤੋਂ ਉਨ੍ਹਾਂ ਦੇ ਉੱਚ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਭਾਜਪਾ ਮੋਦੀ ਸਰਕਾਰ ਵੱਲੋਂ ਚਲਾਈਆਂ ਗਈਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਅੰਮ੍ਰਿਤਸਰ ਸਮੇਤ ਪੰਜਾਬ ਦੇ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।
ਜਗਮੋਹਨ ਰਾਜੂ ਨੇ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਪੈਦਾ ਕੀਤੇ ਬਿਜਲੀ ਸੰਕਟ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਿਰਵਿਘਨ ਬਿਜਲੀ ਦੇਣ ਵਿੱਚ ਨਾਕਾਮ ਰਹੀ ਹੈ। ਕੋਲੇ ਦੀ ਘਾਟ ਕਾਰਨ ਪੰਜਾਬ ਦੇ ਥਰਮਲ ਪਲਾਂਟਾਂ ਦੇ ਬੰਦ ਹੋਣ ਦੀ ਗੱਲ ਕਰਦਿਆਂ ਡਾ: ਰਾਜੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੋਦੀ ਸਰਕਾਰ ਵੱਲੋਂ ਪਹਿਲਾਂ ਹੀ ਇੱਕ ਲੱਖ ਮੀਟ੍ਰਿਕ ਟਨ ਕੋਲੇ ਦੀ ਵਾਧੂ ਅਲਾਟਮੈਂਟ ਕੀਤੀ ਜਾ ਚੁੱਕੀ ਹੈ। ਇਸ ਕੋਲੇ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕੋਲ ਇੰਡੀਆ ਨੂੰ ਪੈਸੇ ਦੇਣੇ ਸਨ, ਜੋ ਕਿ ਮੁੱਖ ਮੰਤਰੀ ਭਗਵੰਤ ਮਾਨ ਜਾਂ ਉਨ੍ਹਾਂ ਦੀ ਸਰਕਾਰ ਹੁਣ ਤੱਕ ਅਦਾ ਨਹੀਂ ਕਰ ਸਕੀ। ਇਸ ਕਾਰਨ ਪੰਜਾਬ ਕੋਲਾ ਚੁੱਕਣ ਵਿੱਚ ਅਸਫਲ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਥਰਮਲ ਪਲਾਂਟਾਂ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਬੰਦ ਕੀਤਾ ਜਾ ਰਿਹਾ ਹੈ।
ਡਾ. ਰਾਜੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਮੁਫ਼ਤ ਬਿਜਲੀ ਦੇਣ ਦੇ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਅਸਲ ਵਿੱਚ ਲੋਕਾਂ ਨੂੰ ਸਹੂਲਤ ਦੇਣ ਦੀ ਦਿਲੀ ਇੱਛਾ ਨਹੀਂ ਰੱਖਦੀ। ਆਪਣੀ ਸਾਖ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨਾਲ ਰੋਜ਼ਾਨਾ ਝੂਠ ਬੋਲਿਆ ਜਾ ਰਿਹਾ ਹੈ। ਹੁਣ ਤੱਕ ਡੇਢ ਮਹੀਨੇ ‘ਚ ਭਗਵੰਤ ਮਾਨ ਵੱਲੋਂ ਬਾਜ਼ਾਰ ਤੋਂ ਵੱਖ-ਵੱਖ ਵਿਆਜ ਦਰਾਂ ‘ਤੇ 4000 ਕਰੋੜ ਤੋਂ ਵੱਧ ਦਾ ਕਰਜ਼ਾ ਲਿਆ ਜਾ ਚੁੱਕਿਆ ਹੈ। ਜਿਸ ਦੀ ਦੁਰਵਰਤੋਂ ਉਸ ਵੱਲੋਂ ਬਾਹਰਲੇ ਹੋਰਨਾਂ ਸੂਬਿਆਂ ’ਚ ਝੂਠੀ ਇਸ਼ਤਿਹਾਰਬਾਜ਼ੀ ’ਤੇ ਖ਼ਰਚੇ ਜਾ ਰਹੇ ਹਨ। ਜੇਕਰ ਭਗਵੰਤ ਮਾਨ ਇਸੇ ਤਰ੍ਹਾਂ ਮੰਡੀ ਤੋਂ ਕਰਜ਼ਾ ਲੈਂਦੇ ਰਹੇ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵੀ ਸ੍ਰੀਲੰਕਾ ਵਾਂਗ ਦੀਵਾਲੀਆ ਹੋ ਜਾਵੇਗਾ।
ਉਨ੍ਹਾਂ ਦਿੱਲੀ ਦੇ ਨੌਜਵਾਨ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਵੱਲੋਂ ਚੁੱਕਣ ਨੂੰ ਸਿਆਸੀ ਰੰਜਿਸ਼ ਕਰਾਰ ਦਿੰਦਿਆਂ ਕਿਹਾ ਕਿ ਇਹ ਸਭ ਕੁਝ ਲੋਕਤੰਤਰ ਅਤੇ ਸੰਵਿਧਾਨ ਦੇ ਨਿਯਮਾਂ ਦੇ ਉਲਟ ਹੈ ਅਤੇ ਇਹ ਸਬ ਕੇਜਰੀਵਾਲ ਦੇ ਇਸ਼ਾਰੇ ‘ਤੇ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੇ ਹੱਥਾਂ ਦੀ ਕਠਪੁਤਲੀ ਹੈ, ਜਿਸ ਨੂੰ ਪੰਜਾਬ ਅਤੇ ਪੰਜਾਬੀਅਤ ਦਾ ਕੋਈ ਗਿਆਨ ਨਹੀਂ ਹੈ।
ਇਸ ਮੌਕੇ ਸੂਬਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ, ਸੂਬਾ ਓਬੀਸੀ ਮੋਰਚਾ ਦੇ ਜਨਰਲ ਸਕੱਤਰ ਕੰਵਰਬੀਰ ਸਿੰਘ ਮੰਜ਼ਿਲ, ਜ਼ਿਲ੍ਹਾ ਸਕੱਤਰ ਸਤਪਾਲ ਡੋਗਰਾ, ਐਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਕੁਮਾਰ, ਮੰਡਲ ਪ੍ਰਧਾਨ ਰਮਨ ਸ਼ਰਮਾ, ਵਿਨੋਦ ਬੱਬਲ, ਰਾਕੇਸ਼ ਮਹਾਜਨ, ਪ੍ਰੋ. ਸਰਚਾਂਦ ਸਿੰਘ ਖਿਆਲਾ ਆਦਿ ਹਾਜ਼ਰ ਸਨ।