ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੇ 100 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ ਬੈਠਕ ਦੌਰਾਨ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਇਕ ਵਿਸ਼ੇਸ਼ ਜਥਾ ਲੈ ਕੇ ਜਾਣ ਦੇ ਨਾਲ-ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਵਿਸ਼ੇਸ਼ ਸਮਾਗਮ ਸਜਾਉਣ ਦਾ ਫੈਸਲਾ ਕੀਤਾ ਗਿਆ ਹੈ। ਚੰਡੀਗੜ੍ਹ ਸਥਿਤ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ਼ਤਾਬਦੀ ਕਮੇਟੀ ਦੀ ਇਕੱਤਰਤਾ ਦੌਰਾਨ ਇਸ ਇਤਿਹਾਸਕ ਮੌਕੇ ’ਤੇ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਤੈਅ ਕਰਦਿਆਂ ਭਾਰਤ ਅਤੇ ਪਾਕਿਸਤਾਨ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਤੋਂ ਇਲਾਵਾ ਵੱਖ-ਵੱਖ ਭਾਸ਼ਾਵਾਂ ਵਿਚ ਸ੍ਰੀ ਪੰਜਾ ਸਾਹਿਬ ਸਾਕੇ ਦੇ ਸ਼ਹੀਦਾਂ ਸਬੰਧੀ ਕਿਤਾਬਚੇ ਤਿਆਰ ਕਰਵਾ ਕੇ ਵੰਡਣ ਅਤੇ ਸਕੂਲਾਂ ਕਾਲਜਾਂ ਵਿਚ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਕਰਵਾਉਣ ’ਤੇ ਮੋਹਰ ਲਗਾਈ ਗਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 30 ਅਕਤੂਬਰ 2022 ਨੂੰ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਪੰਥਕ ਜਾਹੋ-ਜਲਾਲ ਮਨਾਈ ਜਾਵੇਗੀ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਤਿਆਰੀਆਂ ਆਰੰਭੀਆਂ ਹਨ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਜਥਾ ਸ਼ਾਮਲ ਹੋਵੇਗਾ। ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਸਬੰਧੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਕਾਰ ਦੇ ਸਬੰਧਤ ਵਿਭਾਗ ਨਾਲ ਵਿਚਾਰ-ਵਟਾਂਦਰੇ ਲਈ ਇਕ ਵਫ਼ਦ ਪਾਕਿਸਤਾਨ ਭੇਜਿਆ ਜਾਵੇਗਾ। ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਵੀਜ਼ਾ ਫੀਸ ਆਦਿ ਦੇ ਖਰਚੇ ਧਰਮ ਪ੍ਰਚਾਰ ਕਮੇਟੀ ਕਰੇਗੀ। ਉਨ੍ਹਾਂ ਕਿਹਾ ਕਿ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਸਬੰਧੀ 29 ਤੇ 30 ਅਕਤੂਬਰ ਨੂੰ ਦੋ ਦਿਨਾਂ ਵਿਸ਼ਾਲ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਵੀ ਕਰਵਾਇਆ ਜਾਵੇਗਾ, ਜਿਸ ਵਿਚ ਪੰਥ ਦੀ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਇਸੇ ਤਰ੍ਹਾਂ ਇਕ ਸਮਾਗਮ 22 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਸੇ ਤਰ੍ਹਾਂ ਗੁਰਦੁਆਰਾ ਗੁਰੂ ਕੇ ਬਾਗ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਵੀ ਵਿਸ਼ਾਲ ਪੱਧਰ ’ਤੇ ਮਨਾਈ ਜਾਵੇਗੀ, ਜਿਸ ਸਬੰਧ ਵਿਚ 30 ਅਗਸਤ 2022 ਨੂੰ ਗੁਰਦੁਆਰਾ ਗੁਰੂ ਕਾ ਬਾਗ ਘੁਕੇਵਾਲੀ ਅੰਮ੍ਰਿਤਸਰ ਵਿਖੇ ਸਮਾਗਮ ਹੋਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਹਾਂ ਸ਼ਤਾਬਦੀਆਂ ਦੇ ਸਬੰਧ ਵਿਚ ਵਿਸ਼ੇਸ਼ ਇਤਿਹਾਸਕ ਕਿਤਾਬਚੇ ਵੱਖ-ਵੱਖ ਭਾਸ਼ਾਵਾਂ ਵਿਚ ਤਿਆਰ ਕਰਕੇ ਵੰਡੇ ਜਾਣਗੇ ਅਤੇ ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲਾਂ ਕਾਲਜਾਂ ਵਿਚ ਧਾਰਮਿਕ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਵੇਗਾ। ਇਸੇ ਤਰ੍ਹਾਂ ਸ਼ਤਾਬਦੀ ਨੂੰ ਸਮਰਪਿਤ ਇਤਿਹਾਸਕ ਚਿੱਤਰਪ੍ਰਦਰਸ਼ਨੀ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਜਾਵੇਗੀ, ਜਿਸ ਵਿਚ ਉਸ ਸਮੇਂ ਦੇ ਵਾਕਿਆਤ ਨੂੰ ਤਸਵੀਰਾਂ ਰਾਹੀਂ ਦਰਸਾਇਆ ਜਾਵੇਗਾ। ਗੁਰਦੁਆਰਾ ਗੁਰੂ ਕਾ ਬਾਗ ਮੋਰਚਾ ਅਤੇ ਸਾਕਾ ਸ੍ਰੀ ਪੰਜਾ ਸਾਹਿਬ ਦੇ ਇਤਿਹਾਸ ਬਾਰੇ ਦਸਤਾਵੇਜੀ ਡਾਕੂਮੈਂਟਰੀਆਂ ਵੀ ਤਿਆਰ ਕੀਤੀਆਂ ਜਾਣਗੀਆਂ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿ: ਸੁਰਿੰਦਰ ਸਿੰਘ, ਅੰਤ੍ਰਿੰਗ ਮੈਂਬਰ ਸ. ਅਮਰਜੀਤ ਸਿੰਘ ਬੰਡਾਲਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸਕੱਤਰ ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਯਾਤਰਾ ਵਿਭਾਗ ਦੇ ਇੰਚਾਰਜ ਸ. ਬਲਵਿੰਦਰ ਸਿੰਘ ਖੈਰਾਬਾਦ ਆਦਿ ਮੌਜੂਦ ਸਨ।