ਬਲਾਚੌਰ,(ਉਮੇਸ਼ ਜੋਸ਼ੀ) -: ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਬਲਾਕ ਬਲਾਚੌਰ ਵਿੱਚ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ 0 ਤੋਂ 5 ਸਾਲ ਦੇ 549 ਪ੍ਰਵਾਸੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।
ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਨੇ ਦੱਸਿਆ ਕਿ ਬਲਾਕ ਵਿੱਚ ਕੁੱਲ 549 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ, ਜਿਨ੍ਹਾਂ ਵਿੱਚ ਸ਼ਹਿਰੀ ਇਲਾਕਿਆਂ ਦੇ 167 ਬੱਚੇ ਤੇ ਪੇਂਡੂ ਖੇਤਰਾਂ ਦੇ 382 ਬੱਚੇ ਸ਼ਾਮਲ ਸਨ।ਉਨ੍ਹਾਂ ਦੱਸਿਆ ਕਿ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਤਹਿਤ ਜਿਹੜੇ ਬੱਚੇ ਪਹਿਲੇ ਦਿਨ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝੇ ਰਹਿ ਜਾਣਗੇ, ਉਨ੍ਹਾਂ ਨੂੰ 20 ਜੂਨ ਅਤੇ 21 ਜੂਨ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਡਾ. ਮਾਨ ਨੇ ਦੱਸਿਆ ਕਿ ਸਾਲ 2011 ਤੋਂ ਬਾਅਦ ਭਾਰਤ ਵਿੱਚ ਪੋਲੀਓ ਦਾ ਕੋਈ ਵੀ ਕੇਸ ਨਹੀਂ ਨਿਕਲਿਆ, ਪਰ ਗੁਆਂਢੀ ਦੇਸ਼ਾਂ ਪਾਕਿਸਤਾਨ ਤੇ ਅਫਗਾਨਿਸਤਾਨ ਵਿਚ ਪੋਲੀਓ ਦੇ ਕੇਸ ਪਾਏ ਜਾ ਰਹੇ ਹਨ, ਜਿਸ ਕਰਕੇ ਭਾਰਤ ਉੱਤੇ ਇਸ ਬਿਮਾਰੀ ਦਾ ਖਤਰਾ ਮੰਡਰਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕਜੁੱਟ ਹੋ ਕੇ ਬਲਾਕ ਵਿਚ ਇਸ ਮੁਹਿੰਮ ਨੂੰ ਸਫਲ ਬਣਾਈਏ ਤਾਂ ਜੋ ਇਸ ਬਿਮਾਰੀ ਨੂੰ ਮੁੜ ਸਿਰ ਚੁੱਕਣ ਤੋਂ ਰੋਕਿਆ ਜਾ ਸਕੇ।ਇਸ ਦੌਰਾਨ ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ ਨੇ ਦੱਸਿਆ ਕਿ ਬਲਾਕ ਵਿਚ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਕੁੱਲ 12 ਟੀਮਾਂ ਕਾਰਜਸ਼ੀਲ ਹਨ। ਇਸ ਤੋਂ ਇਲਾਵਾ ਤਿੰਨ ਸੁਪਰਵਾਈਜ਼ਰਾਂ ਵੱਲੋਂ ਸਮੁੱਚੀ ਪੋਲੀਓ ਰੋਕੂ ਮੁਹਿੰਮ ਦੀ ਨਿਗਰਾਨੀ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹਾਈ ਰਿਸਕ ਖੇਤਰਾਂ ਝੁੱਗੀਆਂ-ਝੌਂਪੜੀਆਂ, ਗੁੱਜਰਾਂ ਦੇ ਡੇਰਿਆਂ, ਇੱਟਾਂ ਦੇ ਭੱਠਿਆਂ, ਉਸਾਰੀ ਅਧੀਨ ਇਮਾਰਤਾਂ ਅਤੇ ਦੂਜੇ ਰਾਜਾਂ ਤੋਂ ਆਏ ਪ੍ਰਵਾਸੀ ਵਿਅਕਤੀਆਂ ਦੇ ਬੱਚਿਆਂ ਨੂੰ ਇਸ ਤਿੰਨ ਦਿਨਾਂ ਮੁਹਿੰਮ ਦੌਰਾਨ ਕਵਰ ਕੀਤਾ ਜਾ ਰਿਹਾ ਹੈ।