ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 1984 ਵਿਚ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੀ ਹਰਿਮੰਦਿਰ ਸਾਹਿਬ ’ਤੇ ਫੌਜੀ ਹਮਲਾ ਹੋਣ ਦੀ ਵਰ੍ਹੇਗੰਢ ਗੁਰਮਤਿ ਸਮਾਗਮ ਕਰਕੇ ਮਨਾਈ ਗਈ। ਇਸ ਮੌਕੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਕੀਰਤਨ ਦਰਬਾਰ ਸਜਾਏ ਗਏ।
ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਹ ਅਰਦਾਸ ਸਮਾਗਮ ਅਸੀਂ ਹਰ ਸਾਲ 4 ਜੂਨ ਨੁੰ ਮਨਾਉਂਦੇ ਹਾਂ ਜਦੋਂ ਜੂਨ ਦੇ ਪਹਿਲੇ ਹਫਤੇ ਉਸ ਵੇਲੇ ਦੀ ਕਾਂਗਰਸ ਸਰਕਾਰ ਨੇ 1984 ਵਿਚ ਸ੍ਰੀ ਅਕਾਲ ਤਖਤ ਸਾਹਿਬ ’ਤੇ ਤੋਪਾਂ ਨਾਲ ਹਮਲਾ ਕੀਤਾ ਤੇ ਸ੍ਰੀ ਹਰਿਮੰਦਿਰ ਸਾਹਿਬ ਨੁੰ ਵੀ ਗੋਲੀਆਂ ਨਾਲ ਛਲਣੀ ਕੀਤਾ। ਉਹਨਾਂ ਕਿਹਾ ਕਿ ਦੁਨੀਆਂ ਵਿਚ ਸ਼ਾਇਦ ਹੀ ਕੋਈ ਸਿੱਖ ਹੋਵੇ, ਜੋ ਇਸ ਦਿਨ ਨੂੰ ਕਦੇ ਭੁਲਾ ਸਕੇਗਾ। ਉਹਨਾਂ ਕਿਹਾ ਕਿ ਉਸ ਕਾਲੇ ਦਿਨ ਨੁੰ ਅਸੀਂ 38 ਸਾਲਾਂ ਬਾਅਦ ਵੀ ਯਾਦ ਕਰਦੇ ਹਾਂ ਤੇ ਜਿਹੜੇ ਸਿੰਘਾਂ ਤੇ ਸਿੰਘਣੀਆਂ ਨੇ ਉਸ ਵੇਲੇ ਸ੍ਰੀ ਅਕਾਲ ਤਖਤ ਸਾਹਿਬ ਤੇ ਸ੍ਰੀ ਹਰਿਮੰਦਿਰ ਸਾਹਿਬ ਦੀ ਰਾਖੀ ਵਾਸਤੇ ਆਪਣੀਆਂ ਸ਼ਹਾਦਤਾਂ ਦਿੱਤੀਆਂ, ਉਹਨਾਂ ਨੁੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਾਂ।
ਉਹਨਾਂ ਕਿਹਾ ਕਿ ਉਸ ਵੇਲੇ ਦੀ ਕਾਂਗਰਸ ਸਰਕਾਰ ਨੇ ਸਾਡੇ ਗੁਰਧਾਮਾਂ ’ਤੇ ਹਮਲਾ ਕਰ ਕੇ ਉਸ ਸਿੱਖ ਸੋਚ ਨੁੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਿਸ ਕੌਮ ਨੇ ਇਸ ਦੇਸ਼ ਦੀ ਆਜ਼ਾਦੀ ਵਿਚ ਸਭ ਤੋਂ ਵੱਧ ਯੋਗਦਾਨ ਪਾਇਆ। ਉਹਨਾਂ ਕਿਹਾ ਕਿ ਇਸ ਤੋਂ ਵੱਡਾ ਸ਼ਰਮ ਵਾਲਾ ਦਿਨ ਦੇਸ਼ ਦੇ ਇਤਿਹਾਸ ਵਿਚ ਨਹੀਂ ਹੋ ਸਕਦਾ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਜਿਸ ਮਹਾਨ ਜਰਨੈਲ ਨੁੰ ਫੜਨ ਵਾਸਤੇ ਉਸ ਗੁਰਦੁਆਰਾ ਕੰਪਲੈਕਸ ਅੰਦਰ ਫੌਜਾਂ ਭੇਜੀਆਂ ਗਈਆਂ, ਉਸਦੇ ਖਿਲਾਫ ਕਿਸੇ ਵੀ ਪੁਲਿਸ ਥਾਣੇ ਜਾਂ ਚੌਕੀ ਵਿਚ ਇਕ ਵੀ ਐਫ ਆਈ ਆਰ ਦਰਜ ਨਹੀਂ ਸੀ। ਉੁਹਨਾਂ ਕਿਹਾ ਕਿ ਇਹ ਸਿਰਫ ਇਕ ਜਰਨੈਲ ਜਾਂ ਵਿਅਕਤੀ ’ਤੇ ਨਹੀਂ ਬਲਕਿ ਸਮੁੱਚੀ ਕੌਮ ’ਤੇ ਹਮਲਾ ਕੀਤਾ ਗਿਆ। ਉਹਨਾਂ ਕਿਹਾ ਕਿ ਇਹ ਬਹੁਤ ਹੀ ਅਫਸੋਸ ਵਾਲੀ ਗੱਲ ਹੈ ਕਿ ਸਾਡੇ ਕੁਝ ਲੋਕ ਅੱਜ ਵੀ ਉਹਨਾਂ ਦੇ ਝੋਲੀ ਚੁੱਕ ਬਣੇ ਹੋਏ ਹਨ ਜਿਹਨਾਂ ਨੇ 1984 ਕੀਤੀ ਤੇ ਫਿਰ ਕਤਲੇਆਮ ਕਰਵਾਇਆ।
ਉਹਨਾਂ ਕਿਹਾ ਕਿ ਅੱਜ ਸਮਾਂ ਹੈ ਕਿ ਜਦੋਂ ਅਸੀਂ ਆਪਣੇ ਗੁਰੂ ਨੁੰ ਮੰਨਦੇ ਹਾਂ ਤਾਂ ਗੁਰੂ ਸਾਹਿਬ ਦੀ ਗੱਲ ਵੀ ਮੰਨਣੀ ਸ਼ੁਰੂ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅਸੀਂ ਹਮੇਸ਼ਾ ਚੜ੍ਹਦੀਕਲਾ ਵਿਚ ਰਹਿਣਾ ਹੈ। ਉਹਨਾਂ ਕਿਹਾ ਕਿ ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੀ ਪਨੀਰੀ ਨੁੰ ਬਾਣੀ ਤੇ ਬਾਣੇ ਨਾਲ ਜੋੜੀਏ। ਉਹਨਾਂ ਕਿਹਾ ਕਿ ਇਸ ਕੰਮ ਵਿਚ ਸੰਗਤਾਂ ਦਾ ਬਹੁਤ ਵੱਡਾ ਸਹਿਯੋਗ ਚਾਹੀਦਾ ਹੈ।
ਇਸ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਪ੍ਰਧਾਨ ਸ. ਜਸਪ੍ਰੀਤ ਸਿੰਘ ਕਰਮਸਰ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਤਿਹਾਸ ਗਵਾਹ ਹੈ ਜਦੋਂ ਵੀ ਸਰਕਾਰਾਂ ਵੱਲੋਂ ਸਿੱਖਾਂ ਨਾਲ ਧੱਕਾ ਕਰਨ ਦੀ ਕੋਸ਼ਿਸ਼ ਹੋਈ ਤਾਂ ਕੌਮ ਨੇ ਇਕਜੁੱਟ ਹੋ ਕੇ ਉਸ ਦਾ ਡਟ ਕੇ ਮੁਕਾਬਲਾ ਕੀਤਾ। ਉਨ੍ਹਾ ਕਿਹਾ ਕਿ ਸਿੱਖ ਕੌਮ ਆਪਣੇ ਸ਼ਹੀਦਾਂ ਨੂੰ ਪੂਰਾ ਸਤਿਕਾਰ ਦਿੰਦੀ ਹੈ, ਇਸ ਲਈ ਅਜਿਹੇ ਸਮਾਗਮਾਂ ਰਾਹੀਂ ਸ਼ਹੀਦਾਂ ਨੂੰ ਯਾਦ ਕਰਦੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਆਤਮਾ ਸਿੰਘ ਲੁਬਾਣਾ ਮੀਤ ਪ੍ਰਧਾਨ, ਕਮੇਟੀ ਮੈਂਬਰ ਗੁਰਦੇਵ ਸਿੰਘ ਮੈਂਬਰ, ਅਮਰਜੀਤ ਸਿੰਘ ਪਿੰਕੀ ਤੇ ਵਡੀ ਗਿਣਤੀ ਵਿਚ ਸੰਗਤ ਮੌਜੁਦ ਰਹੀ।